ਫ਼ਿਰੋਜ਼ਪੁਰ, 14 ਮਾਰਚ 2026 :
ਪੰਜਾਬ ਸਟੇਟ ਅਤੇ ਚੰਡੀਗੜ ਮਨੁੱਖੀ ਅਧਿਕਾਰ ਕਮਿਸ਼ਨ, ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਅਤੇ ਨਿਰੰਤਰ ਕਾਰਜਸ਼ੀਲ ਹੈ। ਕਮਿਸ਼ਨ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਜੀ.ਓਜ., ਸੀਨੀਅਰ ਸਿਟੀਜਨਾਂ, ਵਕੀਲਾਂ, ਡਾਕਟਰਾਂ, ਵਿਦਿਆਰਥੀਆਂ, ਵਪਾਰੀਆਂ, ਸੰਸਥਾਵਾਂ ਦੇ ਆਗੂਆਂ ਆਦਿ ਨੂੰ ਵਿਸ਼ੇਸ਼ ਤੌਰ ਤੇ ਮਿਲ ਕੇ ਉਹਨਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਯੋਗ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ ਪੁਰਸਕਾਰ ਜੇਤੂ) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਵੱਖ-ਵੱਖ ਐਨਜੀਓਜ ਦੇ ਨੁਮਾਇੰਦਿਆਂ, ਸਰਪੰਚਾਂ ਅਤੇ ਹੋਰ ਸਮਾਜ ਸੇਵੀਆ ਨਾਲ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਦੌਰੇ ਦੀ ਲੜੀ ਵਿੱਚ ਅੱਜ ਉਨਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖਾਂ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਮਜ਼ਬੂਤੀ ਦੇਣ ਲਈ ਨਵੀਆਂ ਐਡਵਾਈਜਰੀਆਂ ਜਾਰੀ ਕੀਤੀਆਂ ਗਈਆਂ ਹਨ। ਐਡਵਾਈਜਰੀ ਤਹਿਤ ਕੋਈ ਵੀ ਹਸਪਤਾਲ ਕਿਸੇ ਵੀ ਮਰੀਜ ਜਾਂ ਮ੍ਰਿਤਕ ਦੇਹ ਨੂੰ ਬੰਧਕ ਬਣਾ ਕੇ ਨਹੀਂ ਰੱਖ ਸਕਦਾ ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਉੱਪਰ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਹਸਪਤਾਲ ਵਿੱਚ ਮੌਰਚਰੀ, ਐਂਬੂਲੈਂਸ ਵੀ ਹੋਣਾ ਬਹੁਤ ਜਰੂਰੀ ਹੈ। ਸਫਾਈ ਕਰਮਚਾਰੀਆਂ ਦੇ ਠੇਕੇਦਾਰਾਂ ਜਾਂ ਫਰਮਾਂ ਵੱਲੋਂ ਸਫਾਈ ਕਰਮਚਾਰੀਆਂ ਲਈ ਹਰੇਕ ਸੁਰੱਖਿਆ ਉਪਕਰਨ ਦੇਣੇ ਅਤੇ ਉਹਨਾਂ ਦਾ ਬੀਮਾ ਕਰਵਾਉਣਾ ਲਾਜਮੀ ਹੈ। ਅਸਹਾਇ ਵਿਅਕਤੀਆਂ ਦੀ ਮ੍ਰਿਤਕ ਦੇਹ ਦਾ ਮੁਫਤ ਸਸਕਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਂਬੂਲੈਂਸ ਪਾਇਲਟ ਵਰਗੀਆਂ ਸਹੂਲਤਾਂ ਲਈ ਵੀ ਐਡਵਾਈਜਰੀ ਲਾਗੂ ਕੀਤੀ ਗਈ ਹੈ।
ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਚ.ਆਰ.ਸੀ) ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਤਿਆਰ ਕੀਤਾ ਜਾਵੇਗਾ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ‘ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ। ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਰ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਹ ਕੋਰ ਗਰੁੱਪ ਉਹਨਾਂ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੱਡੇ ਪੱਧਰ ਤੇ ਸਹਾਈ ਹੋਵੇਗਾ ਜਿਹੜੇ ਲੋਕ ਕਿਸੇ ਮਜਬੂਰੀ ਕਾਰਨ ਚੰਡੀਗੜ੍ਹ ਵਿਖੇ ਕਮਿਸ਼ਨ ਕੋਲ ਪਹੁੰਚ ਨਹੀਂ ਕਰ ਸਕਦੇ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 98554-75547 ਜਾਰੀ ਕਰਨ ਬਾਰੇ ਜਾਣਕਾਰੀ ਵੀ ਦਿੱਤੀ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਤੇ ਕੋਈ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ 24 ਘੰਟੇ ਸ਼ਿਕਾਇਤ ਕਰ ਸਕਦਾ ਹੈ।
