ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ
ਕੋਰਨਾ ਵਾਇਰਸ ਦੇ ਮੱਦੇਨਜ਼ਰ ਵਰਤੀਆਂ ਜਾਣ ਸਾਵਧਾਨੀਆਂ
ਬਠਿੰਡਾ, 23 ਦਸੰਬਰ(Jagmeet chahal)
ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਜਦੀਪ ਸਿੰਘ ਬਰਾੜ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨਾਂ ਵਲੋਂ ਸਮਾਗਮ ਸਬੰਧੀ ਹੋਣ ਵਾਲੀਆਂ ਅਗਾਊਂ ਤਿਆਰੀਆਂ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ। ਉਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਖ਼ਾਸ ਹਦਾਇਤ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ।
ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਵੀ ਜ਼ਿਲਾ ਪੱਧਰੀ ਗਣਤੰਤਰਤਾ ਦਿਵਸ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨਾਂ ਵੱਖ-ਵੱਖ ਵਿਭਾਗਾਂ ਨੂੰ ਆਪਣੇ ਨਾਲ ਸਬੰਧਤ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਦਾ ਮੁਖੀ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਏ ਕਿ ਉਨਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਦੀ ਇੰਨ-ਬਿੰਨ ਪਾਲਣਾ ਹੋਵੇ।
ਉਨਾਂ ਇਹ ਵੀ ਦੱਸਿਆ ਕਿ ਸਮਾਗਮਾਂ ਮੌਕੇ ਆਜ਼ਾਦੀ ਘੁਲਾਟੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਨੀਤੀ ਮੁਤਾਬਕ ਜ਼ਿਲਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਲਿਆਉਣ ਤੇ ਛੱਡਣ ਅਤੇ ਬਿਠਾਉਣ ਲਈ ਵਿਸ਼ੇਸ ਪ੍ਰਬੰਧ ਕੀਤੇ ਜਾਣ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਸਨਮੁਖ ਸ਼ਹਿਰ ਦੀਆਂ ਅਹਿਮ ਥਾਵਾਂ, ਚੌਕਾਂ ਤੇ ਪਾਰਕਾਂ ਨੂੰ ਵਿਸ਼ੇਸ਼ ਸਜਾਵਟੀ ਦਿੱਖ ਦਿੱਤੀ ਜਾਵੇਗੀ ਅਤੇ ਸਵਾਗਤੀ ਗੇਟ ਲਾਏ ਜਾਣਗੇ। ਉਨਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਟੇਡੀਅਮ ਦੀ ਸਾਫ਼-ਸਫ਼ਾਈ ਤੇ ਬੈਠਣ ਵਾਲੀਆਂ ਸੀਟਾਂ ਨੂੰ ਸੈਨੇਟਾਈਜ਼ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਿਹਰਸਲਾਂ ਤੋਂ ਲੈ ਕੇ ਸਮਾਗਮ ਵਾਲੇ ਦਿਨ ਤੱਕ ਮੁੱਢਲੀ ਡਾਕਟਰੀ ਸਹਾਇਤਾ, ਡਾਕਟਰੀ ਟੀਮਾਂ ਅਤੇ ਐਂਬੂਲੈਂਸ ਗੱਡੀ ਸਣੇ ਸਿਹਤ ਸਹੂਲਤਾਂ ਦੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਉਨਾਂ ਇਹ ਵੀ ਦੱਸਿਆ ਕਿ ਸਮਾਗਮ ਮੌਕੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਚੰਗੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਜਾਵੇਗਾ।
ਇਸ ਮੌਕੇ ਐਸ.ਪੀ. ਸ਼੍ਰੀ ਮੇਜਰ ਸਿੰਘ, ਐਸ.ਡੀ.ਐਮ. ਬਠਿੰਡਾ ਸ਼੍ਰੀ ਬਬਨਦੀਪ ਸਿੰਘ ਵਾਲੀਆ, ਤਹਿਸੀਲਦਾਰ ਬਠਿੰਡਾ ਸ਼੍ਰੀ ਸੁਖ਼ਬੀਰ ਸਿੰਘ, ਸੈਕਟਰੀ ਰੈਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ, ਜ਼ਿਲਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨਾਂ ਦੇ ਨੁਮਾਇੰਦੇ ਹਾਜ਼ਰ ਸਨ।