ਪੀ.ਏ.ਯੂ. ਦੇ ਕਿਸਾਨ ਮੇਲੇ ਕਿਸਾਨਾਂ ਅਤੇ ਵਿਗਿਆਨੀਆਂ ਦੀ ਸਾਂਝ ਦਾ ਕੇਂਦਰ : ਸ. ਗੁਰਮੀਤ ਸਿੰਘ ਖੁੱਡੀਆਂ
ਬਠਿੰਡਾ, 25 ਸਤੰਬਰ :
ਹਾੜ੍ਹੀ ਦੀਆਂ ਫ਼ਸਲਾਂ ਲਈ ਸਤੰਬਰ ਮਹੀਨੇ ਦੌਰਾਨ ਪੀ.ਏ.ਯੂ. ਵਲੋਂ ਕਰਵਾਏ ਜਾਂਦੇ ਕਿਸਾਨ ਮੇਲਿਆਂ ਦੀ ਲੜੀ ਤਹਿਤ ਅੱਜ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਿਸਾਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੇਲੇ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਸ਼ਾਮਲ ਹੋਏ। ਕਿਸਾਨ ਮੇਲੇ ਦੀ ਪ੍ਰਧਾਨਗੀ ਪੀ.ਏ.ਯੂ. ਦੇ ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ ਆਈ.ਏ.ਐਸ. ਨੇ ਕੀਤੀ। ਇਸ ਤੋਂ ਇਲਾਵਾ ਸ. ਜਗਰੂਪ ਸਿੰਘ ਗਿੱਲ, ਐਮ.ਐਲ.ਏ., ਬਠਿੰਡਾ ਸ਼ਹਿਰੀ, ਸ. ਮੋਹਨ ਸਿੰਘ ਜਾਖੜ, ਮੈਂਬਰ ਪ੍ਰਬੰਧਕੀ ਬੋਰਡ ਪੀ.ਏ.ਯੂ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿੱਖਿਆ ਡਾ ਮੱਖਣ ਸਿੰਘ ਭੁੱਲਰ, ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ, ਯੂਨੀਵਰਸਿਟੀ ਉੱਚ ਅਧਿਕਾਰੀ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਵੀ ਮੰਚ ‘ਤੇ ਮੌਜੂਦ ਸਨ।
ਮੁੱਖ ਮਹਿਮਾਨ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਫਸਲੀ ਵਿਭਿੰਨਤਾ ਅਤੇ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਹੋਰ ਯਤਨ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਕਣਕ-ਝੋਨੇ ਦੇ ਨਾਲ-ਨਾਲ ਨਰਮਾ-ਕਪਾਹ ਵਰਗੀਆਂ ਫਸਲਾਂ ਬੀਜਣ ਦੀ ਅਪੀਲ ਕੀਤੀ। ਸ. ਖੁੱਡੀਆਂ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਖੇਤੀ ਦੇ ਨਾਲ-ਨਾਲ ਸਹਾਇਕ ਕਿੱਤਿਆਂ ਨੂੰ ਅਪਣਾਉਣ ’ਤੇ ਵੀ ਜ਼ੋਰ ਦਿੱਤਾ। ਸ. ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਲਈ ਪ੍ਰੋਸੈਸਿੰਗ ਦੇ ਨਾਲ ਨਾਲ ਖੁਦ ਮੰਡੀਕਰਨ ਦੇ ਖੇਤਰ ਵਿੱਚ ਵੀ ਆਉਣਾ ਪਵੇਗਾ। ਪੰਜਾਬ ਵੱਲੋਂ ਦੇਸ਼ ਦੇ ਅਨਾਜ ਭੰਡਾਰ ਵਿੱਚ ਪਾਏ ਜਾ ਰਹੇ ਯੋਗਦਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬਾ ਕੇਂਦਰੀ ਪੂਲ ਲਈ ਦੇਸ਼ ਦੇ ਕੁੱਲ ਝੋਨੇ ਦਾ ਲਗਭਗ 40 ਫ਼ੀਸਦੀ ਅਤੇ ਕਣਕ ਦਾ 25 ਫ਼ੀਸਦੀ ਹਿੱਸਾ ਮੁਹੱਈਆ ਕਰਵਾਉਂਦਾ ਹੈ। ਇਹ ਪ੍ਰਾਪਤੀ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਅਤੇ ਵਿਗਿਆਨੀਆਂ ਦੀ ਖੋਜ ਕਾਰਨ ਹੀ ਸੰਭਵ ਹੋ ਸਕੀ ਹੈ।
ਪ੍ਰਧਾਨਗੀ ਭਾਸ਼ਣ ਵਿੱਚ ਪੀ.ਏ.ਯੂ. ਦੇ ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ, ਆਈ.ਏ.ਐਸ. ਨੇ ਕਿਹਾ ਕਿ ਯੂਨੀਵਰਸਿਟੀ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਖੋਜਾਂ ਨੂੰ ਉਤਸ਼ਾਹਿਤ ਕਰਦਿਆਂ ਖੇਤੀ ਸੁਧਾਰਾਂ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੀ.ਏ.ਯੂ. ਦੇ ਵਿਗਿਆਨੀਆਂ ਦੀ ਖੋਜ ਦਾ ਉਦੇਸ਼ ਉਸ ਨੂੰ ਪ੍ਰਯੋਗਸ਼ਾਲਾ ਜਾਂ ਖੋਜ ਕੇਂਦਰ ਤੱਕ ਸੀਮਤ ਰੱਖਣ ਦੀ ਬਜਾਏ ਕਿਸਾਨ ਦੇ ਖੇਤ ਤੱਕ ਪਹੁੰਚਾਉਣਾ ਹੈ। ਇਸੇ ਦਿਸ਼ਾ ਵਿੱਚ ਫ਼ਸਲਾਂ ਦੇ ਝਾੜ ਅਤੇ ਗੁਣਵੱਤਾ ਵਿੱਚ ਸੁਧਾਰ ਲਈ ਨਵੀਆਂ ਕਿਸਮਾਂ ਵਿਕਸਤ ਕਰਨ ਦੇ ਨਾਲ-ਨਾਲ ਪਹਿਲਾਂ ਤੋਂ ਪ੍ਰਚਲਿਤ ਕਿਸਮਾਂ ਵਿੱਚ ਵੀ ਲੋੜ ਅਨੁਸਾਰ ਸੁਧਾਰ ਕੀਤੇ ਜਾ ਰਹੇ ਹਨ।
ਵਾਈਸ ਚਾਂਸਲਰ ਸ. ਸੁਖਜੀਤ ਪਾਲ ਸਿੰਘ, ਆਈ.ਏ.ਐਸ. ਨੇ ਕਿਸਾਨ ਮੇਲਿਆਂ ਦੀ ਭੂਮਿਕਾ ਨੂੰ ਸਿਰਫ਼ ਬੀਜਾਂ ਜਾਂ ਖੇਤੀ ਸਮੱਗਰੀ ਦੀ ਖਰੀਦ ਤੱਕ ਸੀਮਤ ਨਾ ਰੱਖਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਨ੍ਹਾਂ ਨੂੰ ਕਿਸਾਨਾਂ ਅਤੇ ਖੇਤੀ ਮਾਹਿਰਾਂ ਵਿਚਕਾਰ ਸਿੱਧੇ ਸੰਵਾਦ ਦੇ ਮੰਚ ਵਜੋਂ ਵਰਤਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਵੱਖ-ਵੱਖ ਖੇਤੀ ਸਮੱਸਿਆਵਾਂ ਬਾਰੇ ਵਿਚਾਰ ਕਰਨ ਅਤੇ ਉਨ੍ਹਾਂ ਨੂੰ ਵਿਗਿਆਨਕ ਸੇਧ ਦੇਣ ਲਈ ਮੇਲੇ ਵਿੱਚ ਯੂਨੀਵਰਸਿਟੀ ਦੇ ਮਾਹਿਰ ਮੌਜੂਦ ਹਨ। ਕਿਸਾਨ ਆਪਣੀਆਂ ਸਮੱਸਿਆਵਾਂ ਅਤੇ ਖੇਤ ਪੱਧਰ ’ਤੇ ਦਰਪੇਸ਼ ਚੁਣੌਤੀਆਂ ਮਾਹਿਰਾਂ ਨਾਲ ਸਾਂਝੀਆਂ ਕਰਨ। ਪਰਾਲੀ ਦੀ ਸੰਭਾਲ ਦੇ ਮੁੱਦੇ ਦਾ ਜ਼ਿਕਰ ਕਰਦਿਆਂ ਵਾਈਸ ਚਾਂਸਲਰ ਨੇ ਕਿਹਾ ਕਿ ਇਸ ਨੂੰ ਸਿਰਫ਼ ਖੇਤੀਬਾੜੀ ਨਾਲ ਜੁੜੀ ਇੱਕ ਚੁਣੌਤੀ ਵਜੋਂ ਦੇਖਣ ਦੀ ਬਜਾਏ ਇਸ ਦੀ ਉਪਯੋਗਤਾ ਨੂੰ ਸਮਝਦਿਆਂ ਇੱਕ ਖੇਤੀ ਸਰੋਤ ਵਜੋਂ ਵਰਤਣ ਵੱਲ ਧਿਆਨ ਦੇਣ ਦੀ ਲੋੜ ਹੈ।
