• ਡੋਰ-ਟੂ-ਡੋਰ ਮੁਹਿੰਮ ਦੌਰਾਨ ਪਿੰਡ ਵਾਸੀਆਂ ਨਾਲ ਕੀਤਾ ਸਿੱਧਾ ਰਾਬਤਾ; ਲੋਕਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਵੀ ਸੁਣੇ
• ਮੁਫ਼ਤ ਬਿਜਲੀ, ਸਿਹਤ, ਸਿੱਖਿਆ ਅਤੇ ਹੋਰ ਲੋਕ-ਭਲਾਈ ਸਕੀਮਾਂ ਨਾਲ ਆਮ ਪਰਿਵਾਰਾਂ ਦੇ ਘਰੇਲੂ ਖ਼ਰਚਿਆਂ ਦਾ ਬੋਝ ਘਟਿਆ: ਨਰਿੰਦਰ ਕੌਰ ਭਰਾਜ
• ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਅਤੇ ਲੋਕ-ਭਲਾਈ ਸਕੀਮਾਂ ਦੀ ਜਾਣਕਾਰੀ ਘਰ-ਘਰ ਪਹੁੰਚਾਉਣਾ ਮੁਹਿੰਮ ਦਾ ਮੁੱਖ ਉਦੇਸ਼
ਸੰਗਰੂਰ, 23 ਸਤੰਬਰ:
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਸਾਰੋਂ ਵਿਖੇ ‘ਮਾਨ ਦਾ ਮੁਨਾਫ਼ਾ’ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਸ਼ੁਰੂ ਕੀਤੀਆਂ ਲੋਕ-ਭਲਾਈ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਦਾ ਉਦੇਸ਼ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ-ਭਲਾਈ ਯੋਜਨਾਵਾਂ ਰਾਹੀਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਵੇਰਵਾ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਖ਼ੁਦ ਸਰਕਾਰ ਦੀ ਕਾਰਗੁਜ਼ਾਰੀ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰ ਸਕਦੇ ਹਨ।
ਵਿਧਾਇਕ ਭਰਾਜ ਨੇ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ, ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਹੋਰ ਭਲਾਈ ਸਕੀਮਾਂ ਰਾਹੀਂ ਆਮ ਪਰਿਵਾਰਾਂ ਦੇ ਰੋਜ਼ਮਰ੍ਹਾ ਖ਼ਰਚਿਆਂ ਨੂੰ ਘਟਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਮਾਨ ਦਾ ਮੁਨਾਫ਼ਾ’ ਮੁਹਿੰਮ ਤਹਿਤ ਇਨ੍ਹਾਂ ਲਾਭਾਂ ਦਾ ਹਿਸਾਬ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੇ ਆਧਾਰ ’ਤੇ ਇੱਕ ਆਮ ਪਰਿਵਾਰ ਨੂੰ ਸਾਲਾਨਾ ਲਗਭਗ 1.82 ਲੱਖ ਰੁਪਏ ਤੱਕ ਦੇ ਲਾਭ ਦਾ ਦਾਅਵਾ ‘ਮਾਨ ਦਾ ਮੁਨਾਫ਼ਾ’ ਮੁਹਿੰਮ ਤਹਿਤ ਲੋਕਾਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਇੱਕ ਅਹਿਮ ਮਕਸਦ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ ਵੀ ਹੈ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ ਅਤੇ ਲੋਕਾਂ ਨਾਲ ਹਲਕੇ ਦੇ ਵਿਕਾਸ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਤਰਜੀਹਾਂ ਅਤੇ ਲੋੜਾਂ ਨੂੰ ਜਾਣਨਾ ਉਨ੍ਹਾਂ ਲਈ ਹਲਕੇ ਦੇ ਵਿਕਾਸ ਦੀ ਯੋਜਨਾਬੰਦੀ ਦਾ ਅਹਿਮ ਹਿੱਸਾ ਹੈ।
ਇਸ ਮੌਕੇ ਬਲਾਕ ਸੰਮਤੀ ਮੈਂਬਰ ਕਰਮਜੀਤ ਕੌਰ, ਜੱਗੂ ਸਾਰੋਂ, ਹਰਿੰਦਰ ਸਾਰੋਂ, ਸਤਨਾਮ ਸਾਰੋਂ, ਵਿਕਰਮ ਨਕਟੇ, ਚਮਕੌਰ ਖੇੜੀ ਚੰਦਵਾਂ, ਲਖਵਿੰਦਰ ਲੱਖਾ ਅਤੇ ਜਸਪ੍ਰੀਤ ਘਾਬਦਾ ਸਮੇਤ ਹੋਰ ਪਤਵੰਤੇ ਅਤੇ ਪਿੰਡ ਵਾਸੀ ਵੀ ਹਾਜ਼ਰ ਸਨ।
Punjab