ਸ੍ਰੀ ਮੁਕਤਸਰ ਸਾਹਿਬ, 29 ਅਗਸਤ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ 10 ਰੋਜ਼ਾ ਵਿਸ਼ੇਸ਼ ਸਫ਼ਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ।
ਮੁਹਿੰਮ ਦੀ ਸ਼ੁਰੂਆਤ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਐਸ.ਡੀ.ਐੱਮ. ਸ੍ਰੀ ਗੁਰਕਿਰਨ ਦੀਪ ਸਿੰਘ, ਕਾਰਜ ਸਾਧਕ ਅਫ਼ਸਰ ਸ੍ਰੀ ਵਰੁਨ ਸਹੋਤਾ ਅਤੇ ਨਗਰ ਕੌਂਸਲ ਦੀ ਟੀਮ ਨਾਲ ਖ਼ੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਮੁਹਿੰਮ ਦੀ ਸ਼ੁਰੂਆਤ ਕਰਵਾਈ।
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ਼-ਸੁਥਰੇ ਅਤੇ ਵਾਤਾਵਰਣ ਪੱਖੋਂ ਬਿਹਤਰ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ 10 ਰੋਜ਼ਾ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਦੇ ਹਰ ਕੋਨੇ ਵਿੱਚੋਂ ਠੋਸ ਅਤੇ ਗਿੱਲੇ ਕੂੜੇ ਦਾ ਸੁਚੱਜਾ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਨਾਲ-ਨਾਲ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਵਾਰਡ-ਵਾਰ ਸਫ਼ਾਈ ਕੀਤੀ ਜਾਵੇਗੀ ਅਤੇ ਇਕੱਠੇ ਕੀਤੇ ਕੂੜੇ ਦਾ ਵਾਤਾਵਰਣ ਪੱਖੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ।
ਵਿਧਾਇਕ ਨੇ ਦੱਸਿਆ ਕਿ ਸਬੰਧਤ ਨਗਰ ਕੌਂਸਲ ਦੇ ਵਸਨੀਕ ਸਫ਼ਾਈ ਨਾਲ ਸਬੰਧਤ ਆਪਣੀਆਂ ਸ਼ਿਕਾਇਤਾਂ ਐਮ.ਸੇਵਾ ਐਪ ਰਾਹੀਂ ਦਰਜ ਕਰਵਾ ਸਕਦੇ ਹਨ।
ਇਸ ਮੌਕੇ ਸ. ਬਰਾੜ ਨੇ ਫਰੰਟ ਲਾਈਨ ’ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦਾ ਹੌਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਸਮਾਜ ਦੇ ਅਸਲ ਨਾਇਕ ਹਨ, ਜੋ ਸ਼ਹਿਰ ਨੂੰ ਸਾਫ਼ ਅਤੇ ਸੁੰਦਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰਦੇ ਹਨ।
ਉਨ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕਾਂ ਨੂੰ ‘ਮਿਸ਼ਨ ਕਲੀਨ ਪੰਜਾਬ’ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨਾਂ ਵਿੱਚ ਹੀ ਪਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ।
ਵਿਧਾਇਕ ਨੇ ਕਿਹਾ ਕਿ ਆਮ ਲੋਕਾਂ ਦੀ ਭਾਗੀਦਾਰੀ ਤੋਂ ਬਿਨਾਂ ਕੋਈ ਵੀ ਸਫ਼ਾਈ ਮੁਹਿੰਮ ਪੂਰੀ ਤਰ੍ਹਾਂ ਸਫ਼ਲ ਨਹੀਂ ਹੋ ਸਕਦੀ। ਇਸ ਲਈ ਹਰ ਸ਼ਹਿਰ ਵਾਸੀ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸ੍ਰੀ ਮੁਕਤਸਰ ਸਾਹਿਬ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਮੌਕੇ ’ਤੇ ਇਹ ਅਧਿਕਾਰੀ ਅਤੇ ਸ਼ਹਿਰ ਵਾਸੀ ਰਹੇ ਮੌਜੂਦ
ਇਸ ਮੌਕੇ ਚੇਅਰਮੈਨ ਸ੍ਰੀ ਸੰਦੀਪ ਸ਼ਰਮਾ, ਵਾਈਸ ਪ੍ਰਧਾਨ ਨਗਰ ਕੌਂਸਲ ਸ੍ਰੀ ਹਰਦੀਪ ਸਿੰਘ ਕਾਲਾ, ਜਨਰਲ ਇੰਸਪੈਕਟਰ ਨਗਰ ਕੌਂਸਲ ਸ੍ਰੀ ਸੋਮਵੀਰ, ਸੈਨਟਰੀ ਇੰਸਪੈਕਟਰ ਸ੍ਰੀ ਪਰਮਜੀਤ ਸਿੰਘ, ਐਮ.ਸੀ. ਸ੍ਰੀ ਸੁਖਜਿੰਦਰ ਸਿੰਘ, ਐਮ.ਸੀ. ਸ੍ਰੀ ਰਾਮ ਸਿੰਘ ਪੱਪੀ, ਡਾ. ਤਰਸੇਮ ਬਾਂਸਲ, ਜਸਪਾਲ ਸ਼ਰਮਾ, ਗੁਰਮੀਤ ਸਿੰਘ ਅਤੇ ਸਮਾਰਟ ਮੌਰਨਿੰਗ ਵਾਕ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।