ਫਿਰੋਜ਼ਪੁਰ, 25 ਮਈ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2026 ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਵੋਟਰਾਂ ਦੀ ਪਛਾਣ ਸਬੰਧੀ ਅਹਿਮ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ ਨੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਪਛਾਣ ਲਈ ਇਲੈਕਟੋਰਲ ਫੋਟੋ ਆਈਡੈਂਟੀਟੀ ਕਾਰਡ (EPIC) ਦੀ ਵਰਤੋਂ ਕਰ ਸਕਦੇ ਹਨ। ਜਿਨ੍ਹਾਂ ਕੋਲ EPIC ਕਾਰਡ ਉਪਲਬਧ ਨਹੀਂ ਹੈ, ਉਹ ਚੋਣ ਕਮਿਸ਼ਨ ਵੱਲੋਂ ਮਨਜ਼ੂਰ ਕੀਤੇ ਗਏ ਹੋਰ ਪਛਾਣ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਵੀ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ।
ਵੋਟਿੰਗ ਲਈ ਮਾਨਤਾ ਪ੍ਰਾਪਤ 15 ਪਛਾਣ ਦਸਤਾਵੇਜ਼
ਵੋਟਰ ਹੇਠ ਲਿਖੇ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇੱਕ ਦਸਤਾਵੇਜ਼ ਪੇਸ਼ ਕਰਕੇ ਆਪਣੀ ਪਛਾਣ ਸਾਬਤ ਕਰ ਸਕਦੇ ਹਨ:
- ਆਧਾਰ ਕਾਰਡ
- ਭਾਰਤੀ ਪਾਸਪੋਰਟ
- ਡਰਾਈਵਿੰਗ ਲਾਇਸੈਂਸ
- ਫੋਟੋ ਵਾਲਾ ਪੈਨ ਕਾਰਡ
- ਮਨਰੇਗਾ ਜਾਬ ਕਾਰਡ
- ਰਾਸ਼ਨ ਕਾਰਡ/ਨੀਲਾ ਕਾਰਡ
- ਫੋਟੋ ਸਮੇਤ ਆਰਮਜ਼ ਲਾਇਸੈਂਸ
- ਪੈਨਸ਼ਨ ਦਸਤਾਵੇਜ਼
- ਆਜ਼ਾਦੀ ਘੁਲਾਟੀਏ ਪਛਾਣ ਪੱਤਰ
- ਬੈਂਕ ਜਾਂ ਡਾਕਖਾਨੇ ਦੀ ਫੋਟੋ ਵਾਲੀ ਪਾਸਬੁੱਕ
- ਮਜ਼ਦੂਰੀ ਮੰਤਰਾਲੇ ਵੱਲੋਂ ਜਾਰੀ ਹੈਲਥ ਇੰਸ਼ੋਰੈਂਸ ਸਮਾਰਟ ਕਾਰਡ
- ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਜਾਰੀ ਸਰਕਾਰੀ ਪਛਾਣ ਪੱਤਰ
- ਯੂਨੀਕ ਡਿਸਏਬਿਲਟੀ ਆਈਡੀ (UDID) ਕਾਰਡ
- ਕੇਂਦਰ/ਰਾਜ ਸਰਕਾਰ, ਪੀਐੱਸਯੂ ਜਾਂ ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਜਾਰੀ ਸਰਵਿਸ ਆਈਡੀ ਕਾਰਡ
- ਮਾਨਤਾ ਪ੍ਰਾਪਤ ਵਿਦਿਅਕ ਸੰਸਥਾਵਾਂ ਵੱਲੋਂ ਜਾਰੀ ਵਿਦਿਆਰਥੀ ਪਛਾਣ ਪੱਤਰ
ਪਰਿਵਾਰ ਦੇ ਮੁਖੀ ਦੇ ਦਸਤਾਵੇਜ਼ ਨਾਲ ਵੀ ਹੋ ਸਕੇਗੀ ਪਛਾਣ
ਜ਼ਿਲ੍ਹਾ ਚੋਣ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਜੇਕਰ ਕੋਈ ਦਸਤਾਵੇਜ਼ ਪਰਿਵਾਰ ਦੇ ਮੁਖੀ ਦੇ ਨਾਮ ’ਤੇ ਜਾਰੀ ਕੀਤਾ ਗਿਆ ਹੈ ਤਾਂ ਉਸ ਦੇ ਆਧਾਰ ’ਤੇ ਪਰਿਵਾਰ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕੀਤੀ ਜਾ ਸਕਦੀ ਹੈ, ਬਸ਼ਰਤੇ ਉਨ੍ਹਾਂ ਦੀ ਪਛਾਣ ਸਪੱਸ਼ਟ ਅਤੇ ਪ੍ਰਮਾਣਿਤ ਹੋਵੇ।
ਵੋਟਰਾਂ ਨੂੰ ਅਪੀਲ
ਦੀਪਸ਼ਿਖਾ ਸ਼ਰਮਾ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਿੰਗ ਵਾਲੇ ਦਿਨ ਆਪਣੇ ਨਾਲ ਲਾਜ਼ਮੀ ਪਛਾਣ ਦਸਤਾਵੇਜ਼ ਜ਼ਰੂਰ ਲੈ ਕੇ ਆਉਣ। ਇਸ ਨਾਲ ਵੋਟਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਤੋਂ ਬਚਿਆ ਜਾ ਸਕੇਗਾ ਅਤੇ ਚੋਣਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇਗਾ।