• Monday, 28 September 2026
Advertisement Advertisement
Ad banner Ad banner
ਪਿੰਡ-ਪਿੰਡ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਡੀ.ਸੀ. ਦੀ ਅਗਵਾਈ ਹੇਠ ਮੀਟਿੰਗ

28 Sep 2026 | 7 Views

ਪਿੰਡ-ਪਿੰਡ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਉਣ ਲਈ ਡੀ.ਸੀ. ਦੀ ਅਗਵਾਈ ਹੇਠ ਮੀਟਿੰਗ



ਫਾਜ਼ਿਲਕਾ, 28 ਸਤੰਬਰ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ, ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਕੋਆਰਡੀਨੇਟਰਾਂ, ਸਮੂਹ ਬੀ.ਡੀ.ਪੀ.ਓਜ਼, ਨਸ਼ਾ ਛੁਡਾਊ ਕੇਂਦਰਾਂ ਦੇ ਮੈਡੀਕਲ ਸਟਾਫ ਅਤੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਹਰ ਪਿੰਡ ਵਿੱਚ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਸਬੰਧੀ ਤਿਆਰੀਆਂ, ਪ੍ਰਚਾਰ, ਫੰਡਾਂ ਦੀ ਵਿਵਸਥਾ ਅਤੇ ਪਿੰਡ-ਵਾਰ ਮੀਟਿੰਗਾਂ ਕਰਵਾਉਣ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਦੀ ਭਾਗੀਦਾਰੀ ਨਾਲ ਪਿੰਡ ਪੱਧਰ ਤੱਕ ਲਿਜਾਣ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਦਾ ਮੁਕਾਬਲਾ ਸਿਰਫ਼ ਸਰਕਾਰੀ ਵਿਭਾਗਾਂ ਦੇ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸਰਗਰਮ ਸ਼ਮੂਲੀਅਤ ਨਾਲ ਹੀ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਸਿਰਜਣਾਤਮਕ ਜੀਵਨ ਵੱਲ ਪ੍ਰੇਰਿਤ ਕਰਨਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਵਿਰੁੱਧ ਲੋਕ ਲਹਿਰ ਖੜ੍ਹੀ ਕਰਨ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਸਰਕਾਰ ਕੋਲ ਦੋਸਤਾਂ ਦੀ ਕੋਈ ਘਾਟ ਨਹੀਂ ਹੈ ਅਤੇ ਪਿੰਡਾਂ ਦੇ ਲੋਕ, ਨੌਜਵਾਨ, ਸਮਾਜਿਕ ਸੰਸਥਾਵਾਂ ਅਤੇ ਪੰਚਾਇਤਾਂ ਇਸ ਮੁਹਿੰਮ ਨਾਲ ਜੁੜਨ ਲਈ ਅੱਗੇ ਆ ਰਹੀਆਂ ਹਨ। ਉਨ੍ਹਾਂ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਪਿੰਡਾਂ ਵਿੱਚ ਜਾਗਰੂਕਤਾ ਮੀਟਿੰਗਾਂ ਕਰਵਾਉਣ ਲਈ ਹਰ ਸੰਭਵ ਸਹਿਯੋਗ ਮੁਹੱਈਆ ਕਰਵਾਉਣ ਅਤੇ ਪਿੰਡ-ਵਾਰ ਕਾਰਜ-ਯੋਜਨਾ ਤਿਆਰ ਕਰਨ।
ਮੀਟਿੰਗ ਵਿੱਚ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਵਿਅਕਤੀਆਂ ਨਾਲ ਸਬੰਧਤ ਮਾਮਲਿਆਂ ’ਤੇ ਵੀ ਵਿਚਾਰ ਕੀਤਾ ਗਿਆ। ਮੈਡੀਕਲ ਸਟਾਫ ਵੱਲੋਂ ਇਲਾਜ, ਮਰੀਜ਼ਾਂ ਦੀਆਂ ਲੋੜਾਂ ਅਤੇ ਪੁਨਰਵਾਸ ਨਾਲ ਸਬੰਧਤ ਮੁੱਦੇ ਸਾਂਝੇ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਲੋੜੀਂਦਾ ਸਹਿਯੋਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਸ ਮੌਕੇ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਸਪਲਾਈ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਲਈ ਸਖ਼ਤ ਕਾਰਵਾਈ ਕਰਨ ਅਤੇ ਪਿੰਡ ਪੱਧਰ ’ਤੇ ਪ੍ਰਾਪਤ ਹੋਣ ਵਾਲੀਆਂ ਸੂਚਨਾਵਾਂ ’ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਇਲਾਜ, ਪੁਨਰਵਾਸ ਅਤੇ ਨਸ਼ਿਆਂ ਦੀ ਸਪਲਾਈ ’ਤੇ ਰੋਕ—ਇਨ੍ਹਾਂ ਸਾਰੇ ਪੱਖਾਂ ਨੂੰ ਇਕੱਠੇ ਲੈ ਕੇ ਚੱਲਣ ਨਾਲ ਹੀ ਮੁਹਿੰਮ ਨੂੰ ਵਿਆਪਕ ਰੂਪ ਦਿੱਤਾ ਜਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐਸ.ਪੀ ਸ੍ਰੀ ਰਾਕੇਸ਼ ਕੁਮਾਰ ਅਤੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਨਵਦੀਪ ਕੰਧਵਾਲੀਆ ਹਾਜ਼ਰ ਸਨ।
 
 

Categories: Punjab

Tags: Update

Published on: 28 Sep 2026

Guraashish Singh Dhaliwal
Mobile N/A
📣 Share this post

Latest News