By Gurlal
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 107850 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
65412 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
ਬਠਿੰਡਾ 14 ਅਪ੍ਰੈਲ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ ਵਿੱਚ ਤੇਜੀ ਆਉਣੀ ਸ਼ੁਰੂ ਹੋ ਗਈ ਹੈ । ਹੁਣ ਤਕ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਚ ਕਰੀਬ 107850 ਮੀਟ੍ਰਿਕ ਟਨ ਕਣਕ ਦੀ ਆਮਦ ਅਤੇ 65412 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਅਨਾਜ ਮੰਡੀਆਂ ਤੇ ਸਮੂਹ ਖ਼ਰੀਦ ਕੇਂਦਰਾਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਹਰ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਦੌਰਾਨ ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿੱਚ ਕਣਕ ਦੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੋਰੋਨਾ ਮਹਾਂਮਾਰੀ ਦੇ ਲਾਗ ਤੋਂ ਬਚਾਇਆ ਜਾ ਸਕੇ।
ਅਨਾਜ ਮੰਡੀਆਂ ਤੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫਸਰ ਸ੍ਰੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਲੇਬਰ ਨਾਲ ਸਬੰਧਤ ਵਿਅਕਤੀਆਂ ਲਈ ਛਾਂ, ਰੋਸ਼ਨੀ, ਪੀਣ ਲਈ ਸਾਫ਼ ਪਾਣੀ ਤੋਂ ਇਲਾਵਾ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦੇ ਉਚੇਚੇ ਪ੍ਰਬੰਧ ਕੀਤੇ ਗਏ ਹਨ ।