• Monday, 14 September 2026
Advertisement Advertisement
Ad banner Ad banner
ਸ੍ਰੀ ਮੁਕਤਸਰ ਸਾਹਿਬ ’ਚ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਹੈਰੀਟੇਜ ਸਟਰੀਟ, ਕੈਬਨਿਟ ਮੰਤਰੀ ਸੌਂਦ ਨੇ ਰੱਖਿਆ ਨੀਂਹ ਪੱਥਰ

14 Sep 2026 | 3 Views

ਸ੍ਰੀ ਮੁਕਤਸਰ ਸਾਹਿਬ ’ਚ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਹੈਰੀਟੇਜ ਸਟਰੀਟ, ਕੈਬਨਿਟ ਮੰਤਰੀ ਸੌਂਦ ਨੇ ਰੱਖਿਆ ਨੀਂਹ ਪੱਥਰ

ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਿਆ। ਇਹ ਹੈਰੀਟੇਜ ਸਟਰੀਟ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ 6 ਤੋਂ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਨੂੰ ਜਾਂਦੇ ਮਾਰਗ ’ਤੇ ਵਿਕਸਤ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਸ੍ਰੀ ਮੁਕਤਸਰ ਸਾਹਿਬ ਦੀ ਵਿਰਾਸਤੀ ਦਿੱਖ ਹੋਰ ਸੁੰਦਰ ਹੋਵੇਗੀ ਅਤੇ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਵੀ ਉਤਸ਼ਾਹ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਮੰਤਰੀ ਨੇ ਦੱਸਿਆ ਕਿ ਪ੍ਰੋਜੈਕਟ ਤਹਿਤ ਸ੍ਰੀ ਦਰਬਾਰ ਸਾਹਿਬ ਨੂੰ ਜੋੜਦੇ 7 ਨਾਕਿਆਂ ਦੇ ਆਸ-ਪਾਸ ਕਰੀਬ 2.5 ਕਿਲੋਮੀਟਰ ਲੰਬੇ ਵਿਰਾਸਤੀ ਮਾਰਗ ਦਾ ਨਿਰਮਾਣ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਰਸਾਤ ਦੇ ਮੌਸਮ ਦੌਰਾਨ ਖੜ੍ਹੇ ਪਾਣੀ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਹੈ ਅਤੇ ਇੱਥੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਪਹੁੰਚਦੇ ਹਨ। ਹੈਰੀਟੇਜ ਸਟਰੀਟ ਦੇ ਨਿਰਮਾਣ ਨਾਲ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਤੱਕ ਪਹੁੰਚ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਨਾਲ ਸ਼ਹਿਰ ਦੀ ਵਿਰਾਸਤੀ ਪਛਾਣ ਨੂੰ ਵੀ ਉਭਾਰਿਆ ਜਾਵੇਗਾ।

ਸ. ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਇਸਨੂੰ ਦੇਸ਼-ਵਿਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੈਰੀਟੇਜ ਸਟਰੀਟ ਨਾਲ ਸੈਰ-ਸਪਾਟੇ ਨੂੰ ਹੁਲਾਰਾ ਮਿਲਣ ਦੇ ਨਾਲ ਸਥਾਨਕ ਪੱਧਰ ’ਤੇ ਵਪਾਰਕ ਗਤੀਵਿਧੀਆਂ ਨੂੰ ਵੀ ਉਤਸ਼ਾਹ ਮਿਲੇਗਾ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਆਸ-ਪਾਸ ਸੁੰਦਰੀਕਰਨ ਅਤੇ ਹੈਰੀਟੇਜ ਸਟਰੀਟ ਨਾਲ ਸਬੰਧਤ ਕੰਮ ਜਲਦ ਮੁਕੰਮਲ ਕਰਕੇ ਇਲਾਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਦੌਰਾਨ ਜੇਕਰ ਕਿਸੇ ਸ਼ਹਿਰ ਵਾਸੀ ਦੀ ਗਲੀ, ਸੀਵਰੇਜ, ਥੜ੍ਹੀ ਜਾਂ ਹੋਰ ਕਿਸੇ ਢਾਂਚੇ ਨੂੰ ਨੁਕਸਾਨ ਹੁੰਦਾ ਹੈ ਤਾਂ ਉਸਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ।

ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਡਾਇਰੈਕਟਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਡਾ. ਸੰਜੀਵ ਕੁਮਾਰ ਤਿਵਾੜੀ, ਐਸ.ਐਸ.ਪੀ. ਅਭਿਮੰਨਿਊ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੈਵੀ ਗੋਇਲ, ਨਗਰ ਕੌਂਸਲ ਪ੍ਰਧਾਨ ਯੋਗਿਤਾ ਗੁੰਬਰ, ਸੀਨੀਅਰ ਵਾਈਸ ਪ੍ਰਧਾਨ ਹਰਦੀਪ ਸਿੰਘ ਅਤੇ ਨਗਰ ਕੌਂਸਲ ਦੇ ਮੈਂਬਰ ਹਾਜ਼ਰ ਸਨ।

Categories: Punjab

Tags: None

Published on: 14 Sep 2026

Guraashish Singh Dhaliwal
Mobile N/A
📣 Share this post

Latest News