ਜਲੰਧਰ/ਸ਼ਾਹਕੋਟ, 30 ਸਤੰਬਰ: ਹੜ੍ਹਾਂ ਕਾਰਨ ਨੁਕਸਾਨੀ ਗਈ ਲੋਹੀਆਂ ਤੋਂ ਜਕੋਪੁਰ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ‘ਆਪ’ ਆਗੂ ਪਾਲਾ ਜਲਾਲਪੁਰ ਦੀ ਅਗਵਾਈ ਹੇਠ ਸੜਕ ਨੂੰ ਮੁੜ ਆਵਾਜਾਈ ਯੋਗ ਬਣਾਉਣ ਲਈ ਕੰਮ ਆਰੰਭਿਆ ਗਿਆ।
ਸੜਕ ਦੀ ਖਰਾਬ ਹਾਲਤ ਕਾਰਨ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੁਰੰਮਤ ਦੇ ਕੰਮ ਦੌਰਾਨ ਮਿੱਟੀ ਦੀਆਂ ਟਰਾਲੀਆਂ, ਕਰਾਹੇ ਅਤੇ ਜੇ.ਸੀ.ਬੀ. ਮਸ਼ੀਨਾਂ ਦੀ ਮਦਦ ਲਈ ਜਾ ਰਹੀ ਹੈ। ਜਿੱਥੇ ਸੜਕ ਜ਼ਿਆਦਾ ਖਰਾਬ ਹੋਈ ਹੈ, ਉੱਥੇ ਗਟਕਾ ਵੀ ਪਾਇਆ ਜਾ ਰਿਹਾ ਹੈ।
ਕੰਗ ਖੁਰਦ ਵਿੱਚ ਹੋਏ ਇਕੱਠ ਦੌਰਾਨ ਆਲੇ-ਦੁਆਲੇ ਦੇ ਕਰੀਬ 20 ਪਿੰਡਾਂ ਤੋਂ ਪੰਚ, ਸਰਪੰਚ ਅਤੇ ਹੋਰ ਮੋਹਤਬਰ ਵਿਅਕਤੀ ਵੀ ਮੌਜੂਦ ਰਹੇ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਮੁਰੰਮਤ ਦਾ ਕੰਮ ਆਉਂਦੇ ਕੁਝ ਦਿਨਾਂ ਵਿੱਚ ਮੁਕੰਮਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਇਸ ਕੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸੜਕ ਨੂੰ ਆਵਾਜਾਈ ਯੋਗ ਬਣਾਉਣ ਦਾ ਮੁੱਖ ਮਕਸਦ ਆਉਣ ਵਾਲੇ ਵਾਢੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਢੋਆ-ਢੁਆਈ ਵਿੱਚ ਮੁਸ਼ਕਲ ਤੋਂ ਰਾਹਤ ਦੇਣਾ ਹੈ। ਸੜਕ ਦੀ ਹਾਲਤ ਸੁਧਰਨ ਨਾਲ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਆਵਾਜਾਈ ਵਿੱਚ ਸਹੂਲਤ ਮਿਲੇਗੀ।
ਇਸ ਮੌਕੇ ਪਾਲਾ ਜਲਾਲਪੁਰ ਨੇ ਵੀ ਮੌਕੇ ’ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਦੌਰਾਨ ਮੰਡਾਲਾ ਛੰਨਾ ਵਿਖੇ ਧੁੱਸੀ ਬੰਨ੍ਹ ’ਤੇ ਬਣਨ ਵਾਲੀ ਸੜਕ ਦੇ ਕੰਮ ਦੀ ਵੀ ਸਮੀਖਿਆ ਕੀਤੀ ਗਈ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ।
ਹੜ੍ਹਾਂ ਤੋਂ ਪਹਿਲਾਂ ਤਿਆਰੀ ਕਰਨ ’ਤੇ ਜ਼ੋਰ
ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹਾਂ ਦਾ ਖਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਹੜ੍ਹ ਆਉਣ ਤੋਂ ਬਾਅਦ ਪ੍ਰਬੰਧ ਕਰਨ ਦੀ ਬਜਾਏ ਪਹਿਲਾਂ ਤੋਂ ਹੀ ਤਿਆਰੀ ਕਰਨਾ ਜ਼ਰੂਰੀ ਹੈ।
ਉਨ੍ਹਾਂ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮੰਡਾਲਾ ਛੰਨਾ ਦੇ ਸੰਵੇਦਨਸ਼ੀਲ ਬੰਨ੍ਹ ਵਾਲੇ ਹਿੱਸੇ ਨੂੰ ਮਜ਼ਬੂਤ ਕਰਨ ਲਈ 18 ਕਰੋੜ ਰੁਪਏ ਦੀ ਲਾਗਤ ਨਾਲ ਪੱਥਰ ਲਗਾਏ ਗਏ ਹਨ।