ਇਸ ਮੌਕੇ ਸ. ਜਗਰੂਪ ਸਿੰਘ ਗਿੱਲ, ਐਮ.ਐਲ.ਏ., ਬਠਿੰਡਾ ਸ਼ਹਿਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੀ.ਏ.ਯੂ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਕਿਸਾਨ ਮੇਲਾ ਗਿਆਨ ਦਾ ਕੇਂਦਰ ਹੈ। ਕਿਸਾਨਾਂ ਨੂੰ ਇਸ ਮੇਲੇ ਤੋਂ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਉਪਰ ਦਿੱਤੀ ਜਾਂਦੀ ਸਬਸਿਡੀ ਤੋਂ ਵੀ ਲਾਭ ਉਠਾਉਣ ਲਈ ਕਿਸਾਨਾਂ ਨੂੰ ਅਪੀਲ ਕੀਤੀ।
ਹਾੜ੍ਹੀ ਦੀਆਂ ਫ਼ਸਲਾਂ ਲਈ ਪੀ.ਏ.ਯੂ. ਵੱਲੋਂ ਜਾਰੀ ਖੇਤੀ ਸਿਫ਼ਾਰਸ਼ਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਵਿੱਚ ਪੈਦਾਵਾਰ ਦੇ ਪੱਖੋਂ ਲਗਾਤਾਰ ਹੋ ਰਿਹਾ ਸੁਧਾਰ ਵਿਗਿਆਨੀਆਂ ਵੱਲੋਂ ਕੀਤੀ ਜਾ ਰਹੀ ਖੋਜ, ਕਿਸਾਨਾਂ ਦੀ ਮਿਹਨਤ, ਖੇਤੀ ਪਾਸਾਰ ਅਤੇ ਸਰਕਾਰ ਦੀਆਂ ਖੇਤੀ ਨੀਤੀਆਂ ਵਿਚਕਾਰ ਬਣੇ ਆਪਸੀ ਤਾਲਮੇਲ ਦਾ ਨਤੀਜਾ ਹੈ।
ਡਾ. ਢੱਟ ਨੇ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਵੱਲੋਂ ਸਾਂਝੇ ਤੌਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਖੇਤਰ ਨਾਲ ਜੁੜੀਆਂ ਵੱਖ-ਵੱਖ ਧਿਰਾਂ ਦੇ ਇਨ੍ਹਾਂ ਯਤਨਾਂ ਨੇ ਨਾ ਸਿਰਫ਼ ਪੰਜਾਬ ਦੀ ਖੇਤੀ ਨੂੰ ਮਜ਼ਬੂਤ ਆਧਾਰ ਦਿੱਤਾ ਹੈ, ਸਗੋਂ ਦੇਸ਼ ਦੀ ਖੇਤੀਬਾੜੀ ਦੇ ਵਿਕਾਸ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਬਦਲਦੀਆਂ ਖੇਤੀ ਲੋੜਾਂ ਅਤੇ ਨਵੀਆਂ ਚੁਣੌਤੀਆਂ ਦੇ ਮੱਦੇਨਜ਼ਰ ਖੋਜ ਨੂੰ ਕਿਸਾਨਾਂ ਦੀਆਂ ਵਿਹਾਰਕ ਲੋੜਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਪ੍ਰਸੰਗ ਵਿੱਚ ਉਨ੍ਹਾਂ ਪੀ.ਏ.ਯੂ. ਵੱਲੋਂ ਕੀਤੀ ਜਾ ਰਹੀ ਖੇਤੀ ਖੋਜ ਅਤੇ ਇਸ ਦੇ ਨਤੀਜਿਆਂ ਨੂੰ ਕਿਸਾਨਾਂ ਤੱਕ ਵਿਗਿਆਨਕ ਸੇਧ ਦੇ ਰੂਪ ਵਿੱਚ ਪਹੁੰਚਾਉਣ ਲਈ ਨਿਭਾਈ ਜਾ ਰਹੀ ਭੂਮਿਕਾ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ।