ਮਾਨਸਾ, 10 ਮਾਰਚ:
ਮਾਨਸਾ ਜ਼ਿਲ੍ਹੇ ਵਿੱਚ 13 ਮਾਰਚ ਤੋਂ ਸ਼ੁਰੂ ਹੋਣ ਜਾ ਰਹੇ ਸਰਸ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਅਨਾਜ ਮੰਡੀ ਵਿਖੇ ਦੌਰਾ ਕੀਤਾ ਗਿਆ। ਉਨ੍ਹਾਂ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੇ ਸ਼ਾਨਦਾਰ ਆਗਾਜ਼ ਲਈ ਸਾਰੇ ਲੋੜੀਂਦੇ ਪ੍ਰਬੰਧ ਮਿੱਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ।
ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ 22 ਮਾਰਚ ਤੱਕ ਚੱਲਣ ਵਾਲੇ ਇਸ ਮੇਲੇ ਵਿੱਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਸੈਂਕੜੇ ਦਸਤਕਾਰ, ਸ਼ਿਲਪਕਾਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੇਲਾ ਜਿੱਥੇ ਦੇਸ਼ ਦੀ ਵਿਭਿੰਨਤਾ ਵਿੱਚ ਏਕਤਾ ਅਤੇ ਅਮੀਰ ਸੱਭਿਆਚਾਰ ਦੀ ਝਲਕ ਪੇਸ਼ ਕਰੇਗਾ, ਉੱਥੇ ਹੀ ਸਥਾਨਕ ਲੋਕਾਂ ਲਈ ਮਨੋਰੰਜਨ ਅਤੇ ਖਰੀਦਦਾਰੀ ਦਾ ਇੱਕ ਵੱਡਾ ਕੇਂਦਰ ਹੋਵੇਗਾ।
ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੇਲੇ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਯੋਜਨਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੀਆਈਪੀਜ਼, ਮੀਡੀਆ ਅਤੇ ਆਮ ਲੋਕਾਂ ਦੇ ਦਾਖਲੇ ਲਈ ਵੱਖ-ਵੱਖ ਗੇਟ ਬਣਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਾਹਨਾਂ ਦੀ ਪਾਰਕਿੰਗ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਿਗਰਾਨੀ ਦੇ ਵੀ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਮੌਕੇ 'ਤੇ ਮੌਜੂਦ ਵੱਖ-ਵੱਖ ਕਮੇਟੀਆਂ ਦੇ ਨੋਡਲ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਪੀਣ ਵਾਲੇ ਸਾਫ ਪਾਣੀ, ਸਾਫ਼-ਸਫ਼ਾਈ, ਬਿਜਲੀ ਸਪਲਾਈ ਅਤੇ ਮੈਡੀਕਲ ਸਹੂਲਤਾਂ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਵਿਖੇ ਸਟਾਲਾਂ ਦੀ ਵੰਡ ਅਤੇ ਸੱਭਿਆਚਾਰਕ ਸਟੇਜ ਦੀ ਸਜਾਵਟ ਦਾ ਕੰਮ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ, ਏਡੀਸੀ ਅਨੁਪ੍ਰਿਤਾ ਜੌਹਲ, ਮੁੱਖ ਮੰਤਰੀ ਫੀਲਡ ਅਫਸਰ ਗੁਰਲੀਨ ਕੌਰ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਅਤੇ ਹੋਰ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।