ਵਿਧਾਇਕ ਰਣਬੀਰ ਸਿੰਘ ਭੁੱਲਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਅਭੈਜੋਤ ਸਿੰਘ ਭੁੱਲਰ ਨੂੰ ਕੀਤਾ ਸਨਮਾਨਿਤ
ਨੌਜਵਾਨ ਕੌਮਾਂਤਰੀ ਖਿਡਾਰੀ ਦੀ ਪ੍ਰਾਪਤੀ ਸਰਹੱਦੀ ਇਲਾਕੇ ਲਈ ਮਾਣ ਵਾਲੀ ਗੱਲ
ਫਿਰੋਜ਼ਪੁਰ 20 ਅਕਤੂਬਰ () ਆਰ.ਐੱਸ. ਇੰਟਰਨੈਸ਼ਨਲ ਸਕੂਲ, ਫਿਰੋਜ਼ਪੁਰ ਛਾਉਣੀ ਦੇ ਹੋਣਹਾਰ ਵਿਦਿਆਰਥੀ ਅਭੈਜੋਤ ਸਿੰਘ ਭੁੱਲਰ ਵੱਲੋਂ ਅਮਰੀਕਾ ਵਿਖੇ ਆਯੋਜਿਤ ‘ਵਰਲਡ ਸਕੇਟ ਗੇਮਜ਼-2026’ ਵਿੱਚ ਭਾਗ ਲੈਣ ਉਪਰੰਤ ਫਿਰੋਜ਼ਪੁਰ ਪਰਤਣ ’ਤੇ ਉਸ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਰਾਜਨੀਤਿਕ, ਸਮਾਜਿਕ ਅਤੇ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਅਭੈਜੋਤ ਸਿੰਘ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਸ ਦੀ ਖੇਡ ਪ੍ਰਤੀ ਲਗਨ, ਮਿਹਨਤ ਅਤੇ ਪ੍ਰਾਪਤੀ ’ਤੇ ਮਾਣ ਮਹਿਸੂਸ ਕੀਤਾ।
ਸਵਾਗਤ ਸਮਾਰੋਹ ਦੌਰਾਨ ਵਿਧਾਇਕ ਰਣਬੀਰ ਸਿੰਘ ਭੁੱਲਰ, ਡਾ. ਸਤਿੰਦਰ ਸਿੰਘ ਡਿਪਟੀ ਡੀਈਓ, ਹਰਚਰਨ ਸਿੰਘ ਸਾਮਾ ਪ੍ਰਬੰਧਕ ਆਰ.ਐੱਸ. ਇੰਟਰਨੈਸ਼ਨਲ ਸਕੂਲ, ਡੀਐੱਸਪੀ ਕਰਨ ਸ਼ਰਮਾ, ਪ੍ਰਿੰਸੀਪਲ ਸੋਨੀਆ ਰਾਣਾ, ਗੁਰਨਾਮ ਸਿੱਧੂ ਪ੍ਰਧਾਨ ਸਤਲੁਜ ਪ੍ਰੈੱਸ ਕਲੱਬ, ਭਗਵਾਨ ਸਿੰਘ ਸਾਮਾ ਪ੍ਰਧਾਨ ਸ਼ਹੀਦ ਊਧਮ ਸਿੰਘ ਟਰੱਸਟ ਫਿਰੋਜ਼ਪੁਰ, ਨਰਿੰਦਰ ਸਿੰਘ ਕੇਸਰ ਪ੍ਰਧਾਨ ਪ੍ਰਾਈਵੇਟ ਸਕੂਲ ਐਸੋਸੀਏਸ਼ਨ, ਦਿਲਬਾਗ ਸਿੰਘ ਨੱਢਾ ਚੇਅਰਮੈਨ ਬਲਾਕ ਸੰਮਤੀ, ਇੰਦੂ ਸ਼ਰਮਾ ਵਾਈਸ ਪ੍ਰਿੰਸੀਪਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਸਮਾਰੋਹ ਦੌਰਾਨ ਬੁਲਾਰਿਆਂ ਨੇ ਅਭੈਜੋਤ ਸਿੰਘ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ’ਤੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਾ ਆਪਣੇ ਆਪ ਵਿੱਚ ਮਹੱਤਵਪੂਰਨ ਪ੍ਰਾਪਤੀ ਹੈ। ਅਜਿਹੇ ਮੌਕੇ ਨੌਜਵਾਨ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਨਿਖਾਰਨ, ਨਵੇਂ ਤਜਰਬੇ ਹਾਸਲ ਕਰਨ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਭੈਜੋਤ ਸਿੰਘ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣਾ ਸਮਾਜ ਅਤੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਖੇਡਾਂ ਬੱਚਿਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅਭੈਜੋਤ ਵਰਗੇ ਹੋਣਹਾਰ ਖਿਡਾਰੀ ਦੂਜੇ ਬੱਚਿਆਂ ਲਈ ਵੀ ਪ੍ਰੇਰਨਾ ਬਣਦੇ ਹਨ। ਉਨ੍ਹਾਂ ਖਿਡਾਰੀ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਕੇ ਨਵੀਆਂ ਉਚਾਈਆਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਡਿਪਟੀ ਡੀਈਓ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਬੱਚਿਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਨਾਲ ਖਿਡਾਰੀਆਂ ਨੂੰ ਆਪਣੇ ਹੁਨਰ ਨੂੰ ਪਰਖਣ ਅਤੇ ਤਜਰਬੇਕਾਰ ਖਿਡਾਰੀਆਂ ਤੋਂ ਸਿੱਖਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਮਾਪਿਆਂ ਨੂੰ ਬੱਚਿਆਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਚਿਤ ਮੌਕੇ ਅਤੇ ਹੌਸਲਾ ਦੇਣਾ ਚਾਹੀਦਾ ਹੈ। ਇਸ ਮੌਕੇ ਆਰ.