ਵਿਧਾਇਕ ਫਾਜਿਲਕਾ ਨਰਿੰਦਰਪਾਲ ਸਿੰਘ ਸਵਨਾ ਵੀ ਨਾਲ ਰਹੇ ਮੌਜੂਦ
ਫਾਜ਼ਿਲਕਾ, 6 ਅਕਤੂਬਰ:
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਦਿਆਂ ਇੱਥੇ ਗਊਆਂ ਦੀ ਸੰਭਾਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਗਊਸ਼ਾਲਾ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਕੰਮ ਕਰ ਰਹੇ ਕਾਮਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਉਨ੍ਹਾਂ ਨਾਲ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਵੀ ਮੌਜੂਦ ਸਨ।
ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਗਊਸ਼ਾਲਾ ਵਿੱਚ ਲਗਭਗ 650 ਗਊਆਂ ਦੀ ਸੰਭਾਲ ਕੀਤੀ ਜਾ ਰਹੀ ਹੈ। ਇਨ੍ਹਾਂ ਦੀ ਦੇਖਭਾਲ ਲਈ ਗਊਸ਼ਾਲਾ ਦੇ ਕਾਮਿਆਂ ਦੇ ਨਾਲ-ਨਾਲ ਸਥਾਨਕ ਵਸਨੀਕਾਂ ਅਤੇ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਅਮਨ ਅਰੋੜਾ ਨੇ ਕਿਹਾ ਕਿ ਪਸ਼ੂਆਂ ਦੀ ਸੇਵਾ ਅਤੇ ਸਾਂਭ-ਸੰਭਾਲ ਇੱਕ ਨੇਕ ਕਾਰਜ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਅਜਿਹੇ ਉਪਰਾਲਿਆਂ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਕੈਬਨਿਟ ਮੰਤਰੀ ਨੇ ਗਊਸ਼ਾਲਾ ਵਿਖੇ ਮੌਜੂਦ ਆਮ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਧਿਆਨ ਨਾਲ ਸੁਣੀਆਂ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਵੱਲੋਂ ਉਠਾਏ ਗਏ ਜਾਇਜ਼ ਮਸਲਿਆਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇਗੀ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ 300 ਯੂਨਿਟ ਤੱਕ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ, ਸਕੂਲ ਆਫ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਸਮੇਤ ਕਈ ਲੋਕ-ਪੱਖੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਰਕਾਰੀ ਨੀਤੀਆਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ।
ਇਸ ਦੌਰਾਨ ਵਿਧਾਇਕ ਫਾਜ਼ਿਲਕਾ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸਬੰਧਿਤ ਕਰਮਚਾਰੀਆਂ ਵੱਲੋਂ ਗਊਵੰਸ ਦੀ ਸਾਂਭ ਸੰਭਾਲ ਵਿੱਚ ਕਿਸੇ ਤਰ੍ਹਾਂ ਦੀ ਲਾਪਰਾਵਾਈ ਨਾ ਵਰਤੀ ਜਾਵੇ। ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਫਾਜ਼ਿਲਕਾ ਵਾਸੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਬੇਸਹਾਰਾ ਗਊਵੰਸਸ਼ ਦੀ ਸਾਂਭ ਸੰਭਾਲ ਲਈ ਵੱਧ ਤੋਂ ਵੱਧ ਪਹੁੰਚ ਕੇ ਦਾਨ ਕਰਨ ਤਾਂ ਜੋ ਗਊਸ਼ਾਲਾ ਵਿੱਚ ਗਊਵੰਸ ਦੀ ਹੋਰ ਬਿਹਤਰ ਸੰਭਾਲ ਹੋ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ, ਬੀ ਡੀ ਪੀ ਓ ਲਾਲ ਸਿੰਘ ਤੋਂ ਇਲਾਵਾ ਸਰਕਾਰੀ ਗਊਸ਼ਾਲਾ ਦੇ ਕਰਮਚਾਰੀ ਹਾਜ਼ਰ ਸਨ।