ਖਾਲੀ ਪਈਆਂ ਸਰਕਾਰੀ ਇਮਾਰਤਾਂ ਅਤੇ ਥਾਵਾਂ ਦੀ ਸਫ਼ਾਈ ਕਰਵਾਉਣ ਅਤੇ ਨਸ਼ਾ ਕਰਨ ਵਾਲਿਆਂ ਦੇ ਅੱਡਿਆਂ ਨੂੰ ਖ਼ਤਮ ਕਰਨ ਦੇ ਦਿੱਤੇ ਨਿਰਦੇਸ਼
ਸ੍ਰੀ ਮੁਕਤਸਰ ਸਾਹਿਬ:10 ਨਵੰਬਰ:
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਮਲੋਟ ਸ੍ਰੀ ਪੰਕਜ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਸ਼ਾ ਵਿਰੋਧੀ ਗਤੀਵਿਧੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਪਿਛਲੇ ਹਫ਼ਤੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਗਏ ਕੰਮਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਮੀਟਿੰਗ ਦੌਰਾਨ ਐਸ.ਡੀ.ਐਮ. ਮਲੋਟ ਸ੍ਰੀ ਪੰਕਜ ਕੁਮਾਰ ਨੇ ਕਿਹਾ ਕਿ ਕਈ ਥਾਵਾਂ ’ਤੇ ਖਾਲੀ ਪਈਆਂ ਸਰਕਾਰੀ ਇਮਾਰਤਾਂ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਅੱਡੇ ਬਣ ਰਹੀਆਂ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਕੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਇਨ੍ਹਾਂ ਥਾਵਾਂ ਦੀ ਸਫ਼ਾਈ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਨੂੰ ਨਸ਼ਾ ਕਰਨ ਵਾਲਿਆਂ ਦੇ ਅੱਡਿਆਂ ਵਜੋਂ ਵਰਤੇ ਜਾਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੁਹਿੰਮ ਵਿੱਚ ਪੁਲਿਸ ਵਿਭਾਗ ਦੇ ਨਾਲ-ਨਾਲ ਸਿੱਖਿਆ ਅਤੇ ਖੇਡ ਵਿਭਾਗ ਦੀ ਵੀ ਅਹਿਮ ਭੂਮਿਕਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਅਤੇ ਸਕੂਲਾਂ ਤੇ ਪਿੰਡ ਪੱਧਰ ’ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।
ਇਸ ਮੌਕੇ ਐੱਸ.ਪੀ. ਸ੍ਰੀ ਮਹੇਸ਼ ਕੁਮਾਰ ਸੈਣੀ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।