ਲੰਬੀ/ਸ੍ਰੀ ਮੁਕਤਸਰ ਸਾਹਿਬ, 18 ਅਗਸਤ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖਣ ਲਈ ਚਲਾਈ ਜਾ ਰਹੀ ‘ਸੀ.ਐਮ. ਦੀ ਯੋਗਸ਼ਾਲਾ’ ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਯੋਗਾ ਗਤੀਵਿਧੀਆਂ ਨੂੰ ਉਤਸ਼ਾਹ ਮਿਲ ਰਿਹਾ ਹੈ। ਜ਼ਿਲ੍ਹੇ ਦੇ ਬਲਾਕ ਲੰਬੀ ਵਿੱਚ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਕੁੱਲ 58 ਮੁਫ਼ਤ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ।
ਜ਼ਿਲ੍ਹਾ ਯੋਗ ਕੋਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਹੁਣ ਤੱਕ ਜ਼ਿਲ੍ਹੇ ਵਿੱਚ 17,752 ਲੋਕ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਬਲਾਕ ਲੰਬੀ ਦੀਆਂ ਵੱਖ-ਵੱਖ ਥਾਵਾਂ ’ਤੇ 8 ਯੋਗ ਟ੍ਰੇਨਰਾਂ ਵੱਲੋਂ ਰੋਜ਼ਾਨਾ ਸਵੇਰੇ ਅਤੇ ਸ਼ਾਮ ਮੁਫ਼ਤ ਯੋਗਾ ਕਲਾਸਾਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ, ਔਰਤਾਂ ਅਤੇ ਪੁਰਸ਼ਾਂ ਸਮੇਤ ਹਰ ਵਰਗ ਦੇ ਲੋਕ ਹਿੱਸਾ ਲੈ ਸਕਦੇ ਹਨ। ਯੋਗ ਅਭਿਆਸ ਰਾਹੀਂ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਅਤੇ ਸਰੀਰਿਕ ਤੇ ਮਾਨਸਿਕ ਤੰਦਰੁਸਤੀ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਯੋਗਾ ਸਿੱਖਣ ਦੇ ਚਾਹਵਾਨ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ 76694-00500 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਆਪਣੇ ਮੁਹੱਲੇ ਜਾਂ ਕਾਲੋਨੀ ਵਿੱਚ ਮੁਫ਼ਤ ਯੋਗ ਕਲਾਸ ਸ਼ੁਰੂ ਕਰਵਾਉਣ ਲਈ ਲੋਕ ਇਸ ਨੰਬਰ ’ਤੇ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogshala.punjab.gov.in ’ਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕੀਤੀ ਜਾ ਸਕਦੀ ਹੈ।
ਜੇਕਰ ਕਿਸੇ ਮੁਹੱਲੇ ਜਾਂ ਕਾਲੋਨੀ ਵਿੱਚ ਘੱਟੋ-ਘੱਟ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਇਲਾਕੇ ਵਿੱਚ ਮੁਫ਼ਤ ਯੋਗ ਕਲਾਸਾਂ ਲਗਵਾਉਣ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।