ਲੰਬੀ/ਮਲੋਟ, 25 ਜੁਲਾਈ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਵਿਧਾਨ ਸਭਾ ਹਲਕੇ ਦੇ ਪਿੰਡ ਮਾਹੂਆਣਾ ਅਤੇ ਦਿਉਣ ਖੇੜਾ ਵਿੱਚ ਲੋਕ ਮਿਲਣੀ ਕਰਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਹੈ ਅਤੇ ਹਰ ਸਰਕਾਰੀ ਪੈਸਾ ਲੋਕ ਭਲਾਈ ਲਈ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕ ਹਿੱਤਾਂ ਦੀ ਬਜਾਏ ਮਨਮਰਜ਼ੀ ਨਾਲ ਕੰਮ ਕੀਤਾ, ਜਦਕਿ ਮੌਜੂਦਾ ਸਰਕਾਰ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇ ਰਹੀ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ। ਆਮ ਲੋਕਾਂ ਨੂੰ ਰਾਹਤ ਦੇਣ ਲਈ ਹਰ ਮਹੀਨੇ 600 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਵੀ ਜਾਰੀ ਹੈ।
ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨੀ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਨੂੰ ਅਪਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਤਰੀਕੇ ਨਾਲ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1,500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਸ. ਖੁੱਡੀਆਂ ਨੇ ਪਿੰਡ ਮਾਹੂਆਣਾ ਵਿੱਚ ਇੰਟਰਲਾਕ ਟਾਇਲਾਂ ਨਾਲ ਬਣਨ ਵਾਲੀਆਂ ਗਲੀਆਂ ਦਾ ਨੀਂਹ ਪੱਥਰ ਰੱਖਿਆ ਅਤੇ ਪਿੰਡ ਦਿਉਣ ਖੇੜਾ ਵਿੱਚ ਨਵੇਂ ਜਿੰਮ ਦਾ ਉਦਘਾਟਨ ਵੀ ਕੀਤਾ।
ਸਮਾਗਮ ਦੌਰਾਨ ਗੁਰਬਾਜ ਸਿੰਘ ਵਣਵਾਲਾ, ਰਾਕੇਸ਼ ਬਿਸਨੋਈ (ਬੀ.ਡੀ.ਪੀ.ਓ.), ਮਨਪ੍ਰੀਤ ਕੌਰ ਸਰਪੰਚ ਮਾਹੂਆਣਾ, ਨਿਰਮਲ ਸਿੰਘ, ਗੁਰਮੁੱਖ ਸਿੰਘ, ਜੋਗਿੰਦਰ ਸਿੰਘ, ਗੁਰਦੀਪ ਸਿੰਘ, ਗੁਰਤੇਜ਼ ਸਿੰਘ, ਅਮਨ ਕੰਬੋਜ਼, ਡਾ. ਮੋਹਿਤ, ਰਾਜਾ ਮਾਹੂਆਣਾ, ਰਛਪਾਲ ਸਿੰਘ, ਤੋਜੀ ਲੰਬੀ, ਜਸਵਿੰਦਰ ਸਿੰਘ ਭਾਗੂ, ਪਰਮਪਾਲ ਸਿੰਘ ਭਾਗੂ, ਸਰਪੰਚ ਮਹਿੰਦਾ ਰਾਮ, ਰਜਿੰਦਰ ਦੰਦੀਵਾਲ, ਰਾਰਾ ਮਾਨ, ਗੁਰਵਿੰਦਰ ਬਰਾੜ, ਗੁਰਬਾਜ ਸਿੰਘ (ਪੀ.ਏ.), ਮੋਹਿਤ ਸੋਨੀ (ਮੀਡੀਆ ਇੰਚਾਰਜ) ਸਮੇਤ ਹੋਰ ਪਤਵੰਤੇ ਹਾਜ਼ਰ ਸਨ।