Latest news

*ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ
ਮਾਨਸਾ, 09 ਸਤੰਬਰ:
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਤਹਿਤ ਬਾਲ ਭਲਾਈ ਸਕੀਮਾਂ ਰਾਹੀਂ ਲੋੜਵੰਦ ਬੱਚਿਆਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਨਾਏ ਸਪੋਂਸਰਸ਼ਿਪ ਦਿਵਸ ਮੌਕੇ ਲੋੜਵੰਦ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਸਹਾਇਤਾ ਰਾਸ਼ੀ ਦੇ ਚੈੱਕ ਸੌਂਪਣ ਮੌਕੇ ਕੀਤਾ।
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਪੋਂਸਰਸ਼ਿਪ ਸਕੀਮ ਤਹਿਤ ਲੋੜਵੰਦ ਬੱਚਿਆਂ ਨੂੰ ਚਾਰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਆ ਕਿ ਜਿੰਨ੍ਹਾਂ ਪਰਿਵਾਰਾਂ ਦੀ ਆਰਥਿਕ ਹਾਲਤ ਕਮਜੋਰ ਹੈ ਤੇ ਜਿੰਨ੍ਹਾਂ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਘਰ ਕੋਈ ਆਮਦਨ ਦਾ ਸਾਧਨ ਨਹੀਂ ਹੈ, ਉਨ੍ਹਾਂ ਬੱਚਿਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਲੋੜਵੰਦ ਬੱਚਿਆਂ ਦੀ ਭਲਾਈ ਲਈ ਹਮੇਸ਼ਾ ਮੋਹਰੀ ਰੋਲ ਅਦਾ ਕਰਦਾ ਹੈ। ਜੇਕਰ ਕਿਸੇ ਬੱਚੇ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ, ਸ੍ਰੀਮਤੀ ਨਤੀਸ਼ਾ ਅੱਤਰੀ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੋਂਸਰਸ਼ਿਪ ਸਕੀਮ ਅਧੀਨ ਲੋੜਵੰਦ ਬੱਚਿਆ ਨੂੰ ਵੱਧ ਤੋਂ ਵੱਧ ਜੋੜਿਆ ਜਾ ਰਿਹਾ ਹੈ ਤਾਂ ਜੋ ਯੋਗ ਤੇ ਲੋੜਵੰਦ ਬੱਚਿਆਂ ਦੀ ਮਦਦ ਕੀਤੀ ਜਾ ਸਕੇ ਅਤੇ ਕੋਈ ਵੀ ਯੋਗ ਬੱਚਾ ਸਹੂਲਤ ਲੈਣ ਤੋਂ ਵਾਂਝਾ ਨਾ ਰਹਿ ਸਕੇ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਨੁਰਤਨ ਕੌਰ ਨੇ ਕਿਹਾ ਕਿ ਸਰਕਾਰ ਵੱਲੋ ਚਲਾਈ ਜਾ ਰਹੀ ਇਸ ਸਕੀਮ ਦਾ ਆਮ ਲੋਕ ਵੱਧ ਤੋਂ ਵੱਧ ਲਾਹਾ ਲੈਣ ਤਾਂ ਜ਼ੋ ਜ਼ਰੂਰਤਮੰਤ ਬੱਚਿਆਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਹੋ ਸਕੇ।
ਇਸ ਮੌਕੇ ਸ੍ਰੀ ਰਜਿੰਦਰ ਕੁਮਾਰ ਕਾਉਂਸਲਰ, ਸ੍ਰੀਮਤੀ ਬੀਰ ਦਵਿੰਦਰ ਕੌਰ, ਚੇਅਰਪਰਸਨ ਬਾਲ ਭਲਾਈ ਕਮੇਟੀ, ਸ੍ਰੀ ਮਹਿੰਦਰਪਾਲ ਸਿੰਘ, ਮੈਂਬਰ ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਸਮੂਹ ਸਟਾਫ ਮੈਂਬਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *