ਚੰਡੀਗੜ੍ਹ, 10 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੋਂ ਹੀ ਪੂਰੀ ਤਿਆਰੀ ਕਰਨ ਤਾਂ ਜੋ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।
ਇੱਥੇ ਆਯੋਜਿਤ ਇੱਕ ਵਰਕਸ਼ਾਪ ਦੌਰਾਨ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੀਟਿੰਗ ਕਿਸੇ ਰੈਲੀ ਜਾਂ ਰਸਮੀ ਸਮਾਗਮ ਤੋਂ ਵੱਖਰੀ ਹੈ, ਬਲਕਿ ਇੱਕ ਵਿਚਾਰ-ਵਟਾਂਦਰਾ ਹੈ। ਇਸ ਮੌਕੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਵਰਚੁਅਲ ਤੌਰ ’ਤੇ ਸ਼ਾਮਲ ਹੋਏ।
ਮੁੱਖ ਮੰਤਰੀ ਨੇ ਆਪਣੇ ਸਿਆਸੀ ਸਫ਼ਰ ਨੂੰ ਯਾਦ ਕਰਦਿਆਂ ਕਿਹਾ ਕਿ 2014 ਵਿੱਚ ਜਦੋਂ ਉਹ ਪਹਿਲੀ ਵਾਰ ਚੋਣ ਮੈਦਾਨ ’ਚ ਉਤਰੇ ਸਨ, ਤਦੋਂ ਸੰਗਰੂਰ ਦੇ ਕਈ ਪਿੰਡਾਂ ਵਿੱਚ ਪਾਰਟੀ ਦੇ ਵਰਕਰ ਵੀ ਮੌਜੂਦ ਨਹੀਂ ਸਨ ਅਤੇ ਉਹ ਆਪਣੀ ਜਾਣ-ਪਛਾਣ ਖੁਦ ਕਰਵਾਉਂਦੇ ਸਨ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਇੱਕ ਮਜ਼ਬੂਤ ਕੌਮੀ ਪਾਰਟੀ ਬਣ ਚੁੱਕੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ੁਰੂਆਤ ਵਿੱਚ ਇਹ ਸਵਾਲ ਉੱਠਦਾ ਸੀ ਕਿ ਕੀ ਆਮ ਆਦਮੀ ਪਾਰਟੀ ਪੰਜਾਬ ਵਿੱਚ ਕਾਮਯਾਬ ਹੋ ਸਕੇਗੀ, ਪਰ ਪੰਜਾਬ ਨੇ ਹਮੇਸ਼ਾ ਨਵੇਂ ਵਿਚਾਰਾਂ ਅਤੇ ਇਮਾਨਦਾਰ ਰਾਜਨੀਤੀ ਨੂੰ ਅਪਣਾਇਆ ਹੈ। ਅਰਵਿੰਦ ਕੇਜਰੀਵਾਲ ਦੀ ਸਾਫ਼-ਸੁਥਰੀ ਅਤੇ ਨਵੀਂ ਰਾਜਨੀਤੀ ਨੂੰ ਪੰਜਾਬ ਨੇ ਦਿਲੋਂ ਸਵੀਕਾਰ ਕੀਤਾ, ਜਿਸ ਦਾ ਨਤੀਜਾ ਪਾਰਟੀ ਨੂੰ ਸ਼ੁਰੂ ਵਿੱਚ ਮਿਲੀਆਂ ਚਾਰ ਸੀਟਾਂ ਰੂਪ ਵਿੱਚ ਮਿਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਅਤੇ ਇੱਥੇ ਨਫ਼ਰਤ ਤੋਂ ਇਲਾਵਾ ਹਰ ਚੀਜ਼ ਪਲਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ‘ਆਪ’ ਪੰਜਾਬ ਵਿੱਚ ਸੱਤਾ ਵਿੱਚ ਹੈ ਅਤੇ ਪਾਰਟੀ ਦੇ ਰਾਜ ਸਭਾ, ਲੋਕ ਸਭਾ ਮੈਂਬਰਾਂ ਤੋਂ ਲੈ ਕੇ ਮੇਅਰ, ਕੌਂਸਲਰ ਅਤੇ ਸਰਪੰਚ ਤੱਕ ਮੌਜੂਦ ਹਨ। ਉਨ੍ਹਾਂ ਵਰਕਰਾਂ ਨੂੰ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਵਲੰਟੀਅਰਾਂ ’ਤੇ ਸਭ ਤੋਂ ਵੱਧ ਭਰੋਸਾ ਕਰਦੀ ਹੈ, ਇਸੇ ਲਈ ਉਹਨਾਂ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਜ਼ਿੰਮੇਵਾਰੀਆਂ ਦਿੱਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੁਰੂ ਸਾਹਿਬਾਨ ਤੋਂ ਕੁਰਬਾਨੀ, ਮਿਹਨਤ ਅਤੇ ਸਮਰਪਣ ਦੀ ਵਿਰਾਸਤ ਮਿਲੀ ਹੈ। ਪੰਜਾਬ ਧਰਮ-ਨਿਰਪੱਖਤਾ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕਰਨ ਵਾਲੀ ਧਰਤੀ ਹੈ। ਇਸ ਲਈ ਪਾਰਟੀ ਵਰਕਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦਾ ਸੁਨੇਹਾ ਹਰ ਪਿੰਡ, ਸ਼ਹਿਰ ਅਤੇ ਵਾਰਡ ਤੱਕ ਪਹੁੰਚਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਇਤਿਹਾਸਕ ਕੰਮਾਂ ਦੇ ਆਧਾਰ ’ਤੇ ਆਮ ਆਦਮੀ ਪਾਰਟੀ 2027 ਵਿੱਚ ਮੁੜ ਸੱਤਾ ’ਚ ਆਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਰਵਾਇਤੀ ਪਾਰਟੀਆਂ ‘ਆਪ’ ਦੀ ਨਕਲ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਪਰ ਅਜੇ ਵੀ ਕਾਫ਼ੀ ਪਿੱਛੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਹੋਰ ਪਾਰਟੀਆਂ ਟ੍ਰੋਲ ਖਰੀਦਦੀਆਂ ਹਨ, ਉੱਥੇ ‘ਆਪ’ ਦੇ ਵਲੰਟੀਅਰ ਹੀ ਪੰਜਾਬ ਦੀ ਅਸਲ ਫੌਜ ਹਨ।
ਮੁੱਖ ਮੰਤਰੀ ਨੇ ਵਰਕਰਾਂ ਨੂੰ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਦੀ ਕਦਰ ਕਰਨ ਅਤੇ ਚੁਣੌਤੀਆਂ ਦਾ ਮਿਲਜੁਲ ਕੇ ਹੱਲ ਕੱਢਣ ’ਤੇ ਜ਼ੋਰ ਦਿੱਤਾ।
ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਬਾਰੇ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਮਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਵਾਇਤੀ ਪਾਰਟੀਆਂ ਦੇ ਭਰਮ ਤੋਂ ਬਚਾਇਆ ਜਾਣਾ ਚਾਹੀਦਾ ਹੈ ਅਤੇ ਸੱਚਾਈ ਉਨ੍ਹਾਂ ਤੱਕ ਪਹੁੰਚਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 1,000 ਸੀਨੀਅਰ ਆਗੂਆਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ, ਜੋ ਪਿੰਡ ਅਤੇ ਵਾਰਡ ਪੱਧਰ ’ਤੇ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਬੂਥ ਕਮੇਟੀਆਂ ਅਤੇ ਫਰੰਟਲ ਵਿੰਗਾਂ ਨੂੰ ਵੀ ਹੋਰ ਮਜ਼ਬੂਤ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਹਾਜ਼ਰ ਸਨ, ਜਦਕਿ ਅਰਵਿੰਦ ਕੇਜਰੀਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਆਗੂਆਂ ਨੂੰ ਸੰਬੋਧਨ ਕੀਤਾ।
