- ਗਊਸ਼ਾਲਾਵਾਂ ਅਤੇ ਗਊਧਨ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ
ਫ਼ਿਰੋਜ਼ਪੁਰ, 08 ਅਕਤੂਬਰ:
ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਸ੍ਰੀ ਕੀਮਤੀ ਭਗਤ ਵੱਲੋਂ ਅੱਜ ਫਿਰੋਜ਼ਪੁਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਧਾਨਾਂ / ਸੇਵਾਦਾਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਗਊਸ਼ਾਲਾਵਾਂ ਦੀਆਂ ਸਮੱਸਿਆਵਾਂ, ਗਊਧਨ ਦੀ ਸੇਵਾ-ਸੰਭਾਲ ਅਤੇ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਵੀ ਹਾਜ਼ਰ ਸਨ।
ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਮਜ਼ਬੂਤ ਕਰਨ ਅਤੇ ਲਾਵਾਰਿਸ, ਬੇਸਹਾਰਾ ਤੇ ਜ਼ਖ਼ਮੀ ਗਊਧਨ ਦੀ ਬਿਹਤਰ ਸੇਵਾ-ਸੰਭਾਲ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸੂਬੇ ਦੀਆਂ 518 ਦੇ ਕਰੀਬ ਸਰਕਾਰੀ ਅਤੇ ਪ੍ਰਾਈਵੇਟ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਖ਼ਮੀ ਅਤੇ ਬਿਮਾਰ ਗਊਧਨ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਅਤੇ ਲੋੜੀਂਦਾ ਇਲਾਜ ਮੁਹੱਈਆ ਕਰਵਾਉਣ ਲਈ ਮੁਫ਼ਤ ਕਾਓ ਲਿਫਟਰ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ, ਜਿਸ ’ਤੇ ਪੰਜਾਬ ਸਰਕਾਰ ਵੱਲੋਂ ਕਰੀਬ 3 ਕਰੋੜ 6 ਲੱਖ ਰੁਪਏ ਖਰਚ ਕੀਤੇ ਗਏ ਹਨ।
ਮੀਟਿੰਗ ਦੌਰਾਨ ਗਊਸ਼ਾਲਾਵਾਂ ਵਿੱਚ ਰੱਖੇ ਗਊਧਨ ਦੀ ਸੇਵਾ-ਸੰਭਾਲ ਲਈ 61 ਰੁਪਏ ਪ੍ਰਤੀ ਗਊਧਨ ਪ੍ਰਤੀ ਦਿਨ ਦੇਣ ਦੇ ਫ਼ੈਸਲੇ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਨੂੰ ਲਾਗੂ ਕਰਨ ਲਈ ਲੋੜੀਂਦੀ ਕਾਰਵਾਈ ਜਾਰੀ ਹੈ।
ਸ੍ਰੀ ਕੀਮਤੀ ਭਗਤ ਨੇ ਦੱਸਿਆ ਕਿ ਗਊਧਨ ਦੀ ਸੁਰੱਖਿਆ ਲਈ ਪੰਜਾਬ ਵਿੱਚ ਗਊ ਹੱਤਿਆ, ਗਊ ਤਸਕਰੀ ਅਤੇ ਗਊ ਮਾਸ ਨਾਲ ਸਬੰਧਤ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਾਨੂੰਨੀ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ ਪ੍ਰਭਾਵਸ਼ਾਲੀ ਕਾਰਵਾਈ ਲਈ ਸਾਰੇ ਜ਼ਿਲ੍ਹਿਆਂ ਵਿੱਚ ਗਊ ਸੁਰੱਖਿਆ ਸੈੱਲ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰਾਂ ਨੂੰ ਗਊਧਨ ਭਲਾਈ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗਊਸ਼ਾਲਾਵਾਂ ਵਿੱਚ ਗਊਧਨ ਨੂੰ ਸਰਕਾਰੀ ਪਸ਼ੂ ਡਾਕਟਰਾਂ ਰਾਹੀਂ ਲੋੜੀਂਦੀਆਂ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਿਵਸਥਾ ਵੀ ਕੀਤੀ ਗਈ ਹੈ।
ਮੀਟਿੰਗ ਦੌਰਾਨ ਗਊਸ਼ਾਲਾਵਾਂ ਦੇ ਪ੍ਰਧਾਨਾਂ ਅਤੇ ਸੇਵਾਦਾਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਵੀ ਸ੍ਰੀ ਕੀਮਤੀ ਭਗਤ ਦੇ ਧਿਆਨ ਵਿੱਚ ਲਿਆਂਦੇ ਗਏ। ਉਨ੍ਹਾਂ ਭਰੋਸਾ ਦਿੱਤਾ ਕਿ ਗਊਸ਼ਾਲਾਵਾਂ ਨਾਲ ਸਬੰਧਤ ਜਾਇਜ਼ ਮਸਲਿਆਂ ਦੇ ਹੱਲ ਲਈ ਪੰਜਾਬ ਸਰਕਾਰ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਦੀ ਬਿਹਤਰੀ ਅਤੇ ਗਊਧਨ ਦੀ ਸੇਵਾ-ਸੰਭਾਲ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਵੱਲੋਂ ਗਊਸ਼ਾਲਾਵਾਂ ਨੂੰ ਲੋੜੀਂਦੀ ਵਿੱਤੀ, ਬੁਨਿਆਦੀ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਯਤਨ ਜਾਰੀ ਰਹਿਣਗੇ।
ਮੀਟਿੰਗ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਕਨਵਰ ਅਨੂਪ ਕਲੇਰ, ਈ.ਓ.ਐਮ.ਸੀ. ਨਰਿੰਦਰ ਕੁਮਾਰ, ਵੈਟਰਨਰੀ ਅਫ਼ਸਰ ਡਾ. ਗੁਰਲੀਨ ਸਿੰਘ, ਡਾ. ਮਨਦੀਪ ਕੌਰ, ਡਾ. ਈਸ਼ਾ, ਡਾ. ਗੁਰਲੀਨ ਕੌਰ, ਡਾ. ਰੁਪਿੰਦਰਜੀਤ ਕੌਰ, ਡਾ. ਅਰਸ਼ਪ੍ਰੀਤ ਕੌਰ, ਨਗਰ ਕੌਂਸਲਾਂ ਦੇ ਅਧਿਕਾਰੀ/ਕਰਮਚਾਰੀਆਂ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ-ਵੱਖ ਗਊਸ਼ਾਲਾਵਾਂ ਦੇ ਸੇਵਾਦਾਰ/ਪ੍ਰਧਾਨ ਵੀ ਹਾਜ਼ਰ ਸਨ।