ਸ੍ਰੀ ਮੁਕਤਸਰ ਸਾਹਿਬ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਨਾਈਟ ਡੋਮੀਨੇਸ਼ਨ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਐਸ.ਐਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਪੂਰੇ ਜ਼ਿਲ੍ਹੇ ਵਿੱਚ 44 ਪੁਲਿਸ ਨਾਕੇ ਲਗਾਏ ਗਏ, ਜਿੱਥੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਇਸ ਮੁਹਿੰਮ ਦਾ ਮੁੱਖ ਉਦੇਸ਼ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ, ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਸੀ।
ਐਸ.ਐਸ.ਪੀ. ਨੇ ਖੁਦ ਵੱਖ-ਵੱਖ ਨਾਕਿਆਂ ਦਾ ਲਿਆ ਜਾਇਜ਼ਾ
ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਰਾਤ ਸਮੇਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਪੁਲਿਸ ਨਾਕਾਬੰਦੀ ਅਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਨਾਕਿਆਂ ’ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੂਰੀ ਚੌਕਸੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ।
ਇਹ ਚੈਕਿੰਗ ਮੁਹਿੰਮ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਦੀਆਂ ਚਾਰਾਂ ਸਬ-ਡਿਵੀਜ਼ਨਾਂ ਵਿੱਚ ਚਲਾਈ ਗਈ। ਇਸ ਦੌਰਾਨ 1 ਐਸ.ਪੀ., 6 ਡੀ.ਐਸ.ਪੀ. ਅਤੇ 460 ਤੋਂ ਵੱਧ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਟੀਮਾਂ ਨੇ ਹਿੱਸਾ ਲਿਆ। ਇੰਟਰ-ਸਟੇਟ ਅਤੇ ਸਟੇਟ ਬਾਊਂਡਰੀ ਪੁਆਇੰਟਾਂ ’ਤੇ ਵੀ ਵਿਸ਼ੇਸ਼ ਨਿਗਰਾਨੀ ਰੱਖੀ ਗਈ।
ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਜਨਤਕ ਥਾਵਾਂ ’ਤੇ ਚੈਕਿੰਗ
ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਮੁੱਖ ਸੜਕਾਂ, ਪਾਰਕਾਂ, ਰਿਜ਼ੋਰਟਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਸ਼ੇਸ਼ ਜਾਂਚ ਕੀਤੀ ਗਈ। ਪੀ.ਸੀ.ਆਰ. ਮੋਟਰਸਾਈਕਲ ਟੀਮਾਂ ਨੇ ਰਾਤ ਸਮੇਂ ਗਸ਼ਤ ਅਤੇ ਫਲੈਗ ਮਾਰਚ ਕਰਦਿਆਂ ਸ਼ੱਕੀ ਵਿਅਕਤੀਆਂ ਤੇ ਵਾਹਨਾਂ ’ਤੇ ਨਜ਼ਰ ਰੱਖੀ।
ਰੇਲਵੇ ਸਟੇਸ਼ਨਾਂ ’ਤੇ ਯਾਤਰੀਆਂ ਦੇ ਸਮਾਨ ਦੀ ਜਾਂਚ ਅਤੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਜੀ.ਆਰ.ਪੀ. ਨਾਲ ਤਾਲਮੇਲ ਕਰਕੇ ਪਛਾਣ ਦੀ ਪੁਸ਼ਟੀ ਵੀ ਕੀਤੀ ਗਈ। ਪੁਲਿਸ ਵੱਲੋਂ PAIS ਐਪ ਦੀ ਮਦਦ ਨਾਲ ਸ਼ੱਕੀ ਵਿਅਕਤੀਆਂ ਦੇ ਪੁਲਿਸ ਰਿਕਾਰਡ ਦੀ ਮੌਕੇ ’ਤੇ ਜਾਂਚ ਕੀਤੀ ਗਈ।
ਇਸੇ ਤਰ੍ਹਾਂ ਬੱਸ ਸਟੈਂਡਾਂ ਅਤੇ ਹੋਰ ਜਨਤਕ ਥਾਵਾਂ ਨੇੜੇ ਲੰਬੇ ਸਮੇਂ ਤੋਂ ਖੜ੍ਹੇ ਲਾਵਾਰਿਸ ਜਾਂ ਸ਼ੱਕੀ ਵਾਹਨਾਂ ਦੀ VAHAN ਐਪ ਰਾਹੀਂ ਤਸਦੀਕ ਕੀਤੀ ਗਈ।
ਟ੍ਰੈਫਿਕ ਨਿਯਮ ਤੋੜਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਰਵਾਈ
ਨਾਕਾਬੰਦੀ ਦੌਰਾਨ ਪੁਲਿਸ ਨੇ ਵਾਹਨਾਂ ਦੇ ਦਸਤਾਵੇਜ਼ਾਂ, ਨੰਬਰ ਪਲੇਟਾਂ ਅਤੇ ਹੋਰ ਜ਼ਰੂਰੀ ਚੀਜ਼ਾਂ ਦੀ ਜਾਂਚ ਕੀਤੀ। ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ, ਮੋਡੀਫਾਈਡ ਸਾਈਲੈਂਸਰ ਲਗਾਉਣ ਵਾਲਿਆਂ, ਡਿਮ ਲਾਈਟਾਂ ਦੀ ਵਰਤੋਂ ਕਰਨ ਵਾਲਿਆਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਚਾਲਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ।
ਐਸ.ਐਸ.ਪੀ. ਨੇ ਲੋਕਾਂ ਨੂੰ ਕੀਤੀ ਅਪੀਲ
ਐਸ.ਐਸ.ਪੀ. ਅਭਿਮੰਨਿਊ ਰਾਣਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਰੱਖਣ ਲਈ ਪੁਲਿਸ ਵੱਲੋਂ ਲਗਾਤਾਰ ਚੌਕਸੀ ਵਰਤੀ ਜਾ ਰਹੀ ਹੈ। ਉਹ ਖੁਦ ਵੀ ਸਮੇਂ-ਸਮੇਂ ’ਤੇ ਰਾਤ ਸਮੇਂ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਪੁਲਿਸ ਦੀ ਕਾਰਗੁਜ਼ਾਰੀ ਅਤੇ ਨਾਕਾਬੰਦੀ ਦਾ ਜਾਇਜ਼ਾ ਲੈਂਦੇ ਹਨ।
ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਹਦਾਇਤ ਕੀਤੀ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਹਰ ਸ਼ੱਕੀ ਵਿਅਕਤੀ ਤੇ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਅਪਰਾਧਿਕ ਗਤੀਵਿਧੀਆਂ ਜਾਂ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਆਲੇ-ਦੁਆਲੇ ਕਿਸੇ ਵੀ ਸ਼ੱਕੀ ਵਿਅਕਤੀ, ਵਾਹਨ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ।
ਲੋਕਾਂ ਲਈ ਜ਼ਰੂਰੀ ਸੰਪਰਕ ਨੰਬਰ:
- ਪੁਲਿਸ ਕੰਟਰੋਲ ਰੂਮ: 80549-42100
- ਐਮਰਜੈਂਸੀ ਹੈਲਪਲਾਈਨ: 112