ਬਠਿੰਡਾ, 6 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਦੇ ਪਿੰਡ ਘੁੱਦਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਵਿਰੋਧੀ ਉਨ੍ਹਾਂ ਨੂੰ ਝੂਠਾ ਬਦਨਾਮ ਕਰਕੇ ਮੁੜ ਪੰਜਾਬ ਨੂੰ ਲੁੱਟਣ ਦਾ ਮੌਕਾ ਲੱਭ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕਰ ਰਹੀ ਹੈ, ਜਿਸ ਕਾਰਨ ਵਿਰੋਧੀ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਦੇ ਸਰੋਤਾਂ ਦੀ ਵਰਤੋਂ ਲੋਕਾਂ ਦੀ ਬਜਾਏ ਆਪਣੇ ਹਿੱਤਾਂ ਲਈ ਕੀਤੀ ਗਈ।
‘ਮੈਂ ਲੋਕਾਂ ਦੇ ਕੋਟੇ ਤੋਂ ਹਾਂ’- ਭਗਵੰਤ ਮਾਨ
ਭਗਵੰਤ ਮਾਨ ਨੇ ਕਿਹਾ ਕਿ ਕੁਝ ਆਗੂ ਮੋਦੀ ਦੇ ਕੋਟੇ ਤੋਂ ਹਨ ਅਤੇ ਕੁਝ ਰਾਹੁਲ ਗਾਂਧੀ ਦੇ ਕੋਟੇ ਤੋਂ, ਜਦਕਿ ਉਹ ਖੁਦ ਇਕੱਲੇ ਲੋਕਾਂ ਦੇ ਕੋਟੇ ਤੋਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 2022 ਵਿੱਚ ਇੱਕ ਮਾਸਟਰ ਦੇ ਪੁੱਤ ਨੂੰ ਮੌਕਾ ਦਿੱਤਾ ਸੀ ਅਤੇ 2027 ਵਿੱਚ ਵੀ ਲੋਕ ਮੁੜ ਮੌਕਾ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿੱਖਿਆ, ਸਿਹਤ ਸਹੂਲਤਾਂ, ਰੁਜ਼ਗਾਰ ਅਤੇ ਵਿਕਾਸ ਦੇ ਮੌਕੇ ਪ੍ਰਦਾਨ ਕਰਨਾ ਹੈ।
ਭਾਜਪਾ-ਅਕਾਲੀ ਦਲ ਗਠਜੋੜ ‘ਤੇ ਭਗਵੰਤ ਮਾਨ ਦਾ ਵੱਡਾ ਦਾਅਵਾ
ਭਾਜਪਾ ਅਤੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਦੀ ਸ਼ਰਤ ‘ਤੇ ਭਾਜਪਾ ਨਾਲ ਮੁੜ ਗਠਜੋੜ ਕਰਨ ਵੱਲ ਵਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 750 ਤੋਂ ਵੱਧ ਕਿਸਾਨਾਂ ਦੀਆਂ ਸ਼ਹਾਦਤਾਂ ਨੂੰ ਨਹੀਂ ਭੁੱਲਣਗੇ ਅਤੇ ਭਾਜਪਾ ਨੂੰ ਇਸ ਲਈ ਕਦੇ ਮੁਆਫ਼ ਨਹੀਂ ਕਰਨਗੇ। ਭਗਵੰਤ ਮਾਨ ਨੇ ਇਹ ਵੀ ਦੋਸ਼ ਲਗਾਇਆ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿੱਚ ਹਮੇਸ਼ਾ ਅੱਗੇ ਰਿਹਾ ਹੈ।
ਕਾਂਗਰਸ ‘ਤੇ ਵੀ ਮੁੱਖ ਮੰਤਰੀ ਦਾ ਤਿੱਖਾ ਹਮਲਾ
ਕਾਂਗਰਸ ‘ਤੇ ਹਮਲਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸੱਤਾ ‘ਚ ਰਹਿਣ ਦੇ ਬਾਵਜੂਦ ਕਾਂਗਰਸ ਨੇ ਨਸ਼ਿਆਂ ਨੂੰ ਰੋਕਣ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ਼ ਦਿਵਾਉਣ ਲਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ।
ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਖਿੱਚੋਤਾਣ ਦਾ ਸ਼ਿਕਾਰ ਹੈ ਅਤੇ ਇਸ ਦੇ ਆਗੂ ਸੱਤਾ ਲਈ ਆਪਸ ਵਿੱਚ ਲੜ ਰਹੇ ਹਨ, ਜਦਕਿ ਆਮ ਆਦਮੀ ਪਾਰਟੀ ਦੀ ਲੜਾਈ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਪੰਜਾਬ ਦੇ ਵਿਕਾਸ ਲਈ ਹੈ।
ਸੁਖਬੀਰ ਸਿੰਘ ਬਾਦਲ ‘ਤੇ ਵੀ ਨਿਸ਼ਾਨਾ
ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਆਲੀਸ਼ਾਨ ਅਤੇ ਸੁਰੱਖਿਅਤ ਮਾਹੌਲ ਵਿੱਚ ਬਤੀਤ ਕੀਤੀ ਹੈ ਅਤੇ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਲਈ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜਨਾ ਜ਼ਰੂਰੀ ਹੈ।
ਲੋਕਾਂ ਦੇ ਪੈਸੇ ਨੂੰ ਲੋਕਾਂ ‘ਤੇ ਖਰਚ ਕਰਨ ਦਾ ਦਾਅਵਾ
ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਪੁੱਤਰ ਅਤੇ ਭਰਾ ਵਜੋਂ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਨੀਤੀਆਂ ਤਿਆਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਦਾ ਇੱਕ-ਇੱਕ ਰੁਪਿਆ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਸਰਕਾਰ ਵੱਲੋਂ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਜਨਤਕ ਸਹੂਲਤਾਂ ‘ਤੇ ਧਿਆਨ ਦਿੱਤਾ ਜਾ ਰਿਹਾ ਹੈ।
ਮੁਫ਼ਤ ਬਿਜਲੀ ਅਤੇ ਰੁਜ਼ਗਾਰ ਦਾ ਕੀਤਾ ਜ਼ਿਕਰ
ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ 70,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਸੜਕਾਂ ਦੇ ਸੁਧਾਰ, ਸਿੱਖਿਆ ਅਤੇ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਅਤੇ ਨਵੇਂ ਬੁਨਿਆਦੀ ਢਾਂਚੇ ਦੇ ਨਿਰਮਾਣ ਦਾ ਵੀ ਜ਼ਿਕਰ ਕੀਤਾ। ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਵਿੱਚ 3,100 ਖੇਡ ਸਟੇਡੀਅਮ ਬਣਾਉਣ ਦੀ ਗੱਲ ਵੀ ਉਨ੍ਹਾਂ ਵੱਲੋਂ ਕੀਤੀ ਗਈ।
ਸਿੱਖਿਆ ਨੂੰ ਦੱਸਿਆ ਸਭ ਤੋਂ ਵੱਡੀ ਤਰਜੀਹ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿੱਖਿਆ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਆਮ ਲੋਕਾਂ ਨੂੰ ਸਮਾਜਿਕ ਅਤੇ ਆਰਥਿਕ ਚੁਣੌਤੀਆਂ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਸਮਰੱਥ ਬਣਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਕਰਕੇ ਆਮ ਪਰਿਵਾਰਾਂ ਦੇ ਬੱਚਿਆਂ ਨੂੰ ਬਿਹਤਰ ਮੌਕੇ ਦੇਣ ਲਈ ਸਰਕਾਰ ਕੰਮ ਕਰ ਰਹੀ ਹੈ।
45,000 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਦਾਅਵਾ
ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋਕਾਂ ਦੀ ਸਹੂਲਤ ਲਈ 45,000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਅਤੇ ਅਪਗ੍ਰੇਡੇਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀ ਰਕਬੇ ਦਾ ਨਹਿਰੀ ਸਿੰਚਾਈ ਅਧੀਨ ਹਿੱਸਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਹੋ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਨਹਿਰੀ ਪਾਣੀ ਦੀ ਵਧ ਰਹੀ ਉਪਲਬਧਤਾ ਨਾਲ ਧਰਤੀ ਹੇਠਲੇ ਪਾਣੀ ‘ਤੇ ਕਿਸਾਨਾਂ ਦੀ ਨਿਰਭਰਤਾ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਇਹ ਮਹੱਤਵਪੂਰਨ ਕਦਮ ਹੈ।
‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਜ਼ਿਕਰ
ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਪੰਜਾਬ ਦੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੁਤਾਬਕ ਇਸ ਯੋਜਨਾ ਤਹਿਤ ਪ੍ਰਤੀ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਸਿਹਤ ਕਵਰੇਜ ਦਾ ਉਦੇਸ਼ ਪਰਿਵਾਰਾਂ ‘ਤੇ ਪੈਣ ਵਾਲੇ ਵੱਡੇ ਇਲਾਜੀ ਖਰਚਿਆਂ ਦੇ ਵਿੱਤੀ ਬੋਝ ਨੂੰ ਘਟਾਉਣਾ ਹੈ।
‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਵੀ ਜ਼ਿਕਰ
ਭਗਵੰਤ ਮਾਨ ਨੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਬਾਰੇ ਦੱਸਦਿਆਂ ਕਿਹਾ ਕਿ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਯੋਗ ਆਮ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਅਤੇ ਐਸ.ਸੀ. ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੀ ਵਿਵਸਥਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 97 ਫੀਸਦੀ ਮਹਿਲਾਵਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ ਅਤੇ ਸਰਕਾਰ ਨੇ ਇਸ ਲਈ ਬਜਟ ਵਿੱਚ 9,300 ਕਰੋੜ ਰੁਪਏ ਰੱਖੇ ਹਨ।
‘ਪੰਜਾਬ ਵਿੱਚ ਲੁੱਟ ਦਾ ਦੌਰ ਖ਼ਤਮ’
ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਉਨ੍ਹਾਂ ਸਰਕਾਰਾਂ ਅਤੇ ਲੋਕਾਂ ਲਈ ਕੰਮ ਕਰਨ ਵਾਲੀਆਂ ਸਰਕਾਰਾਂ ਵਿਚਲਾ ਫ਼ਰਕ ਸਮਝ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਦਾ ਦੌਰ ਹੁਣ ਬੀਤੇ ਦੀ ਗੱਲ ਹੈ ਅਤੇ ਸੂਬਾ ਵਿਕਾਸ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਟੀਚਾ ਇੱਕ ਮਜ਼ਬੂਤ, ਸਿਹਤਮੰਦ, ਪੜ੍ਹਿਆ-ਲਿਖਿਆ ਅਤੇ ਖੁਸ਼ਹਾਲ ਪੰਜਾਬ ਬਣਾਉਣਾ ਹੈ।