ਜਲੰਧਰ, 1 ਅਕਤੂਬਰ 2026: ਜਲੰਧਰ ਦੇ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ 14 ਤੋਂ 22 ਨਵੰਬਰ 2026 ਤੱਕ ਅਗਨੀਵੀਰ ਭਰਤੀ ਰੈਲੀ ਕਰਵਾਈ ਜਾਵੇਗੀ। ਨੌਂ ਦਿਨ ਚੱਲਣ ਵਾਲੀ ਇਸ ਭਰਤੀ ਰੈਲੀ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਭਰਤੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ ਦੇ ਨਿਰਦੇਸ਼ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੌਜਵਾਨਾਂ ਨੂੰ ਭਾਰਤੀ ਫੌਜ ਵਿੱਚ ਸੇਵਾ ਕਰਨ ਦਾ ਮੌਕਾ ਪ੍ਰਾਪਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਵਾਸਤੇ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਲਈ ਪੀਣ ਵਾਲੇ ਸਾਫ਼ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਪਖਾਨਿਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ।
ਇਸ ਤੋਂ ਇਲਾਵਾ, ਰੈਲੀ ਵਾਲੀ ਥਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ, ਮੈਡੀਕਲ ਟੀਮਾਂ ਦੀ ਤਾਇਨਾਤੀ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਵਿੱਚ ਐਸਡੀਐਮ ਸ਼ੁਭੀ ਆਂਗਰਾ, ਡਿਪਟੀ ਡਾਇਰੈਕਟਰ ਡੀਬੀਈਈ ਨੀਲਾਮ ਮਹੇ ਅਤੇ ਡਾਇਰੈਕਟਰ ਰਿਕਰੂਟਮੈਂਟ, ਜਲੰਧਰ ਕੈਂਟ ਕਰਨਲ ਰਸ਼ਮੀ ਨਰਾਇਣ ਸਮੇਤ ਹੋਰ ਅਧਿਕਾਰੀ ਮੌਜੂਦ ਸਨ।