• Tuesday, 8 September 2026
Advertisement Advertisement
Ad banner Ad banner
ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ: ਮੋਹਿੰਦਰ ਭਗਤ

07 Sep 2026 | 11 Views

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ: ਮੋਹਿੰਦਰ ਭਗਤ

ਜਲੰਧਰ, 7 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਥਾਨਕ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਹਰ ਸਾਲ ਕਰਵਾਏ ਜਾਂਦੇ ਇਨ੍ਹਾਂ ਖੇਡ ਮੁਕਾਬਲਿਆਂ ਨੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ ਅਤੇ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਪੰਜਾਬ ਵਿੱਚ ਖੇਡਾਂ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਪੰਜਾਬ ਦੇ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।

ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਸੋਚ ਤਹਿਤ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੱਤੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿੰਡ ਪੱਧਰ ’ਤੇ ਆਧੁਨਿਕ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਖਿਡਾਰੀਆਂ ਨੂੰ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਦਕਿ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਨਸ਼ਾ ਮੁਕਤ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਮੋਹਿੰਦਰ ਭਗਤ ਨੇ ਐਥਲੈਟਿਕਸ ਕੋਚਿੰਗ ਸੈਂਟਰ ਸਪੋਰਟਸ ਸਕੂਲ ਦੇ ਖਿਡਾਰੀ ਗੁਰਿੰਦਰਬੀਰ ਸਿੰਘ (100 ਮੀਟਰ ਦੌੜ) ਅਤੇ ਰਸ਼ਦੀਪ ਕੌਰ (4x100 ਰਿਲੇਅ) ਨੂੰ ਏਸ਼ੀਅਨ ਗੇਮਾਂ ਲਈ ਚੁਣੇ ਜਾਣ ’ਤੇ ਵਧਾਈ ਦਿੱਤੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਵਾਲੀਬਾਲ ਦੇ ਸ਼ੋਅ ਮੈਚ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਉਨ੍ਹਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਬਲਾਕ ਖੇਡਾਂ ਦੇ ਪਹਿਲੇ ਦਿਨ ਨੂਰਮਹਿਲ, ਨਕੋਦਰ, ਲੋਹੀਆਂ, ਸ਼ਾਹਕੋਟ, ਜਲੰਧਰ ਪੱਛਮੀ ਅਤੇ ਮਹਿਤਪੁਰ ਵਿਖੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਵਿੱਚ ਐਥਲੈਟਿਕਸ, ਵਾਲੀਬਾਲ ਸਮੈਸ਼ਿੰਗ ਤੇ ਸ਼ੂਟਿੰਗ, ਕਬੱਡੀ ਸਰਕਲ ਅਤੇ ਨੈਸ਼ਨਲ ਸਟਾਈਲ, ਖੋ-ਖੋ ਅਤੇ ਫੁੱਟਬਾਲ ਦੇ ਮੁਕਾਬਲੇ ਸ਼ਾਮਲ ਰਹੇ।

ਸਮਾਗਮ ਵਿੱਚ ਬੀ.ਡੀ.ਪੀ.ਓ. ਸੇਵਾ ਸਿੰਘ, ਐਥਲੈਟਿਕਸ ਕੋਚ ਬਿਕਰਮਜੀਤ ਸਿੰਘ, ਸਰਬਜੀਤ ਸਿੰਘ, ਸੁਨੀਲ ਕੁਮਾਰ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਜੂਨੀਅਰ ਐਥਲੈਟਿਕਸ ਕੋਚ ਟਵਿੰਕਲ ਚੌਧਰੀ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

Categories: Sports

Tags: None

Published on: 07 Sep 2026

Guraashish Singh Dhaliwal
Mobile N/A
📣 Share this post

Latest News