• Wednesday, 11 March 2026
Advertisement Advertisement
ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ23 ਮਾਰਚ ਨੂੰ

11 Mar 2026 | 31 Views

ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਯਾਦ ‘ਚ ਸ਼ਹੀਦੀ ਸਮਾਗਮ23 ਮਾਰਚ ਨੂੰ

ਫ਼ਿਰੋਜ਼ਪੁਰ, 11 ਮਾਰਚ:

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹੋਣ ਵਾਲੇ ਸ਼ਹੀਦੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪਹੁੰਚਣਗੇ। ਇਹ ਜਾਣਕਾਰੀ ਇਸ ਸਮਾਗਮ ਲਈ ਲੋੜੀਂਦੇ ਪ੍ਰਬੰਧ ਕਰਨ ਸਬੰਧੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਵੱਲੋ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ ਗਈ। 

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 23 ਮਾਰਚ ਨੂੰ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇੱਥੇ ਪਹੁੰਚਣਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਅਮਨਦੀਪ ਕੌਰ ਸਮਾਗਮ ਦੀਆਂ ਅਗਾਊਂ ਸੁਚੱਜੀਆਂ ਤਿਆਰੀਆਂ ਲਈ ਸਬੰਧਿਤ ਵਿਭਾਗਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸੌਂਪੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਉਨ੍ਹਾਂ ਸਮਾਗਮ ਵਾਲੀ ਥਾਂ ’ਤੇ ਸੁਰੱਖਿਆ, ਮੈਡੀਕਲ ਟੀਮਾਂ ਦੀ ਤਾਇਨਾਤੀ, ਐਂਬੂਲੈਂਸ, ਟਰੈਫ਼ਿਕ ਵਿਵਸਥਾ, ਪਾਰਕਿੰਗ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਖਾਨੇ, ਸਾਫ਼-ਸਫ਼ਾਈ ਸਮੇਤ ਹੋਰ ਜ਼ਰੂਰੀ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਸਮਾਰਕ ’ਤੇ ਸਰਧਾਂਜਲੀ ਭੇਟ ਕਰਨ ਲਈ ਪਹੁੰਚਣ ਵਾਲੇ ਲੋਕਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇ ਅਤੇ ਲੋਕਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਬੱਸਾਂ ਅਤੇ ਰੇਲ ਗੱਡੀਆਂ ਦੀ ਵਿਵਸਥਾ ਕੀਤੀ ਜਾਵੇ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗਾਂ ਨਾਲ ਸਬੰਧਤ ਸਾਰੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਦੇ ਆਯੋਜਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸਮਾਗਮ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸੁਰੱਖਿਆ ਪ੍ਰਬੰਧਾਂ ਨੂੰ ਵੀ ਪੂਰੀ ਤਰ੍ਹਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਆਰ.ਟੀ.ਏ. ਤੁਸ਼ਿਤਾ ਗੁਲਾਟੀ, ਐਸ.ਪੀ.(ਐਚ) ਧਰਮਵੀਰ ਸਿੰਘ, ਡੀ.ਆਰ.ਓ. ਬੀਰਕਰਨ ਸਿੰਘ, ਐਲ.ਡੀ.ਐਮ. ਗੀਤਾ ਮਹਿਤਾ, ਜੀ.ਐਮ. ਰੋਡਵੇਜ਼ ਅਮਿਤ ਅਰੋੜਾ, ਜ਼ਿਲ੍ਹਾ ਮੰਡੀ ਅਫ਼ਸਰ ਜਸ਼ਨਦੀਪ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ ਜਗਦੀਪ ਸਿੰਘ ਸੰਧੂ ਸਮੇਤ ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Categories: Punjab

Tags: None

Published on: 11 Mar 2026

Guraashish Singh Dhaliwal
Mobile N/A
📣 Share this post

Latest News