ਭਨਾਮ/ਨੰਗਲ, 7 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਭਨਾਮ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।
ਲੋਕਾਂ ਨੂੰ ਸੰਬੋਧਨ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਸਾਫ-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਲੋਕਪੱਖੀ ਫੈਸਲੇ ਲਏ ਜਾ ਰਹੇ ਹਨ ਅਤੇ ਹਰ ਵਰਗ ਨੂੰ ਰਾਹਤ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਚਲਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੀ ਕੰਮ ਕੀਤਾ ਜਾ ਰਿਹਾ ਹੈ।
ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਨੂੰ ਸੈਰ-ਸਪਾਟਾ ਹੱਬ ਵਜੋਂ ਵਿਕਸਤ ਕਰਨ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨਫੋਰਮੇਸ਼ਨ ਸੈਂਟਰ, ਭਾਈ ਜੈਤਾ ਜੀ ਯਾਦਗਾਰ ਅਤੇ ਨੇਚਰ ਪਾਰਕ ਵਰਗੇ ਪ੍ਰੋਜੈਕਟ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਕਈ ਵਿਕਾਸ ਪ੍ਰੋਜੈਕਟ ਚੱਲ ਰਹੇ ਹਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਲੀਹਾਂ ’ਤੇ ਲਿਜਾਣ ਲਈ ਸਰਕਾਰ ਦਿਨ-ਰਾਤ ਕੰਮ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਲਗਾਤਾਰ ਜਾਰੀ ਹਨ, ਜਿਸ ਤਹਿਤ ਉਹ ਲੋਕਾਂ ਦੇ ਘਰਾਂ ਦੇ ਨੇੜੇ ਪਹੁੰਚ ਕੇ ਜ਼ਮੀਨੀ ਪੱਧਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਅਤੇ ਹੱਲ ਕਰਨ ਦੇ ਯਤਨ ਕਰਦੇ ਹਨ।
ਇਸ ਮੌਕੇ ਅੰਕੁਸ਼ ਪਾਠਕ, ਨਿਤਿਨ ਬਾਸੋਵਾਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।