ਫਾਜ਼ਿਲਕਾ / ਅਬੋਹਰ, 21 ਸਤੰਬਰ 2026
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇਤਿਹਾਸਕ ਮੁੱਖ ਮੰਤਰੀ ਸਿਹਤ ਯੋਜਨਾ ਜਨਵਰੀ 2026 ਤੋਂ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਪਿਛਲੇ ਦਿਨੀਂ ਪੰਜਾਬ ਪੱਧਰ 'ਤੇ ਕਾਰਡਾਂ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ ਹੈ।
ਇਸੇ ਲੜੀ ਤਹਿਤ ਅਬੋਹਰ ਵਿਖੇ ਕਾਰਡਾਂ ਦੀ ਵੰਡ ਸ਼ੁਰੂ ਕਰਨ ਮੌਕੇ ਸਿਵਲ ਹਸਪਤਾਲ ਅਬੋਹਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਪਾਰਟੀ ਦੇ ਆਗੂ ਲੀਡਰ, ਵਾਰਡ ਇੰਚਾਰਜ, ਵਰਕਰ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
ਪ੍ਰੋਗਰਾਮ ਦੇ ਆਰੰਭ ਵਿੱਚ ਐਸ.ਐਮ.ਓ ਡਾ. ਸੁਮੀਤ ਸਿੰਘ ਅਤੇ ਸਮੂਹ ਸਟਾਫ ਵੱਲੋਂ ਡਾ. ਸੁਹਾਨੀ ਡੋਡਾ ਜੀ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਐਸ.ਐਮ.ਓ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅਬੋਹਰ ਦੇ ਸਰਕਾਰੀ ਹਸਪਤਾਲ ਅਤੇ ਚਾਰ ਪ੍ਰਾਈਵੇਟ ਹਸਪਤਾਲ ਇਸ ਯੋਜਨਾ ਤਹਿਤ ਐਂਪੈਨਲਡ ਹਨ, ਜਿੱਥੇ ਲੋਕਾਂ ਨੂੰ ਇਲਾਜ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ।
ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਾਂਹਵਧੂ ਸੋਚ ਸਦਕਾ ਇਹ ਯੋਜਨਾ ਦੇਸ਼ ਭਰ ਵਿੱਚ ਸਿਰਫ ਪੰਜਾਬ ਰਾਜ ਵਿੱਚ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਅਧੀਨ ਇਲਾਜ ਲਈ ਸੂਬੇ ਦੇ ਲਗਭਗ 909 ਹਸਪਤਾਲਾਂ ਨੂੰ ਜੋੜਿਆ ਗਿਆ ਹੈ, ਜਿਨ੍ਹਾਂ ਵਿੱਚ 684 ਨਿੱਜੀ (ਪ੍ਰਾਈਵੇਟ) ਅਤੇ 225 ਸਰਕਾਰੀ ਹਸਪਤਾਲ ਸ਼ਾਮਲ ਹਨ, ਜਿੱਥੇ ਇਲਾਜ ਅਤੇ ਟੈਸਟ ਦੀ ਸਹੂਲਤ ਉਪਲਬਧ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕਾਰਡ ਲੋਕਾਂ ਤੱਕ ਤੇਜ਼ੀ ਨਾਲ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਆਸ਼ਾ ਵਰਕਰਾਂ ਰਾਹੀਂ ਇਹ ਕਾਰਡ ਘਰ-ਘਰ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਕਾਰਡ ਮੁਤਾਬਕ ਰਾਜ ਵਿੱਚ ਹੁਣ ਤੱਕ ਇਸ ਯੋਜਨਾ ਤਹਿਤ ਲੱਖਾਂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਦਿਲ ਦੇ ਆਪ੍ਰੇਸ਼ਨ, ਡਾਇਲਸਿਸ ਅਤੇ ਗੋਡੇ ਬਦਲਣ ਵਰਗੇ ਮਹਿੰਗੇ ਇਲਾਜ ਸ਼ਾਮਲ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਯੋਜਨਾਵਾਂ ਜਿਵੇਂ ਆਮ ਆਦਮੀ ਕਲੀਨਿਕ, ਤੀਰਥ ਯਾਤਰਾ ਯੋਜਨਾ ਅਤੇ ਯੁੱਧ ਨਸ਼ਿਆਂ ਵਿਰੁੱਧ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ 'ਤੇ ਡਾ. ਸੁਰੇਸ਼ ਕੰਬੋਜ, ਡਾ. ਸੌਰਭ ਫੁਟੇਲਾ, ਡਾ. ਸੌਰਭ ਨਾਰੰਗ, ਡਾ. ਸੁਬੀਨ ਇੰਦਰ ਕੌਰ, ਡਾ. ਨੂਪੁਰ, ਡਾ. ਦੀਕਸ਼ੀ ਬੱਬਰ, ਡਾ. ਸੋਨੀਮਾ, ਡਿਪਟੀ ਮਾਸ ਮੀਡੀਆ ਅਫਸਰ ਮਨਬੀਰ ਸਿੰਘ, ਫਾਰਮਾਸਿਸਟ ਚੰਦਰਭਾਨ, ਪੀ.ਪੀ. ਯੂਨਿਟ ਦਾ ਸਟਾਫ ਅਤੇ ਆਸ਼ਾ ਵਰਕਰ ਮੌਜੂਦ ਸਨ।