Punjab
13 Jul 2026 | 8 Views
ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੋਵੇਗਾ ਨਿਪਟਾਰਾ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 13 ਜੁਲਾਈ:
ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ ਅਤੇ ਸਰਕਾਰੀ ਵਿਭਾਗਾਂ ਵਿੱਚ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਕਹੀ। ਇਸ ਮੌਕੇ ਪ੍ਰੋਫੈਸਰ ਆਸ਼ੂਤੋਸ਼, ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ, ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਮੀਟਿੰਗ ਦੌਰਾਨ ਪ੍ਰੋਫੈਸਰ ਆਸ਼ੂਤੋਸ਼ ਨੇ ਕਿਹਾ ਕਿ ਵਪਾਰੀਆਂ ਨਾਲ ਸਬੰਧਿਤ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜ਼ਿਲ੍ਹਾ ਪੱਧਰ ’ਤੇ ਹੱਲ ਨਹੀਂ ਹੋ ਸਕਦੀਆਂ, ਉਨ੍ਹਾਂ ਨੂੰ ਮੁੱਖ ਦਫ਼ਤਰ ਪੱਧਰ ’ਤੇ ਉਠਾ ਕੇ ਹੱਲ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕਰਕੇ ਪ੍ਰਾਪਤ ਸ਼ਿਕਾਇਤਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਨਗਰ ਕੌਂਸਲਾਂ, ਪਾਵਰਕਾਮ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਵੱਲੋਂ ਮਿਲਣ ਵਾਲੀਆਂ ਸ਼ਿਕਾਇਤਾਂ ਦਾ ਆਪਸੀ ਤਾਲਮੇਲ ਨਾਲ ਜਲਦ ਅਤੇ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਖਾਸ ਤੌਰ ’ਤੇ ਸਟਰੀਟ ਲਾਈਟਾਂ ਅਤੇ ਸਾਫ਼-ਸਫ਼ਾਈ ਦੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤਣ ਦੇ ਨਿਰਦੇਸ਼ ਵੀ ਦਿੱਤੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਡੈਵੀ ਗੋਇਲ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਗਿੱਦੜਬਾਹਾ ਸ੍ਰੀ ਅਰਵਿੰਦਰਪਾਲ ਸਿੰਘ, ਐਸ.ਡੀ.ਐਮ. ਮਲੋਟ ਸ੍ਰੀ ਪੰਕਜ ਕੁਮਾਰ, ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਵੀ ਹਾਜ਼ਰ ਸਨ।
Categories: Punjab
Tags: None
Published on: 13 Jul 2026