• Tuesday, 8 September 2026
Advertisement Advertisement
Ad banner Ad banner
ਨਕੋਦਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ

07 Sep 2026 | 11 Views

ਨਕੋਦਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ

ਨਕੋਦਰ, 7 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸੋਮਵਾਰ ਸ਼ਾਮ ਨਕੋਦਰ ਵਿਖੇ ਵਿਸ਼ੇਸ਼ ਡ੍ਰੋਨ ਸ਼ੋਅ ਕਰਵਾਇਆ ਗਿਆ। ਨਵੀਂ ਅਨਾਜ ਮੰਡੀ ਵਿਖੇ ਹੋਏ ਇਸ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਨਾਲ ਸ਼ਿਰਕਤ ਕੀਤੀ।

ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਕਰਵਾਏ ਗਏ ਇਸ ਡ੍ਰੋਨ ਸ਼ੋਅ ਵਿੱਚ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੀ ਮੌਜੂਦ ਰਹੇ।

ਡ੍ਰੋਨ ਸ਼ੋਅ ਦੌਰਾਨ ਆਧੁਨਿਕ ਤਕਨੀਕ, ਅਧਿਆਤਮਕਤਾ ਅਤੇ ਬਿਰਤਾਂਤ ਵਰਣਨ ਦਾ ਸ਼ਾਨਦਾਰ ਸੁਮੇਲ ਦੇਖਣ ਨੂੰ ਮਿਲਿਆ। 500 ਡ੍ਰੋਨਾਂ ਰਾਹੀਂ ਆਸਮਾਨ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।

ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ, ਮਨੁੱਖਤਾ ਅਤੇ ਆਪਸੀ ਸਾਂਝ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਗਿਆ। ਇਸ ਵਿਲੱਖਣ ਪੇਸ਼ਕਾਰੀ ਨੇ ਸੰਗਤ ਨੂੰ ਗੁਰੂ ਜੀ ਦੇ ਜੀਵਨ ਅਤੇ ਮਹਾਨ ਵਿਚਾਰਧਾਰਾ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀਂ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਨੂੰ ਪੰਜਾਬ ਦੀ ਅਮੀਰ ਸਮਾਜਿਕ ਤੇ ਅਧਿਆਤਮਕ ਵਿਰਾਸਤ ਨਾਲ ਜੋੜਨ ਲਈ ਅਜਿਹੀਆਂ ਵਿਲੱਖਣ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ ਅਤੇ ਦਰਸ਼ਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਇਸੇ ਤਰ੍ਹਾਂ ਗੁਰੂ ਜੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡਾਕੂਮੈਂਟਰੀ ਵੈਨਾਂ, ਮੈਰਾਥਨ ਅਤੇ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਵੀ ਰੱਖਿਆ ਗਿਆ ਹੈ, ਜੋ ਡੇਰਾ ਸੱਚਖੰਡ ਬੱਲਾਂ ਨੇੜੇ 10 ਏਕੜ ਤੋਂ ਵੱਧ ਰਕਬੇ ਵਿੱਚ ਵਿਕਸਿਤ ਕੀਤਾ ਜਾਵੇਗਾ।

ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਨਕੋਦਰ ਵਿਖੇ ਕਰਵਾਇਆ ਗਿਆ ਇਹ ਡ੍ਰੋਨ ਸ਼ੋਅ ਜ਼ਿਲ੍ਹੇ ਦਾ ਪਹਿਲਾ ਅਜਿਹਾ ਸ਼ੋਅ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚ ਵੀ ਅਜਿਹੇ ਡ੍ਰੋਨ ਸ਼ੋਅ ਕਰਵਾਏ ਜਾਣਗੇ।

ਡ੍ਰੋਨ ਸ਼ੋਅ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਜਲੰਧਰ ਵਾਲਿਆਂ ਦੇ ਜੱਥੇ ਵੱਲੋਂ ਸ਼ਬਦ ਕੀਰਤਨ ਅਤੇ ਗੁਰਬਾਣੀ ਰਾਹੀਂ ਸੰਗਤ ਨੂੰ ਗੁਰੂ ਜੀ ਦੇ ਚਰਨਾਂ ਨਾਲ ਜੋੜਿਆ ਗਿਆ।

ਜ਼ਿਕਰਯੋਗ ਹੈ ਕਿ 8 ਸਤੰਬਰ ਨੂੰ ਲਾਇਲਪੁਰ ਖਾਲਸਾ ਕਾਲਜ, ਜਲੰਧਰ, 9 ਸਤੰਬਰ ਨੂੰ ਸ਼ਾਹਕੋਟ, 10 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿਖੇ ਵੀ ਡ੍ਰੋਨ ਸ਼ੋਅ ਕਰਵਾਏ ਜਾਣਗੇ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ, ਪ੍ਰਧਾਨ ਨਗਰ ਕੌਂਸਲ ਪ੍ਰਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਜਸਵੀਰ ਸਿੰਘ ਧੰਜਲ, ਚੇਅਰਮੈਨ ਮਾਰਕੀਟ ਕਮੇਟੀ ਬਿਲਗਾ ਜਸਵੀਰ ਸਿੰਘ ਸੰਗੋਵਾਲ, ਚੇਅਰਮੈਨ ਮਾਰਕੀਟ ਕਮੇਟੀ ਨੂਰਮਹਿਲ ਲਖਵੀਰ ਸਿੰਘ, ਐਸ.ਡੀ.ਐਮ. ਨਕੋਦਰ ਸਿਮਰਨਜੀਤ ਸਿੰਘ, ਡੀ.ਐਸ.ਪੀ. ਸਰਵਣ ਸਿੰਘ ਬੱਲ, ਬੀ.ਡੀ.ਪੀ.ਓ. ਅਭੈ ਚੰਦਰ ਤੋਂ ਇਲਾਵਾ ਕੌਂਸਲਰ, ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚਾਂ-ਪੰਚਾਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

Categories: Punjab

Tags: None

Published on: 07 Sep 2026

Guraashish Singh Dhaliwal
Mobile N/A
📣 Share this post

Latest News