ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਯੋਗਤਾ ਮਿਤੀ 01.01.2027 ਅਨੁਸਾਰ ਸਪੈਸ਼ਲ ਸਮਰੀ ਰਿਵੀਜ਼ਨ ਦੇ ਜਾਰੀ ਕੀਤੇ ਸ਼ੈਡਿਊਲ ਨੂੰ ਰਾਜਨੀਤਿਕ ਪਾਰਟੀਆਂ ਨਾਲ ਕੀਤਾ ਗਿਆ ਸਾਂਝਾ
ਸ੍ਰੀ ਮੁਕਤਸਰ ਸਾਹਿਬ, 21 ਅਕਤੂਬਰ:
ਅੱਜ ਮਿਤੀ 21.10.2026 ਨੂੰ ਸਵੇਰੇ 10:30 ਵਜੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸ੍ਰੀ ਅਮਿਤ ਕੁਮਾਰ ਪੰਚਾਲ, ਆਈ.ਏ.ਐੱਸ. ਜੀ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2027 ਦੇ ਅਧਾਰ 'ਤੇ ਸਪੈਸ਼ਲ ਸਮਰੀ ਰਿਵੀਜ਼ਨ ਦਾ ਸ਼ੈਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਨਿਰਧਾਰਤ ਸ਼ੈਡਿਊਲ ਮੀਟਿੰਗ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਸਾਂਝਾ ਕੀਤਾ ਗਿਆ।
ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਸੂਚਿਤ ਕੀਤਾ ਗਿਆ ਕਿ ਮਿਤੀ 25 ਅਕਤੂਬਰ 2026 (ਦਿਨ ਐਤਵਾਰ) ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ 'ਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਆਮ ਜਨਤਾ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਆਪ ਜਨਤਾ ਵੱਧ ਤੋਂ ਵੱਧ ਇਸ ਕੈਂਪ ਦਾ ਲਾਭ ਉਠਾ ਸਕੇ । ਇਸ ਕੈਂਪ ਦੌਰਾਨ ਨਾਗਰਿਕ ਵੋਟਰ ਸੂਚੀ ਵਿੱਚ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ। ਇਸ ਕੈਂਪ ਦੌਰਾਨ ਨਵੇਂ ਯੋਗ ਵੋਟਰ (ਜਿਨ੍ਹਾਂ ਦੀ ਉਮਰ 01.01.2027 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋ ਰਹੀ ਹੈ) ਆਪਣੇ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਸਕਦੇ ਹਨ। ਵੋਟਰ ਸੂਚੀ ਵਿੱਚੋਂ ਨਾਮ ਕਟਵਾਉਣ ਲਈ ਫਾਰਮ 7 ਅਤੇ ਕਿਸੇ ਵੀ ਤਰ੍ਹਾਂ ਦੀ ਸੋਧ ਜਾਂ ਰਿਹਾਇਸ਼ ਦੀ ਤਬਦੀਲੀ ਲਈ ਫਾਰਮ 8 ਜਮ੍ਹਾਂ ਕਰਵਾਇਆ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਮੀਟਿੰਗ ਵਿੱਚ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਪੈਸ਼ਲ ਸਮਰੀ ਰਿਵੀਜ਼ਨ ਦੇ ਸ਼ੈਡਿਊਲ ਅਨੁਸਾਰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 12 ਨਵੰਬਰ 2026 ਨੂੰ ਕੀਤੀ ਜਾਵੇਗੀ। ਇਸ ਦਿਨ ਰਾਜਨੀਤਿਕ ਪਾਰਟੀਆਂ ਨੂੰ ਚਾਰੇ ਵਿਧਾਨ ਸਭਾ ਚੋਣ ਹਲਕਿਆਂ ਦੀ ਵੋਟਰ ਸੂਚੀ ਦਾ ਇੱਕ-ਇੱਕ ਸੈੱਟ ਵੀ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ।
ਇਸ ਤੋਂ ਇਲਾਵਾ ਜਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਪੋਲਿੰਗ ਸਟੇਸ਼ਨਾਂ ਦੀਆਂ ਭੇਜੀਆਂ ਗਈਆਂ ਰੈਸ਼ਨਲਾਈਜ਼ੇਸ਼ਨ ਤਜਵੀਜ਼ਾਂ ਬਾਰੇ ਵੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ।