ਦਹਾਕਿਆਂ ਤੋਂ ਮਾਲਕੀ ਹੱਕਾਂ ਦੀ ਉਡੀਕ ਕਰ ਰਹੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਰਹੀ ਹੈ ਵੱਡੀ ਰਾਹਤ
ਲਾਲ ਲਕੀਰ ਅੰਦਰਲੇ ਮਕਾਨਾਂ ਅਤੇ ਨਗਰ ਕੌਂਸਲ ਦੀਆਂ ਦੁਕਾਨਾਂ ਦੇ ਮਾਲਕੀ ਹੱਕ ਦੇਣ ਲਈ ਸਰਕਾਰ ਵਚਨਬੱਧ- ਕੈਬਨਿਟ ਮੰਤਰੀ
ਨੰਗਲ ਵਿੱਚ ਵਿਕਾਸ ਕਾਰਜਾਂ ਦੀ ਨਵੀਂ ਤਸਵੀਰ ਉੱਭਰ ਰਹੀ ਹੈ, ਜਲਦੀ ਮਿਲਣਗੀਆਂ ਹੋਰ ਵੱਡੀਆਂ ਖ਼ੁਸ਼ਖ਼ਬਰੀਆਂ- ਬੈਂਸ
ਨੰਗਲ 12 ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਅਤੇ ਦੁਕਾਨਾਂ ਦੇ ਮਾਲਕੀ ਹੱਕ ਦਿਵਾਉਣ ਲਈ ਸ਼ੁਰੂ ਕੀਤੀਆਂ ਗਈਆਂ ‘ਮੇਰਾ ਘਰ ਮੇਰੇ ਨਾਮ’ ਅਤੇ ‘ਮੇਰੀ ਦੁਕਾਨ ਮੇਰੇ ਨਾਮ’ ਵਰਗੀਆਂ ਲੋਕ ਪੱਖੀ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਹ ਅਪੀਲ ਕੈਬਨਿਟ ਮੰਤਰੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਹੱਕ ਦਿਵਾ ਕੇ ਉਨ੍ਹਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਆਪਣੇ ਘਰਾਂ ਅਤੇ ਦੁਕਾਨਾਂ ਵਿੱਚ ਰਹਿ ਰਹੇ ਜਾਂ ਕਾਰੋਬਾਰ ਕਰ ਰਹੇ ਅਜਿਹੇ ਲੋਕ, ਜਿਨ੍ਹਾਂ ਕੋਲ ਮਾਲਕੀ ਹੱਕਾਂ ਸਬੰਧੀ ਲੋੜੀਂਦੇ ਦਸਤਾਵੇਜ਼ ਨਹੀਂ ਸਨ, ਹੁਣ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਸਥਿਤ ਮਕਾਨਾਂ ਵਿੱਚ ਰਹਿ ਰਹੇ ਯੋਗ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਸ ਦੀ ਸ਼ੁਰੂਆਤ ਸ੍ਰੀ ਕੀਰਤਪੁਰ ਸਾਹਿਬ ਨੇੜਲੇ ਪਿੰਡ ਸਮਲਾਹ ਤੋਂ ਕਰਦਿਆਂ 72 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਕਈ ਪਰਿਵਾਰ ਦਹਾਕਿਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਮਾਲਕੀ ਹੱਕਾਂ ਦਾ ਰਿਕਾਰਡ ਨਾ ਹੋਣ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਸਰਕਾਰ ਵੱਲੋਂ ਅਜਿਹੇ ਯੋਗ ਪਰਿਵਾਰਾਂ ਨੂੰ ਨਿਯਮਾਂ ਅਨੁਸਾਰ ਮਾਲਕੀ ਹੱਕ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਸਬੰਧੀ ਕਾਨੂੰਨੀ ਅਤੇ ਪ੍ਰਸ਼ਾਸਨਿਕ ਕੰਮਾਂ ਵਿੱਚ ਸਹੂਲਤ ਮਿਲੇਗੀ।
ਇਸੇ ਤਰ੍ਹਾਂ ‘ਮੇਰੀ ਦੁਕਾਨ ਮੇਰੇ ਨਾਮ’ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨਗਰ ਕੌਂਸਲ ਦੀਆਂ ਦੁਕਾਨਾਂ ਵਿੱਚ ਲੰਮੇ ਸਮੇਂ ਤੋਂ ਕਾਰੋਬਾਰ ਕਰ ਰਹੇ ਯੋਗ ਵਿਅਕਤੀਆਂ ਨੂੰ ਵੀ ਨਿਰਧਾਰਤ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਮਾਲਕੀ ਹੱਕ ਦੇਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਤੈਅ ਕੀਤੇ ਮਾਪਦੰਡਾਂ ਨੂੰ ਪੂਰਾ ਕਰਦੇ ਹਨ, ਉਹ ਇਸ ਯੋਜਨਾ ਦਾ ਲਾਭ ਲੈਣ ਲਈ ਸਬੰਧਤ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਅਤੇ ਲੋਕ ਹਿੱਤ ਵਿੱਚ ਫ਼ੈਸਲੇ ਲੈਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਕੀਮਾਂ ਦੀ ਯੋਗਤਾ, ਲੋੜੀਂਦੇ ਦਸਤਾਵੇਜ਼ਾਂ ਅਤੇ ਹੋਰ ਸ਼ਰਤਾਂ ਬਾਰੇ ਜਾਣਕਾਰੀ ਲੈ ਕੇ ਸਮੇਂ ਸਿਰ ਅਰਜ਼ੀਆਂ ਦੇਣ।
ਇਸ ਮੌਕੇ ਕੈਬਨਿਟ ਮੰਤਰੀ ਨੇ ਨਵਰਾਤਰਿਆਂ ਦੇ ਪਵਿੱਤਰ ਦਿਨਾਂ ਦੀ ਸ਼ੁਰੂਆਤ ਅਤੇ ਆਉਣ ਵਾਲੇ ਦੁਸਹਿਰੇ ਤੇ ਦੀਵਾਲੀ ਦੇ ਤਿਉਹਾਰਾਂ ਦੀ ਸਮੂਹ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਮੌਸਮ ਵਿੱਚ ਬਾਜ਼ਾਰਾਂ ਵਿੱਚ ਰੌਣਕਾਂ ਵਧ ਰਹੀਆਂ ਹਨ ਅਤੇ ਲੋਕਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਤਿਉਹਾਰ ਸਾਨੂੰ ਆਪਸੀ ਭਾਈਚਾਰੇ, ਪਿਆਰ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਨੂੰ ਮਿਲਜੁਲ ਕੇ ਮਨਾਉਂਦਿਆਂ ਸਮਾਜਿਕ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇ।
ਨੰਗਲ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਵੱਡੇ ਪ੍ਰੋਜੈਕਟਾਂ ’ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਫਲਾਈਓਵਰ ਦਾ ਕੰਮ ਚੱਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨੰਗਲ ਵਾਸੀਆਂ ਨੂੰ ਵਿਕਾਸ ਨਾਲ ਜੁੜੀਆਂ ਹੋਰ ਖ਼ੁਸ਼ਖ਼ਬਰੀਆਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਨੰਗਲ ਸਮੇਤ ਪੰਜਾਬ ਦੇ ਹਰ ਖੇਤਰ ਵਿੱਚ ਵਿਕਾਸ ਨੂੰ ਗਤੀ ਦੇਣਾ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਲੋਕ ਪੱਖੀ ਫ਼ੈਸਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ।
Crime