ਢੱਡੇ (ਬਠਿੰਡਾ), 7 ਸਤੰਬਰ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਔਰਤਾਂ ਨਾਲ ਸਬੰਧਤ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕੀਤੀ ਜਾਵੇ, ਤਾਂ ਜੋ ਕੋਈ ਵੀ ਔਰਤ ਆਪਣੇ ਬਣਦੇ ਹੱਕਾਂ ਅਤੇ ਸਰਕਾਰੀ ਸਹੂਲਤਾਂ ਤੋਂ ਵਾਂਝੀ ਨਾ ਰਹੇ।
ਉਹ ਬਠਿੰਡਾ ਜ਼ਿਲ੍ਹੇ ਦੇ ਪਿੰਡ ਢੱਡੇ ਵਿਖੇ ਮਹਿਲਾਵਾਂ ਨੂੰ ਭਲਾਈ ਸਕੀਮਾਂ ਅਤੇ ਉਨ੍ਹਾਂ ਦੇ ਅਧਿਕਾਰਾਂ ਸਬੰਧੀ ਜਾਗਰੂਕ ਕਰਨ ਲਈ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਇਸ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਵੀ ਮੌਜੂਦ ਸਨ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਮਹਿਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਮਹਿਲਾਵਾਂ ਨਾਲ ਸਬੰਧਤ ਸਮੱਸਿਆਵਾਂ ਦੀ ਸੁਣਵਾਈ ਕੀਤੀ ਜਾਂਦੀ ਹੈ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਮਹਿਲਾਵਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਠਿੰਡਾ ਪੰਕਜ ਕੁਮਾਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਦੀ ਭਲਾਈ ਲਈ ਜ਼ਮੀਨੀ ਪੱਧਰ ’ਤੇ ਅਹਿਮ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ। ਆਂਗਣਵਾੜੀ ਕੇਂਦਰਾਂ ਰਾਹੀਂ ਬੱਚਿਆਂ ਦੀ ਮੁੱਢਲੀ ਸਿੱਖਿਆ, ਪੋਸ਼ਣ, ਸਿਹਤ ਅਤੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਵਿਸ਼ੇਸ਼ ਕੈਂਪ ਦੌਰਾਨ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਹਿਲਾਵਾਂ ਅਤੇ ਆਂਗਣਵਾੜੀ ਵਰਕਰਾਂ ਨੇ ਵੀ ਸ਼ਿਰਕਤ ਕੀਤੀ।