By Gurlal
25 ਜੁਲਾਈ ਤੱਕ ਜ਼ਿਲੇ ’ਚ ਵੈਕਸੀਨੇਸ਼ਨ ਕੀਤੀ ਜਾਵੇਗੀ ਮੁਕੰਮਲ : ਡਿਪਟੀ ਕਮਿਸ਼ਨਰ
ਕੈਂਪ ਲਗਾਉਣ ਵਾਲੀਆਂ ਟੀਮਾਂ ਸਵੇਰੇ 9 ਵਜੇ ਤੋਂ ਪਹਿਲਾਂ ਨਿਰਧਾਰਿਤ ਸਥਾਨਾਂ ਤੇ ਪਹੁੰਚਣਾ ਬਣਾਉਣ ਯਕੀਨੀ
ਪੰਚ, ਸਰਪੰਚ, ਨੰਬਰਦਾਰ ਤੇ ਪ੍ਰਮੁੱਖ ਸਖ਼ਸ਼ੀਅਤਾਂ ਵੈਕਸੀਨੇਸ਼ਨ ਕਰਵਾਉਣਾ ਬਣਾਉਣ ਲਾਜ਼ਮੀ
ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਲਿਆ ਜਾਵੇ ਪੂਰਨ ਸਹਿਯੋਗ
ਬਠਿੰਡਾ, 21 ਜੂਨ : ਕਰੋਨਾ ਮਹਾਂਮਾਰੀ ਦੀ ਦੂਸਰੀ ਵੇਵ ਦਾ ਮੌਜੂਦਾ ਸਮੇਂ ਭਾਵੇਂ ਪ੍ਰਕੋਪ ਦਿਨ-ਬ-ਦਿਨ ਘੱਟ ਰਿਹਾ ਹੈ ਪਰ ਫ਼ਿਰ ਵੀ ਸਾਨੂੰ ਇਸ ਤੋਂ ਸਾਵਧਾਨ ਰਹਿਣ ਦੀ ਵਧੇਰੇ ਜ਼ਰੂਰਤ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੇ ਸੰਭਾਵੀਂ ਤੀਜੀ ਵੇਵ ਦੇ ਟਾਕਰੇ ਲਈ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਰੋਨਾ ਵੈਕਸੀਨੇਸ਼ਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ 25 ਜੁਲਾਈ ਤੱਕ ਜ਼ਿਲੇ ਦੇ ਪਿੰਡਾਂ ’ਚ ਕਰੋਨਾ ਵੈਕਸੀਨੇਸ਼ਨ ਮੁਕੰਮਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਨਾਲ ਸਬੰਧਤ ਐਸ.ਡੀ.ਐਮਜ਼. ਨੂੰ ਆਦੇਸ਼ ਦਿੱਤੇ ਕਿ ਉਹ ਬੀ.ਡੀ.ਪੀ.ਓਜ਼ ਤੇ ਐਸ.ਐਮ.ਓਜ਼ ਨਾਲ ਸਾਂਝੀ ਕਮੇਟੀ ਬਣਾ ਕੇ ਉਪ ਮੰਡਲ ਪੱਧਰ ’ਤੇ ਵੱਧ ਤੋਂ ਵੱਧ ਕਰੋਨਾ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਪਿੰਡਾਂ ਵਿਚ ਵੱਧ ਤੋਂ ਵੱਧ ਕੈਂਪ ਲਗਾ ਕੇ ਕਰੋਨਾ ਵੈਕਸੀਨੇਸ਼ਨ ਕੀਤੀ ਜਾਵੇ। ਪਿੰਡਾਂ ਦੇ ਪੰਚਾਂ, ਸਰਪੰਚਾਂ ਤੇ ਨੰਬਰਦਾਰਾਂ ਤੇ ਹੋਰ ਸਖ਼ਸ਼ੀਅਤਾਂ ਦੀ ਕਰੋਨਾ ਵੈਕਸੀਨੇਸ਼ਨ ਕਰਨੀ ਯਕੀਨੀ ਬਣਾਈ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਵੈਕਸੀਨੇਸ਼ਨ ਤੋਂ ਇੱਕ ਦਿਨ ਪਹਿਲਾਂ ਸਬੰਧਤ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਲਈ ਪਿੰਡ ਦੇ ਧਾਰਮਿਕ ਸਥਾਨਾਂ ਰਾਹੀਂ ਅਨਾਊਂਸਮੈਂਟ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਪਿੰਡ ਵਾਸੀ ਇਸ ਦਾ ਲਾਭ ਲੈ ਸਕਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਕੂਲਾਂ ਚ ਲੱਗਣ ਵਾਲੇ ਕਰੋਨਾ ਵੈਕਸੀਨੇਸ਼ਨ ਕੈਂਪਾਂ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਨ ਸਹਿਯੋਗ ਦਿੱਤਾ ਜਾਵੇ ਤੇ ਸਬੰਧਤ ਸਕੂਲਾਂ ਦੇ ਸਟਾਫ਼ ਦੀ ਵੀ ਕਰੋਨਾ ਵੈਕਸੀਨੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਉਣ ਵਾਲੀਆਂ ਟੀਮਾਂ ਸਵੇਰੇ 9 ਵਜੇ ਤੋਂ ਪਹਿਲਾਂ ਨਿਰਧਾਰਿਤ ਸਥਾਨਾਂ ’ਤੇ ਪਹੁੰਚਣਾ ਯਕੀਨੀ ਬਣਾਉਣ ਤੇ ਕੈਂਪ ਸਥਾਨ ’ਤੇ ਪਹੁੰਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਰੋਨਾ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਕਰੋਨਾ ਵੈਕਸੀਨੇਸ਼ਨ ਲਈ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਤੋਂ ਪੂਰਨ ਸਹਿਯੋਗ ਲਿਆ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਵਰਿੰਦਰ ਸਿੰਘ, ਐਸ.ਡੀ.ਐਮ. ਰਾਮਪੁਰਾ ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਮੌੜ ਮੈਡਮ ਵੀਰਪਾਲ ਕੌਰ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਕਰੋਨਾ ਸੈੱਲ ਦੇ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਸਮਾਜਿਕ ਸਰੁੱਖਿਆ ਅਫ਼ਸਰ ਸ਼੍ਰੀ ਨਵੀਨ ਗਡਵਾਲ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।