ਸਿਹਤ ਖੇਤਰ ਨਾਲ ਸਬੰਧਿਤ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਿਆਂ ਡਾ. ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ ਦੀ ਫੀਸ ਬਕਾਇਆ ਹੋਣ ਦੇ ਆਧਾਰ ‘ਤੇ ਮ੍ਰਿਤਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਪਰਿਵਾਰ ਤੋਂ ਘੋਸ਼ਣਾ ਪੱਤਰ ਲੈ ਕੇ ਲਾਸ਼ ਸੌਂਪਣ। ਇਸੇ ਤਰ੍ਹਾਂ ਜੇਕਰ ਕੋਈ ਮਰੀਜ਼ ਇਲਾਜ ਦੀ ਰਕਮ ਅਦਾ ਕਰਨ ਵਿੱਚ ਅਸਮਰੱਥ ਹੋਵੇ ਤਾਂ ਬੈਂਕ ਚੈੱਕ ਅਤੇ ਐਫਿਡੇਵਿਟ ਲੈ ਕੇ ਇਲਾਜ ਉਪਰੰਤ ਘਰ ਭੇਜ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਹਰ ਹਸਪਤਾਲ ਵਿੱਚ ਇਲਾਜ ਦੀਆਂ ਦਰਾਂ ਸਪੱਸ਼ਟ ਤੌਰ ‘ਤੇ ਦਰਸਾਈਆਂ ਜਾਣ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਮਿਲਣ ਦਾ ਸਮਾਂ 11 ਤੋਂ 01:00 ਵਜੇ ਨਿਸਚਿਤ ਕੀਤਾ ਗਿਆ ਹੈ।
ਡਾ. ਸ਼ੰਟੀ ਨੇ ਕਿਹਾ ਕਿ ਪਹਿਲਾਂ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ‘ਤੇ ਵੀ ਅਕਸਰ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਮਨੁੱਖੀ ਅਧਿਕਾਰ ਕਮਿਸ਼ਨਾਂ ਦੇ ਗਠਨ ਨਾਲ ਜਵਾਬਦੇਹੀ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣ-ਦੇਖਿਆ ਕਰਨਾ ਜਾਂ ਰਿਹਾਇਸ਼ੀ ਸੋਸਾਇਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ‘ਚ ਕਮਿਸ਼ਨ ਵੱਲੋਂ ਖੁਦ ਨੋਟਿਸ ਵੀ ਲਏ ਜਾਣਗੇ।
ਮੀਟਿੰਗ ਤੋਂ ਪਹਿਲਾਂ ਡਾ. ਸ਼ੰਟੀ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਕੇ ਮਰੀਜਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਈ। ਉਹਨਾਂ ਹਦਾਇਤ ਕੀਤੀ ਕਿ ਮਰੀਜਾਂ ਨੂੰ ਪੂਰਨ ਪ੍ਰਭਾਵਸ਼ਾਲੀ ਸਿਹਤ ਅਤੇ ਸਾਫ ਸਫਾਈ ਸਬੰਧੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਹਨਾਂ ਨਾਲ ਹਮਦਰਦੀ ਦਾ ਵਤੀਰਾ ਅਪਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਥਾਣੇ ਦਾ ਵੀ ਦੌਰਾ ਕਰਕੇ ਮੁੱਢਲੀਆਂ ਸਹੁਲਤਾਂ ਦਾ ਸਖ਼ਤ ਨੋਟਿਸ ਲਿਆ ਅਤੇ ਮਹਿਲਾ ਪਖਾਨੇ ਬਣਾਉਣ ਦੀ ਹਦਾਇਤ ਕੀਤੀ।
ਇਸ ਤੋਂ ਪਹਿਲਾਂ ਉਹਨਾਂ ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਐਨਜੀਓਜ ਅਤੇ ਸਰਪੰਚ ਸਾਹਿਬਾਨ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕੰਮਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਡਾ. ਜਤਿੰਦਰ ਸਿੰਘ ਸ਼ੰਟੀ ਨੇ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਵਲੰਟੀਅਰਾਂ ਅਤੇ ਸਰਪੰਚਾਂ ਦਾ ਹੜਾਂ ਅਤੇ ਹੋਰ ਕੁਦਰਤੀ ਆਫਤਾਂ ਦੌਰਾਨ ਲੋਕਾਂ ਦੀ ਸਹਾਇਤਾ ਕਰਨ ਅਤੇ ਸਮਾਜ ਸੇਵਾ ਦੇ ਕੰਮ ਕਰਨ ਲਈ ਸ਼ਲਾਘਾ ਕੀਤੀ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ, ਐਸਡੀਐਮ ਫਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸਡੀਐਮ ਜੀਰਾ ਅਰਵਿੰਦਰ ਪਾਲ ਸਿੰਘ, ਐਸਡੀਐਮ ਗੁਰੂਹਰਸਹਾਏ ਬੇਅੰਤ ਸਿੰਘ ਸਿੱਧੂ, ਐਸਪੀ ਮਨਜੀਤ ਸਿੰਘ, ਆਰ.ਟੀ.ਏ. ਤੁਸ਼ਿਤਾ ਗੁਲਾਟੀ ਸਮੇਤ ਛੇ ਬਲਾਕਾਂ ਤੋਂ ਸਰਪੰਚ ਚਾਰੇ ਹਲਕਿਆਂ ਤੋਂ ਐਨਜੀਓਜ ਦੇ ਨੁਮਾਇੰਦੇ ਅਤੇ ਜ਼ਿਲ੍ਹੇ ਦੇ ਹੋਰ ਨਾਮਵਰ ਸ਼ਖਸੀਅਤਾਂ ਵੀ ਹਾਜ਼ਰ ਸਨ।
ਉਸ ਤੋਂ ਬਾਅਦ ਇਸ ਉਪਰੰਤ ਡਾ. ਜਤਿੰਦਰ ਸਿੰਘ ਸ਼ੰਟੀ ਵੱਲੋਂ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ 'ਤੇ ਪਹੁੰਚ ਕੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸੁਤੰਤਰਤਾ ਸੰਗਰਾਮੀ ਬੀ.ਕੇ. ਦੱਤ ਅਤੇ ਪੰਜਾਬ ਮਾਤਾ ਦੀ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਟ ਕਰ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ ਗਿਆ।