ਮਾਨਸਾ ਜ਼ਿਲ੍ਹੇ ਦੇ ਬੋਹਾ ਖੇਤਰ ਵਿੱਚ ਬਾਲ ਮਜ਼ਦੂਰੀ ਨੂੰ ਰੋਕਣ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਰਤ ਵਿਭਾਗ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਸਾਂਝੀ ਛਾਪਾਮਾਰੀ ਕੀਤੀ ਗਈ। ਇਸ ਮੁਹਿੰਮ ਦਾ ਮਕਸਦ ਨਾਬਾਲਗ ਬੱਚਿਆਂ ਨੂੰ ਮਜ਼ਦੂਰੀ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿੱਖਿਆ ਨਾਲ ਜੋੜਨਾ ਸੀ।
ਕਿਰਤ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਇਕਾਈ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਸਾਂਝੀ ਟੀਮ ਨੇ ਬੋਹਾ ਦੇ ਕਈ ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਕਾਰੋਬਾਰੀ ਥਾਵਾਂ ਦੀ ਜਾਂਚ ਕੀਤੀ। ਇਸ ਦੌਰਾਨ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਬਾਲ ਮਜ਼ਦੂਰੀ ਵਿਰੁੱਧ ਜਾਗਰੂਕ ਵੀ ਕੀਤਾ ਗਿਆ।
ਕਿਰਤ ਇੰਸਪੈਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਬਾਲ ਮਜ਼ਦੂਰੀ (ਪ੍ਰਤੀਬੰਧ ਅਤੇ ਨਿਯਮਨ) ਕਾਨੂੰਨ ਤਹਿਤ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕੰਮ ’ਤੇ ਲਗਾਉਣਾ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਕਿਸੇ ਵੀ ਕਾਰੋਬਾਰ ਜਾਂ ਕੰਮ ਵਿੱਚ ਨਹੀਂ ਲਗਾਇਆ ਜਾ ਸਕਦਾ, ਜਦਕਿ 14 ਤੋਂ 18 ਸਾਲ ਦੀ ਉਮਰ ਦੇ ਕਿਸ਼ੋਰਾਂ ਨੂੰ ਖਤਰਨਾਕ ਉਦਯੋਗਾਂ ਜਾਂ ਖਤਰਨਾਕ ਕੰਮਾਂ ਵਿੱਚ ਰੁਜ਼ਗਾਰ ਦੇਣ ’ਤੇ ਪਾਬੰਦੀ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਕਰਵਾਉਂਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਮਾਪਿਆਂ ਅਤੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਅਤੇ ਹਰ ਬੱਚੇ ਨੂੰ ਸਿੱਖਿਆ ਦਾ ਮੌਕਾ ਪ੍ਰਦਾਨ ਕਰਨ ਵਿੱਚ ਸਹਿਯੋਗ ਦੇਣ।
ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੇ ਰਜਿੰਦਰ ਵਰਮਾ ਨੇ ਕਿਹਾ ਕਿ ਬਾਲ ਮਜ਼ਦੂਰੀ ਇੱਕ ਗੰਭੀਰ ਸਮਾਜਿਕ ਬੁਰਾਈ ਹੈ ਅਤੇ ਬੱਚਿਆਂ ਦੀ ਅਸਲ ਜਗ੍ਹਾ ਸਕੂਲਾਂ ਵਿੱਚ ਹੈ, ਨਾ ਕਿ ਕੰਮ ਵਾਲੀਆਂ ਥਾਵਾਂ ’ਤੇ। ਉਨ੍ਹਾਂ ਦੱਸਿਆ ਕਿ ਰੇਡ ਦੌਰਾਨ ਮਿਲਣ ਵਾਲੇ ਬੱਚਿਆਂ ਦੀ ਕਾਊਂਸਲਿੰਗ ਕੀਤੀ ਜਾਵੇਗੀ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਅਤੇ ਸਿੱਖਿਆ ਨਾਲ ਜੋੜਿਆ ਜਾਵੇਗਾ।
ਪ੍ਰਸ਼ਾਸਨ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਬਾਲ ਮਜ਼ਦੂਰੀ ਖ਼ਿਲਾਫ਼ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਤੇ ਵੀ ਬਾਲ ਮਜ਼ਦੂਰੀ ਦਾ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਸਬੰਧਤ ਵਿਭਾਗ ਜਾਂ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਿਤ ਕੀਤਾ ਜਾਵੇ।