• Thursday, 19 November 2026
Advertisement Advertisement
Ad banner Ad banner
ਸ੍ਰੀ ਮੁਕਤਸਰ ਸਾਹਿਬ ’ਚ ਜ਼ਿਲ੍ਹਾ ਪੱਧਰੀ ਸਵੀਪ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ, ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

19 Nov 2026 | 10 Views

ਸ੍ਰੀ ਮੁਕਤਸਰ ਸਾਹਿਬ ’ਚ ਜ਼ਿਲ੍ਹਾ ਪੱਧਰੀ ਸਵੀਪ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ, ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ ਵਿੱਚ ਭਾਰਤ ਚੋਣ ਕਮਿਸ਼ਨ ਦੀ ਵੋਟਰ ਜਾਗਰੂਕਤਾ ਮੁਹਿੰਮ (SVEEP) ਤਹਿਤ ਜ਼ਿਲ੍ਹਾ ਪੱਧਰੀ ਲੇਖ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਤੋਂ ਚੁਣੇ ਗਏ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ, ਚੋਣ ਪ੍ਰਕਿਰਿਆ ਅਤੇ ਲੋਕਤੰਤਰ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਇਹ ਸਮਾਗਮ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਕੰਚਨ ਦੀ ਰਹਿਨੁਮਾਈ ਵਿੱਚ ਕਰਵਾਇਆ ਗਿਆ।

ਵੱਖ-ਵੱਖ ਹਲਕਿਆਂ ਦੇ ਵਿਦਿਆਰਥੀਆਂ ਨੇ ਦਿਖਾਈ ਪ੍ਰਤਿਭਾ

ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹੋਏ ਮੁੱਢਲੇ ਮੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਿਆ। ਹਰੇਕ ਹਲਕੇ ਵਿੱਚੋਂ 10 ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਲੇਖ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਅਤੇ ਲੋਕਤੰਤਰੀ ਪ੍ਰਣਾਲੀ ਨਾਲ ਜੁੜੇ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ ਭਾਰਤੀ ਚੋਣ ਪ੍ਰਣਾਲੀ, ਵੋਟ ਦੇ ਅਧਿਕਾਰ ਅਤੇ ਆਮ ਗਿਆਨ ਨਾਲ ਸਬੰਧਤ ਸਵਾਲ ਪੁੱਛੇ ਗਏ।

ਲੇਖ ਮੁਕਾਬਲੇ ਦੇ ਜੇਤੂ ਵਿਦਿਆਰਥੀ

ਲੇਖ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਾਂਦੇਵਾਲਾ ਦੇ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇ.ਐਨ.ਜੀ. ਡੀ.ਏ.ਵੀ. ਪਬਲਿਕ ਸਕੂਲ ਗਿੱਦੜਬਾਹਾ ਦੀ ਮਨਮੀਤ ਕੌਰ ਦੂਜੇ ਸਥਾਨ ’ਤੇ ਰਹੀ।

ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਸਤਵੀਰ ਕੌਰ ਨੇ, ਚੌਥਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਦੇ ਅਭਿਜੋਤ ਸਿੰਘ ਨੇ ਅਤੇ ਪੰਜਵਾਂ ਸਥਾਨ ਸਰਕਾਰੀ ਹਾਈ ਸਕੂਲ ਸੱਕਾਂਵਾਲੀ ਦੀ ਮਨਦੀਪ ਕੌਰ ਨੇ ਪ੍ਰਾਪਤ ਕੀਤਾ।

ਕੁਇਜ਼ ਮੁਕਾਬਲੇ ਵਿੱਚ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਕੁਇਜ਼ ਮੁਕਾਬਲੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਰਕ ਖੇੜਾ ਦੀ ਹਰਜੋਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਰਕਾਰੀ ਹਾਈ ਸਕੂਲ ਭੰਗਚੜੀ ਦੀ ਜਸ਼ਨਦੀਪ ਕੌਰ ਦੂਜੇ ਸਥਾਨ ’ਤੇ ਰਹੀ।

ਦਸ਼ਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਾਦਲ ਦੀ ਪ੍ਰਭਜੋਤ ਕੌਰ ਨੇ ਤੀਜਾ, ਸਰਕਾਰੀ ਹਾਈ ਸਕੂਲ ਬਰਕੰਦੀ ਦੇ ਮਾਨਿਕ ਸੱਚਦੇਵਾ ਨੇ ਚੌਥਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਏਕਮਦੀਪ ਕੌਰ ਨੇ ਪੰਜਵਾਂ ਸਥਾਨ ਪ੍ਰਾਪਤ ਕੀਤਾ।

ਦੋਵਾਂ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਨਰਿੰਦਰ ਸਿੰਘ ਧਾਲੀਵਾਲ ਵੱਲੋਂ ਭੇਜੇ ਗਏ ਸਰਟੀਫਿਕੇਟਾਂ ਰਾਹੀਂ ਸਨਮਾਨਿਤ ਕੀਤਾ ਗਿਆ।

ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨਾ ਮੁੱਖ ਉਦੇਸ਼

ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਜਸਵਿੰਦਰ ਪਾਲ ਸ਼ਰਮਾ ਨੇ ਦੱਸਿਆ ਕਿ ਸਵੀਪ ਭਾਰਤ ਚੋਣ ਕਮਿਸ਼ਨ ਦਾ ਇੱਕ ਮਹੱਤਵਪੂਰਨ ਪ੍ਰੋਗਰਾਮ ਹੈ, ਜਿਸ ਦਾ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਅਤੇ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਅਜਿਹੇ ਮੁਕਾਬਲੇ ਕਰਵਾਉਣ ਨਾਲ ਵਿਦਿਆਰਥੀਆਂ ਨੂੰ ਲੋਕਤੰਤਰ ਅਤੇ ਨਾਗਰਿਕ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਮਿਲਦੀ ਹੈ। ਵਿਦਿਆਰਥੀ ਇਸ ਜਾਣਕਾਰੀ ਨੂੰ ਆਪਣੇ ਪਰਿਵਾਰਾਂ ਅਤੇ ਸਮਾਜ ਤੱਕ ਪਹੁੰਚਾ ਕੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕਰ ਸਕਦੇ ਹਨ।

ਇਸ ਮੌਕੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਅਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੀਆਂ ਸਵੀਪ ਟੀਮਾਂ ਨੇ ਵੀ ਸ਼ਮੂਲੀਅਤ ਕੀਤੀ। ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਚੋਣ ਤਹਿਸੀਲਦਾਰ ਵਿਭੂ ਜੈਨ ਵੱਲੋਂ ਕੀਤਾ ਗਿਆ।

Categories: Punjab

Tags: None

Published on: 19 Nov 2026

Guraashish Singh Dhaliwal
Mobile N/A
📣 Share this post

Latest News