ਕੈਬਨਿਟ ਮੰਤਰੀ ਨੇ ਵਾਰਡ ਨੰਬਰ 8 ਅਤੇ 9 ਵਿੱਚ ਸਫ਼ਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ, ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰੇ ਦੇ ਦਿੱਤੇ ਨਿਰਦੇਸ਼
ਨੰਗਲ, 12 ਅਕਤੂਬਰ : ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਬਿਮਾਰੀਆਂ ਤੋਂ ਮੁਕਤ ਬਣਾਉਣ ਲਈ ਪਿਛਲੇ ਲਗਭਗ 50 ਦਿਨਾਂ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੱਖ-ਵੱਖ ਵਾਰਡਾਂ ਵਿੱਚ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਮੁਹਿੰਮ ਦੇ ਲਗਭਗ 50ਵੇਂ ਦਿਨ ਹਰਜੋਤ ਸਿੰਘ ਬੈਂਸ ਨੰਗਲ ਦੇ ਵਾਰਡ ਨੰਬਰ 8 ਅਤੇ 9 ਵਿੱਚ ਪਹੁੰਚੇ। ਉਨ੍ਹਾਂ ਨੇ ਸਫ਼ਾਈ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦੇ ਮੌਕੇ ’ਤੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਸਫ਼ਾਈ ਨਾਲ ਬਿਮਾਰੀਆਂ ਦੀ ਰੋਕਥਾਮ ਸੰਭਵ: ਹਰਜੋਤ ਬੈਂਸ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਸਵੱਛ ਵਾਤਾਵਰਨ ਬਿਮਾਰੀਆਂ ਦੀ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਵਾਸਤੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਹੀ ਸਫ਼ਾਈ ਕਰਮਚਾਰੀਆਂ ਨੂੰ ਦੇਣ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ।
ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਈ ਯਤਨ
ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਦੇ ਸਰਬਪੱਖੀ ਵਿਕਾਸ ਲਈ ਸੜਕਾਂ, ਸਟਰੀਟ ਲਾਈਟਾਂ, ਸੀਵਰੇਜ, ਜਲ ਸਪਲਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਵਿੱਚ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਸਫ਼ਾਈ ਕਰਮਚਾਰੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਉਨ੍ਹਾਂ ਦੀ ਭੂਮਿਕਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਫ਼ਰਜ਼ ਹੈ।
ਲੋਕ ਮਿਲਣੀ ਰਾਹੀਂ ਸਮੱਸਿਆਵਾਂ ਦੇ ਹੱਲ ’ਤੇ ਜ਼ੋਰ
ਕੈਬਨਿਟ ਮੰਤਰੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਸਿੱਧਾ ਰਾਬਤਾ ਕਾਇਮ ਕਰਨ ਅਤੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਆਪਣੀਆਂ ਮੁਸ਼ਕਲਾਂ ਸਾਂਝੀਆਂ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਵਿਸ਼ੇਸ਼ ਸਫ਼ਾਈ ਮੁਹਿੰਮ ਵਿੱਚ ਨਗਰ ਕੌਂਸਲ ਦੇ ਕੌਂਸਲਰਾਂ, ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਦੀਪਕ ਸੋਨੀ, ਮੀਡੀਆ ਕੋਆਰਡੀਨੇਟਰ; ਮਨਜੀਤ ਸਿੰਘ, ਏਐਮਈ; ਮਦਨ ਲਾਲ ਅਤੇ ਮਲਕੀਤ ਸਿੰਘ, ਸੈਨੇਟਰੀ ਇੰਸਪੈਕਟਰ; ਗੁਰਭਾਗ ਸਿੰਘ, ਓਐਸਡੀ ਸਮੇਤ ਨਿਸ਼ਾਂਤ ਗੁਪਤਾ, ਅਨੀਤਾ ਬੈਂਸ, ਆਸ਼ੀਸ਼ ਅੱਤਰੀ, ਇਮਰਾਨ ਖ਼ਾਨ, ਅਜੇ, ਸਤੀਸ਼ ਚੋਪੜਾ, ਹਨੀ, ਸੁਖਚੈਨ ਕਮਾਂਡੋ, ਕਮਲਾ ਦੇਵੀ, ਰਾਹੁਲ, ਵਿੱਕੀ ਮਹਿਤਾ, ਮਨੀਸ਼ ਕੁਮਾਰ, ਨਰਿੰਦਰ ਸਿੰਘ ਨਿੰਦੀ, ਸੁਨੀਤ ਅਗਨੀਸੰਦਲ, ਸੁਧੀਰ ਅਤੇ ਅਕਸ਼ੇ ਹਾਜ਼ਰ ਸਨ।