• Tuesday, 29 September 2026
Advertisement Advertisement
Ad banner Ad banner
1 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

29 Sep 2026 | 10 Views

1 ਅਕਤੂਬਰ ਨੂੰ ਨਵੀਂ ਦਾਣਾ ਮੰਡੀ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ

 

- ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ

ਫ਼ਿਰੋਜ਼ਪੁਰ, 29 ਸਤੰਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਫ਼ਿਰੋਜ਼ਪੁਰ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 1 ਅਕਤੂਬਰ (ਵੀਰਵਾਰ) ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਅਤੇ ਵਿਧਾਇਕ ਜ਼ੀਰਾ ਸ਼੍ਰੀ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਸਿਖਲਾਈ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਹਾੜੀ ਦੀਆਂ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਖੇਤੀ ਮਾਹਿਰਾਂ ਵੱਲੋਂ ਦਿੱਤੀ ਜਾਣ ਵਾਲੀ ਤਕਨੀਕੀ ਜਾਣਕਾਰੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਨਵੀਆਂ ਤਕਨੀਕਾਂ ਅਤੇ ਵਿਗਿਆਨਕ ਸਿਫ਼ਾਰਸ਼ਾਂ ਨੂੰ ਅਪਣਾ ਕੇ ਫ਼ਸਲਾਂ ਦੀ ਉਤਪਾਦਕਤਾ ਵਿੱਚ ਵਾਧਾ ਕਰਨ ਦੇ ਨਾਲ-ਨਾਲ ਖੇਤੀ ਲਾਗਤਾਂ ਨੂੰ ਵੀ ਘਟਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਖੇਤੀਬਾੜੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਹਾੜੀ ਦੀਆਂ ਵੱਖ-ਵੱਖ ਫ਼ਸਲਾਂ ਦੀ ਕਾਸ਼ਤ, ਬਿਜਾਈ, ਖਾਦਾਂ ਦੀ ਸੁਚੱਜੀ ਵਰਤੋਂ, ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਸਮੇਤ ਖੇਤੀਬਾੜੀ ਨਾਲ ਸਬੰਧਤ ਅਹਿਮ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਖੇਤੀ ਵਿਗਿਆਨੀਆਂ ਵੱਲੋਂ ਕੀਤੀਆਂ ਗਈਆਂ ਨਵੀਆਂ ਸਿਫ਼ਾਰਸ਼ਾਂ ਬਾਰੇ ਵੀ ਕਿਸਾਨਾਂ ਨੂੰ ਜਾਣੂ ਕਰਵਾਇਆ ਜਾਵੇਗਾ।

ਇਸ ਦੌਰਾਨ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ, ਜਿੱਥੇ ਕਿਸਾਨਾਂ ਨੂੰ ਵੱਖ-ਵੱਖ ਖੇਤੀ ਤਕਨੀਕਾਂ, ਸੰਦਾਂ ਅਤੇ ਹੋਰ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਇਨਪੁਟਸ ਵੀ ਮੁਹੱਈਆ ਕਰਵਾਏ ਜਾਣਗੇ।

ਮੁੱਖ ਖੇਤੀਬਾੜੀ ਅਫ਼ਸਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਦੀ ਵਿਗਿਆਨਕ ਅਤੇ ਸੁਚੱਜੀ ਕਾਸ਼ਤ ਸਬੰਧੀ ਮਾਹਿਰਾਂ ਵੱਲੋਂ ਨਵੀਨਤਮ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 1 ਅਕਤੂਬਰ ਨੂੰ ਨਵੀਂ ਦਾਣਾ ਮੰਡੀ, ਫ਼ਿਰੋਜ਼ਪੁਰ ਛਾਉਣੀ ਵਿਖੇ ਹੋਣ ਵਾਲੇ ਇਸ ਕਿਸਾਨ ਸਿਖਲਾਈ ਕੈਂਪ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਵੱਧ ਤੋਂ ਵੱਧ ਲਾਹਾ ਲੈਣ।

Categories: Punjab

Tags: Update

Published on: 29 Sep 2026

Guraashish Singh Dhaliwal
Mobile N/A
📣 Share this post

Latest News