ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਦੇ ਜਾਰੀ ਕੀਤੇ ਆਦੇਸ਼
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ
ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਪੰਚਾਲ ਨੇ ਮਾਲ ਵਿਭਾਗ ਦੇ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮਿਖਿਆ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਮਾਲ ਵਿਭਾਗ ਦੇ ਚੱਲ ਰਹੇ ਕੰਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਪੈਂਡਿੰਗ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖਾਸ ਤੌਰ ’ਤੇ ਜ਼ਿਲ੍ਹੇ ਵਿੱਚ ਬਕਾਇਆ ਪਏ ਇੰਤਕਾਲਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਇਨ੍ਹਾਂ ਦਾ ਨਿਬੇੜਾ ਪਹਿਲ ਦੇ ਆਧਾਰ ’ਤੇ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇੰਤਕਾਲਾਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਵਿੱਚ ਬੇਲੋੜੀ ਦੇਰੀ ਨਾ ਹੋਵੇ ਅਤੇ ਲੋਕਾਂ ਨੂੰ ਆਪਣੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਲਗਾਉਣੇ ਪੈਣ।
ਸ੍ਰੀ ਅਮਿਤ ਪੰਚਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮਾਂ ਬੱਧਤਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਪੱਧਰ ’ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਡੈਵੀ ਗੋਇਲ, ਐਸ.ਡੀ.ਐੱਮ. ਮਲੋਟ ਸ੍ਰੀ ਪੰਕਜ ਕੁਮਾਰ, ਐਸ.ਡੀ.ਐੱਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਸਮੂਹ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਤੋਂ ਇਲਾਵਾ ਮਾਲ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।