ਮਲੋਟ/ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਧਾਨ ਸਭਾ ਹਲਕੇ ਦੇ ਸ੍ਰੀ ਗੁਰੂ ਰਵਿਦਾਸ ਨਗਰ ਵਿਖੇ 15 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ‘ਮਲੋਟ ਕਰਾਫਟ ਕੋਰੀਡੋਰ’ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ‘ਮਲੋਟ ਕਰਾਫਟ ਕੋਰੀਡੋਰ’ ਪ੍ਰੋਜੈਕਟ ਤਹਿਤ ਬਣਨ ਵਾਲੀ ਹੈਰੀਟੇਜ ਸਟਰੀਟ ਨੂੰ ਮੁਕੰਮਲ ਕਰਨ ਵਿੱਚ ਲਗਭਗ ਛੇ ਮਹੀਨੇ ਦਾ ਸਮਾਂ ਲੱਗੇਗਾ। ਇਸ ਪ੍ਰੋਜੈਕਟ ਤਹਿਤ ਸ੍ਰੀ ਗੁਰੂ ਰਵਿਦਾਸ ਨਗਰ ਦੀਆਂ ਚਾਰ ਗਲੀਆਂ ਨੂੰ ਕਵਰ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਨਗਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਪੰਜਾਬੀ ਜੁੱਤੀਆਂ ਬਣਾਉਣ ਦੇ ਰਵਾਇਤੀ ਕਾਰੋਬਾਰ ਨਾਲ ਜੁੜੇ ਹੋਏ ਹਨ। ਇੱਥੋਂ ਦੇ ਕਾਰੀਗਰ ਆਪਣੇ ਹੁਨਰ ਨਾਲ ਪੰਜਾਬੀ ਜੁੱਤੀਆਂ ਤਿਆਰ ਕਰਦੇ ਹਨ। ਕਰਾਫਟ ਕੋਰੀਡੋਰ ਅਤੇ ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਕਾਰੀਗਰਾਂ ਨੂੰ ਬਿਹਤਰ, ਸੁੰਦਰ ਅਤੇ ਸਾਫ਼-ਸੁਥਰਾ ਮਾਹੌਲ ਮਿਲੇਗਾ, ਜਿਸ ਨਾਲ ਉਨ੍ਹਾਂ ਦੇ ਕਾਰੋਬਾਰ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ।
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ ਮਨਜ਼ੂਰੀ ਮਿਲੀ ਅਤੇ ਸ੍ਰੀ ਗੁਰੂ ਰਵਿਦਾਸ ਨਗਰ ਵਿੱਚ ਚੱਲ ਰਹੇ ਰਵਾਇਤੀ ਕਾਰੋਬਾਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਫੰਡ ਜਾਰੀ ਕੀਤੇ ਗਏ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੈਵੀ ਗੋਇਲ, ਚੇਅਰਮੈਨ ਸਹਿਕਾਰੀ ਬੈਂਕ ਪੰਜਾਬ ਜਗਦੇਵ ਸਿੰਘ ਬਾਂਮ, ਜ਼ਿਲ੍ਹਾ ਪ੍ਰਧਾਨ ਜਸ਼ਨ ਬਰਾੜ, ਕਾਰਜਕਾਰੀ ਇੰਜੀਨੀਅਰ ਦਲਜੀਤ ਸਿੰਘ, ਕਾਰਜਕਾਰੀ ਇੰਜੀਨੀਅਰ ਅਮਨਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਮਲੋਟ ਜੋਨੀ ਗਰਗ, ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰਵੀਨ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।