By Gurlal
ਕੋਵਿਡ-19
ਕਰੋਨਾ ਰੋਕੂ ਦੂਸਰੀ ਡੋਜ਼ ਲਗਾਉਣ ਵਾਲੇ ਲਾਭਪਾਤਰੀਆਂ ਨੂੰ ਦਿੱਤੀ ਜਾਵੇ ਤਰਜੀਹ : ਡੀ.ਸੀ.
ਕਿਹਾ, ਸਿਵਲ ਹਸਪਤਾਲ ’ਚ ਜਲਦ ਸ਼ੁਰੂ ਹੋਏਗਾ ਆਕਸੀਜਨ ਪਲਾਂਟ
ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ’ਚ ਲਿਆਂਦੀ ਜਾਵੇ ਤੇਜੀ
ਕਰੋਨਾ ਟੈਸਟ ਤੇ ਇਲਾਜ ’ਚ ਦੇਰੀ ਹੈ ਜ਼ਿਆਦਾ ਖ਼ਤਰਨਾਕ
ਬਠਿੰਡਾ, 12 ਮਈ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨਾਂ ਜ਼ਿਲੇ ’ਚ ਕੋਵਿਡ ਨਾਲ ਸਬੰਧਤ ਅਤੇ ਇਸ ਭਿਆਨਕ ਮਹਾਂਮਾਰੀ ਨੂੰ ਰੋਕਣ ਲਈ ਕੀਤੀਆਂ ਜਾਣ ਵਾਲੀਆਂ ਸਮੂਹ ਗਤੀਵਿਧੀਆਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨਾਂ ਜ਼ਿਲੇ ’ਚ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਵੱਖ-ਵੱਖ ਹਸਪਤਾਲਾਂ ’ਚ ਸਥਾਪਿਤ ਕੀਤੇ ਗਏ ਲੈਵਲ 2 ਤੇ ਲੈਵਲ 3 ਦੀ ਸਮਰੱਥਾ ਵਾਲੇ ਬੈੱਡਾਂ ਦੀ ਸਥਿਤੀ ਤੋਂ ਇਲਾਵਾ ਰੋਜ਼ਾਨਾ ਕੀਤੀ ਜਾਣ ਵਾਲੀ ਕਰੋਨਾ ਸੈਂਪਿਗ ਅਤੇ ਵੈਕਸੀਨੇਸ਼ਨ ਦੀ ਸਮੀਖਿਆ ਕੀਤੀ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਰੋਨਾ ਟੈਸਟਿੰਗ ਤੇ ਵੈਕਸੀਨੇਸ਼ਨ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਇਸ ਵਿੱਚ ਕਿਸੇ ਤਰਾਂ ਦੀ ਢਿੱਲ ਮੱਠ ਨਾ ਵਰਤੀ ਜਾਵੇ, ਕਿਉਂਕਿ ਇਸ ਵਿੱਚ ਕੀਤੀ ਗਈ ਦੇਰੀ ਜ਼ਿਅਦਾ ਖ਼ਤਰਨਾਕ ਸਿੱਧ ਹੋ ਰਹੀ ਹੈ। ਉਨਾਂ ਇਹ ਵੀ ਕਿਹਾ ਕਿ ਕਰੋਨਾ ਵੈਕਸੀਨ ਦੀ ਦੂਸਰੀ ਡੋਜ਼ ਲਗਵਾਉਣ ਵਾਲੇ ਲਾਭਪਾਤਰੀਆਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ ਹਸਪਤਾਲ ਬਠਿੰਡਾ ਵਿਖੇ ਜਲਦ ਹੀ 100 ਐਲ.ਪੀ.ਐਮ. ਦੀ ਸਮਰੱਥਾ ਵਾਲਾ ਆਕਸੀਜਨ ਪਲਾਂਟ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਲਈ ਉਨਾਂ ਸਬੰਧਿਤ ਅਧਿਕਾਰੀਆਂ ਨੂੰ ਦੋ ਦਿਨਾਂ ਅੰਦਰ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਵੀ ਆਦੇਸ਼ ਦਿੱਤੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਕਰੋਨਾ ਸੈੱਲ ਦੇ ਇੰਚਾਰਜਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਡਿਊਲ ਬਣਾ ਕੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾਵੇ ਅਤੇ ਘਰਾਂ ’ਚ ਇਕਾਂਤਵਾਸ ਪਾਜੀਟਿਵ ਵਿਅਕਤੀਆਂ ਦੀ ਲਗਾਤਾਰ ਨਜ਼ਰਸਾਨੀ ਰੱਖੀ ਜਾਵੇ। ਉਨਾਂ ਇਹ ਵੀ ਕਿਹਾ ਕਿ ਕਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ ਹੈ ਤਾਂ ਜੋ ਜ਼ਿਲਾ ਵਾਸੀਆਂ ਨੂੰ ਕਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕਰੋਨਾ ਦੇ ਲੱਛਣ ਹੋਣ ਜਾਂ ਕਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਾ. ਯਾਦਵਿੰਦਰ ਸਿੰਘ, ਡਾ. ਪਾਮਿਲਾ, ਕਰੋਨਾ ਸੈੱਲ ਦੇ ਜ਼ਿਲਾ ਇੰਚਾਰਜ ਸ਼੍ਰੀ ਮਨਪ੍ਰੀਤ ਸਿੰਘ ਅਰਸ਼ੀ, ਡਾਟਾ ਸੈੱਲ ਦੇ ਇੰਚਾਰਜ ਸ਼੍ਰੀ ਨਵੀਨ ਗਡਵਾਲ, ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਵਿਪੁਲ ਗੁਪਤਾ ਅਤੇ ਪਾਵਰਕਾਮ ਦੇ ਕਾਰਜਕਾਰੀ ਇੰਜਨੀਅਰ ਸ਼੍ਰੀ ਹਰਦੀਪ ਸਿੰਘ ਸਿੱਧੂ ਤੋਂ ਇਲਾਵਾ ਹੈਲਥ ਮਿਸ਼ਨ ਤੇ ਹੋਰ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