BY Admin

ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਵੱਲੋਂ ਜ਼ਿਲ੍ਹੇ ਦੇ ਕਈ ਸਕੂਲਾਂ ਦਾ ਕੀਤਾ ਗਿਆ ਨਿਰੀਖਣ

ਅਧਿਆਪਕਾਂ ਨੂੰ ਦਾਖ਼ਲਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕੀਤਾ ਪ੍ਰੇਰਿਤ ਅਤੇ ਆਨ-ਲਾਈਨ ਪੜ੍ਹਾਈ ਦਾ ਲਿਆ ਜਾਇਜ਼ਾ

ਐੱਸ.ਏ.ਐੱਸ.ਨਗਰ 28 ਅਪ੍ਰੈਲ

ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਦੌਰਾਨ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਆਨ-ਲਾਈਨ ਪੜ੍ਹਾਈ ਅਤੇ ਦਾਖ਼ਲਾ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਬਲਜਿੰਦਰ ਸਿੰਘ ਨੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਦਾਖਲਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਪ੍ਰੇਰਿਤ ਕੀਤਾ।
ਉਹਨਾਂ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਐਲੀਮੈਂਟਰੀ ਸਕੂਲ ਲਾਂਡਰਾ, ਸਰਕਾਰੀ ਐਲੀਮੈਂਟਰੀ ਸਕੂਲ ਮਟੌਰ, ਸਰਕਾਰੀ ਐਲੀਮੈਂਟਰੀ ਸਕੂਲ ਮੁੰਡੀ ਖਰੜ, ਸਰਕਾਰੀ ਐਲੀਮੈਂਟਰੀ ਸਕੂਲ ਸੰਤੇਮਾਜਰਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ, ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-2 ਅਤੇ ਕਈ ਹੋਰਨਾਂ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ।  ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਬਲਜਿੰਦਰ ਸਿੰਘ ਨੇ ਸਕੂਲਾਂ ਵਿੱਚ ਸਾਫ਼ ਸਫਾਈ, ਕਰੋਨਾਵਾਇਰਸ ਦੇ ਪਸਾਰੇ ਤੋਂ ਬਚਾਅ ਲਈ ਕੀਤੇ ਪ੍ਰਬੰਧ, ਸਿਵਲ ਵਰਕਸ ਦੇ ਚੱਲ ਰਹੇ ਵਿਕਾਸ ਕਾਰਜ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ  ਉਹਨਾਂ ਨੇ ਅਧਿਆਪਕਾਂ ਨੂੰ ਦਾਖਲਾ ਵਧਾਉਣ ਲਈ ਪ੍ਰੇਰਿਤ ਕੀਤਾ ਅਤੇ ਨਾਲ ਦੀ ਨਾਲ ਆਨ-ਲਾਈਨ ਪੜ੍ਹਾਈ ਜਾਰੀ ਰੱਖਣ ਦੀ ਵੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਹਨਾਂ ਨੇ ਜ਼ਿਲ੍ਹੇ ਦੇ ਕਈ ਪ੍ਰਾਈਵੇਟ ਸਕੂਲਾਂ ਦਾ ਦੌਰਾ ਕਰਦਿਆਂ ਕਰੋਨਾ ਮਹਾਂਮਾਰੀ ਦੌਰਾਨ ਸਰਕਾਰੀ ਹਦਾਇਤਾਂ ਦੀ ਪਾਲਣਾ ਸੰਬੰਧੀ ਜਾਂਚ ਕੀਤੀ ਅਤੇ ਸਕੂਲ ਪ੍ਰਬੰਧਕਾਂ ਨੂੰ ਕਿਸੇ ਵੀ ਸੂਰਤ ਵਿੱਚ ਬੱਚਿਆਂ ਨੂੰ ਸਕੂਲਾਂ ਵਿੱਚ ਨਾ ਬੁਲਾਏ ਜਾਣ ਦੀ ਹਦਾਇਤ ਵੀ ਕੀਤੀ।
ਸਕੂਲਾਂ ਦੇ ਅਚਨਚੇਤ ਨਿਰੀਖਣ ਸਬੰਧੀ ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਸਕੂਲਾਂ ਦਾ ਪ੍ਰਬੰਧ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਅਧਿਆਪਕ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਤੇ ਹੋਰ ਪ੍ਰਬੰਧਾਂ ਨੂੰ ਪ੍ਰਭਾਵਸ਼ਾਲੀ ਬਣਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਕੂਲ ਮੁਖੀਆ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਿਸੇ ਵੀ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਦਾਖਲੇ ਤੋਂ ਇਨਕਾਰ ਨਾ ਕੀਤਾ ਜਾਵੇ ਸਗੋਂ ਕੇਵਲ ਬੇਨਤੀ ਪੱਤਰ ਲੈ ਕੇ ਦਾਖ਼ਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਰੋਨਾ ਵਾਇਰਸ ਦੇ ਪਸਾਰੇ ਨੂੰ ਰੋਕਣ ਦੇ ਮਨੋਰਥ ਨਾਲ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ।