ਲੰਬੀ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕੇ ਦੇ ਪਿੰਡ ਸਹਿਣਾ ਖੇੜਾ ਵਿਖੇ 24.86 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਗਰਾਊਂਡ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਗਰਾਊਂਡ ਵਿਕਸਤ ਕਰਨ ਦਾ ਕੰਮ ਜਾਰੀ ਹੈ। ਇਸ ਦਾ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੋੜਨਾ ਹੈ, ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਪਣਾ ਧਿਆਨ ਕੇਂਦਰਿਤ ਕਰ ਸਕਣ। ਇਸ ਮੌਕੇ ਮੰਤਰੀ ਵੱਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ।
ਸਹਿਣਾ ਖੇੜਾ ’ਚ ਸੜਕਾਂ ਲਈ 2.64 ਕਰੋੜ ਰੁਪਏ ਦੇ ਪ੍ਰੋਜੈਕਟ
ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਿੰਡ ਸਹਿਣਾ ਖੇੜਾ ਵਿੱਚ ਸੜਕਾਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਵੱਲੋਂ ਲਗਭਗ 2.64 ਕਰੋੜ ਰੁਪਏ ਦੇ ਪ੍ਰੋਜੈਕਟ ਕਾਰਵਾਈ ਅਧੀਨ ਹਨ। ਇਨ੍ਹਾਂ ਤਹਿਤ ਕੁੱਲ 6.18 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ 4.71 ਕਿਲੋਮੀਟਰ ਸੜਕਾਂ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ, ਜਿਸ ’ਤੇ 195.42 ਲੱਖ ਰੁਪਏ ਖਰਚ ਕੀਤੇ ਗਏ ਹਨ। ਬਾਕੀ ਸੜਕਾਂ ਦਾ ਕੰਮ ਵੀ ਜਾਰੀ ਹੈ ਅਤੇ ਨਿਰਮਾਣ ਪੂਰਾ ਹੋਣ ਤੋਂ ਬਾਅਦ ਇਹ ਸੜਕਾਂ ਲੋਕਾਂ ਨੂੰ ਸਮਰਪਿਤ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਸਹੂਲਤ ਮਿਲੇਗੀ।
ਪਿੰਡ ’ਚ ਹੋਰ ਵਿਕਾਸ ਕਾਰਜ ਵੀ ਕਰਵਾਏ ਗਏ
ਮੰਤਰੀ ਨੇ ਦੱਸਿਆ ਕਿ ਸਹਿਣਾ ਖੇੜਾ ਵਿੱਚ ਧਰਮਸ਼ਾਲਾ ਦੇ ਨਵੀਨੀਕਰਨ ਲਈ 5 ਲੱਖ ਰੁਪਏ, ਵਾਟਰ ਵਰਕਸ ਦੇ ਨਵੀਨੀਕਰਨ ਲਈ 8 ਲੱਖ ਰੁਪਏ, ਸੀਸੀਟੀਵੀ ਕੈਮਰਿਆਂ ਲਈ 5 ਲੱਖ ਰੁਪਏ ਅਤੇ ਨੌਜਵਾਨਾਂ ਲਈ ਜਿੰਮ ਦੇ ਸਮਾਨ ਵਾਸਤੇ 2.90 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ।
ਇਸ ਤੋਂ ਇਲਾਵਾ ਇੰਟਰਲਾਕ ਗਲੀਆਂ ਲਈ 15 ਲੱਖ ਰੁਪਏ ਅਤੇ ਛੱਪੜ ਦੀ ਨਿਕਾਸੀ ਲਈ ਪਾਈਪਲਾਈਨ ਤੇ ਸੋਲਰ ਮੋਟਰ ਵਾਸਤੇ 23 ਲੱਖ ਰੁਪਏ ਖਰਚ ਕੀਤੇ ਗਏ ਹਨ।
ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ
ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੌਕੇ ’ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਚੇਅਰਮੈਨ ਗੁਰਬਾਜ ਬਣਵਾਲਾ, ਚੇਅਰਮੈਨ ਰਸ਼ਪਾਲ ਖੁੱਡੀਆਂ, ਸਰਪੰਚ ਖੁਸ਼ਵੀਰ ਮਾਨ, ਸਾਬਕਾ ਸਰਪੰਚ ਜਸਵਿੰਦਰ ਭਾਗੁ, ਡਾ. ਗੁਰਲਾਲ ਮਾਨ, ਜਾ ਸਿੰਘ ਭੀਟੀਵਾਲਾ, ਅਰਸ਼ਦੀਪ ਧਾਲੀਵਾਲ, ਬਲਾਕ ਪ੍ਰਧਾਨ ਹਰਕੇਵਲ ਧਾਲੀਵਾਲ, ਬਲਾਕ ਪ੍ਰਧਾਨ ਚੰਨਾ ਮਾਨ ਸਮੇਤ ਹੋਰ ਆਗੂ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।