ਫਾਜ਼ਿਲਕਾ, 22 ਸਤੰਬਰ
ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਆਯੋਜਿਤ ਇੱਕ ਵਿਸ਼ੇਸ਼ ਸਮਾਗਮ ਦੌਰਾਨ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਾਲੇ ਕਾਰਡ ਵੰਡੇ ਗਏ। ਇਸ ਪਹਿਲਕਦਮੀ ਦਾ ਮੁੱਖ ਮਕਸਦ ਖੇਤਰ ਦੇ ਹਰ ਜ਼ਰੂਰਤਮੰਦ ਪਰਿਵਾਰ ਤੱਕ ਮਿਆਰੀ ਅਤੇ ਵਧੀਆ ਸਿਹਤ ਸਹੂਲਤਾਂ ਪਹੁੰਚਾਉਣਾ ਹੈ।
ਇਸ ਮੌਕੇ 'ਤੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਸਿਹਤ ਯੋਜਨਾ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਵੱਡਾ ਸਹਾਰਾ ਬਣਨਗੇ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਇਲਾਜ ਦੇ ਖਰਚੇ ਕਰਕੇ ਚੰਗੀਆਂ ਸਿਹਤ ਸੇਵਾਵਾਂ ਤੋਂ ਵਾਂਝਾ ਨਹੀਂ ਰਹੇਗਾ। ਕਾਰਡ ਧਾਰਕ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਣਗੇ।
ਉਨ੍ਹਾਂ ਦੱਸਿਆ ਕਿ ਸਿਰਫ਼ ਫਾਜ਼ਿਲਕਾ ਸ਼ਹਿਰ ਦੇ 6,676 ਸਿਹਤ ਯੋਜਨਾ ਕਾਰਡ ਬਣ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿਚ ਜਲਦ ਹੀ ਹਰ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਇਹ ਸਿਹਤ ਯੋਜਨਾ ਦਾ ਕਾਰਡ ਬਣਾਇਆ ਜਾਵੇਗਾ ਜਿਸ ਨਾਲ ਕੋਈ ਵੀ ਲੋੜਵੰਦ ਪਰਿਵਾਰ ਸਿਹਤ ਸਹੂਲਤਾਂ ਤੋਂ ਵਾਝਾਂ ਨਹੀਂ ਰਹੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਵਾਅਦਿਆਂ ਨੂੰ ਹਰ ਹਾਲ ਪੂਰਾ ਕੀਤਾ ਗਿਆ ਹੈ।
ਉਨ੍ਹਾਂ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਅਮਲੇ ਨੂੰ ਵੀ ਹਦਾਇਤ ਕੀਤੀ ਕਿ ਹਸਪਤਾਲ ਵਿੱਚ ਆਉਣ ਵਾਲੇ ਹਰ ਮਰੀਜ਼ ਦਾ ਪੂਰੀ ਲਗਨ ਅਤੇ ਹਮਦਰਦੀ ਨਾਲ ਇਲਾਜ ਕੀਤਾ ਜਾਵੇ। ਇਸ ਸਮਾਗਮ ਦੌਰਾਨ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਡਾਕਟਰਾਂ ਸਮੇਤ ਪਿੰਡ ਓਝਾਂ ਵਾਲੀ ਦੇ ਸਰਪੰਚ ਹਰਨੇਕ ਸਿੰਘ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਲਾਭਪਾਤਰੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਅਤੇ ਵਿਧਾਇਕ ਸਵਨਾ ਦਾ ਧੰਨਵਾਦ ਕੀਤਾ।
Sports