ਐੱਸ. ਇੰਟਰਨੈਸ਼ਨਲ ਸਕੂਲ ਦੇ ਪ੍ਰਬੰਧਕ ਹਰਚਰਨ ਸਿੰਘ ਸਾਮਾ ਨੇ ਕਿਹਾ ਕਿ ਅਭੈਜੋਤ ਸਿੰਘ ਭੁੱਲਰ ਦੀ ਅੰਤਰਰਾਸ਼ਟਰੀ ਖੇਡ ਮੰਚ ਤੱਕ ਪਹੁੰਚ ਸਕੂਲ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਅਭੈਜੋਤ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿੱਚ ਨਵੇਂ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਦਾ ਜਜ਼ਬਾ ਪੈਦਾ ਕਰਦੀਆਂ ਹਨ। ਉਨ੍ਹਾਂ ਖਿਡਾਰੀ ਦੇ ਪਰਿਵਾਰ ਅਤੇ ਉਸ ਨੂੰ ਤਿਆਰ ਕਰਨ ਵਿੱਚ ਯੋਗਦਾਨ ਪਾਉਣ ਵਾਲਿਆਂ ਦੀ ਵੀ ਸ਼ਲਾਘਾ ਕੀਤੀ। ਸ਼ਹੀਦ ਊਧਮ ਸਿੰਘ ਟਰੱਸਟ, ਫਿਰੋਜ਼ਪੁਰ ਦੇ ਪ੍ਰਧਾਨ ਭਗਵਾਨ ਸਿੰਘ ਸਾਮਾ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣਾ ਸਮੇਂ ਦੀ ਲੋੜ ਹੈ। ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਦਾ ਸਬਕ ਸਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਅਭੈਜੋਤ ਦੀ ਪ੍ਰਾਪਤੀ ਹੋਰ ਬੱਚਿਆਂ ਨੂੰ ਵੀ ਖੇਡਾਂ ਨਾਲ ਜੁੜਨ ਅਤੇ ਆਪਣੇ ਟੀਚਿਆਂ ਲਈ ਲਗਾਤਾਰ ਮਿਹਨਤ ਕਰਨ ਵਾਸਤੇ ਪ੍ਰੇਰਿਤ ਕਰੇਗੀ। ਇਸ ਮੌਕੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸਿੰਘ ਕੇਸਰ ਨੇ ਕਿਹਾ ਕਿ ਸਕੂਲਾਂ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇਣ ਤੱਕ ਸੀਮਿਤ ਨਹੀਂ, ਸਗੋਂ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਤਿਭਾਵਾਂ ਨੂੰ ਪਛਾਣਨਾ ਅਤੇ ਨਿਖਾਰਨਾ ਵੀ ਹੈ। ਉਨ੍ਹਾਂ ਕਿਹਾ ਕਿ ਅਭੈਜੋਤ ਵਰਗੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਨਾਲ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਆਪਣੀ ਪਛਾਣ ਬਣਾਉਣ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਲਈ ਵੀ ਲੋੜੀਂਦਾ ਸਮਾਂ ਅਤੇ ਸਹਿਯੋਗ ਦਿੱਤਾ ਜਾਵੇ।
ਸਮਾਗਮ ਦੇ ਅੰਤ ਵਿੱਚ ਹਾਜ਼ਰ ਸ਼ਖ਼ਸੀਅਤਾਂ ਨੇ ਅਭੈਜੋਤ ਸਿੰਘ ਭੁੱਲਰ ਨੂੰ ਭਵਿੱਖ ਵਿੱਚ ਹੋਰ ਸਫ਼ਲਤਾਵਾਂ ਹਾਸਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਖਿਡਾਰੀ ਦੀ ਪ੍ਰਾਪਤੀ ਨੂੰ ਫਿਰੋਜ਼ਪੁਰ ਦੇ ਨੌਜਵਾਨਾਂ ਲਈ ਪ੍ਰੇਰਨਾਦਾਇਕ ਦੱਸਦਿਆਂ ਉਸ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਹੋਰਨਾਂ ਤੋ ਇਲਾਵਾ ਹਰਿੰਦਰ ਸਿੰਘ ਚਮੇਲੀ, ਹਰਿੰਦਰ ਭੁੱਲਰ, ਨਿਰਮਲ ਸਿੰਘ, ਗੁਰਜੀਤ ਸਿੰਘ ਸੋਢੀ, ਹਰਜਿੰਦਰ ਸਿੰਘ, ਦਰਸ਼ਨ ਸਿੰਘ ਭੁੱਲਰ, ਪਰਮਿੰਦਰ ਸਿੰਘ ਥਿੰਦ, ਸੁਰਿੰਦਰ ਸਤੀਏ ਵਾਲਾ, ਮਨਪ੍ਰੀਤ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
Sports